SKM ਦੇ ਆਗੂਆਂ ਨਾਲ ਖੇਤੀਬਾੜੀ ਮੰਤਰੀ ਧਾਲੀਵਾਲ ਦੀ ਮੀਟਿੰਗ, ਕਹੀਆਂ ਇਹ ਗੱਲਾਂ

Friday, Jul 22, 2022 - 07:26 PM (IST)

SKM ਦੇ ਆਗੂਆਂ ਨਾਲ ਖੇਤੀਬਾੜੀ ਮੰਤਰੀ ਧਾਲੀਵਾਲ ਦੀ ਮੀਟਿੰਗ, ਕਹੀਆਂ ਇਹ ਗੱਲਾਂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਹਿੱਤ ਹਰ ਸੰਭਵ ਹੰਭਲਾ ਮਾਰਨ ਲਈ ਪੂਰਨ ਤੌਰ 'ਤੇ ਵਚਨਬੱਧ ਹੈ ਕਿਉਂਕਿ ਕਿਸਾਨੀ ਇਸ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹੈ। ਇਸੇ ਤਹਿਤ ਸੂਬਾ ਸਰਕਾਰ ਦਾ ਇਹ ਤਹੱਈਆ ਹੈ ਕਿ ਗੰਨਾ ਕਿਸਾਨਾਂ ਨੂੰ ਨਿੱਜੀ ਮਿੱਲਾਂ ਹੱਥੋਂ ਤੰਗ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਥਾਨਕ ਸੈਕਟਰ-35 ਦੇ ਮਿਊਂਸੀਪਲ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਨਿੱਜੀ ਗੰਨਾ ਮਿੱਲਾਂ ਦੇ ਮਾਲਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਕਿਸਾਨਾਂ ਦੀਆਂ ਬਾਕੀ ਅਦਾਇਗੀਆਂ ਸਮੇਂ ਸਿਰ ਕਰਨ ਲਈ ਕਿਹਾ ਜਾਵੇਗਾ ਤੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਮਿੱਲ ਬੰਦ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਨਵ-ਨਿਯੁਕਤ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਜੀਵਨ ਦੇ ਅਣਛੂਹੇ ਪਹਿਲੂ

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਗੰਨੇ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ, ਭਾਵੇਂ ਸਰਕਾਰ ਨੂੰ ਗੰਨਾ ਮਿੱਲਾਂ ਦੀ ਜ਼ਿੰਮੇਵਾਰੀ ਖੁਦ ਕਿਉਂ ਨਾ ਸਾਂਭਣੀ ਪਵੇ। ਕਿਸਾਨ ਹਿਤੈਸ਼ੀ ਪਹਿਲਕਦਮੀਆਂ ਬਾਰੇ ਖੁਲਾਸਾ ਕਰਦਿਆਂ ਮੰਤਰੀ ਨੇ ਦੱਸਿਆ ਕਿ ਜਿਥੋਂ ਤੱਕ ਸਹਿਕਾਰੀ ਮਿੱਲਾਂ ਵੱਲ ਗੰਨਾ ਕਿਸਾਨਾਂ ਦੇ 300 ਕਰੋੜ ਰੁਪਏ ਦੇ ਬਕਾਏ ਦਾ ਸਬੰਧ ਹੈ ਤਾਂ ਇਹ 3 ਕਿਸ਼ਤਾਂ ਵਿੱਚ ਅਦਾ ਕੀਤਾ ਜਾਵੇਗਾ। ਇਸ ਵਿੱਚੋਂ 100 ਕਰੋੜ ਰੁਪਏ ਦੀ ਪਹਿਲੀ ਕਿਸ਼ਤ 30 ਜੁਲਾਈ ਤੱਕ ਅਦਾ ਕੀਤੀ ਜਾਵੇਗੀ, ਜਦੋਂ ਕਿ 100 ਕਰੋੜ ਰੁਪਏ ਦੀ ਹੀ ਦੂਜੀ ਕਿਸ਼ਤ 30 ਅਗਸਤ ਤੱਕ ਜਾਰੀ ਹੋਵੇਗੀ। ਆਖਰੀ ਕਿਸ਼ਤ ਜੋ ਕਿ 100 ਕਰੋੜ ਰੁਪਏ ਦੀ ਹੀ ਹੋਵੇਗੀ, 15 ਸਤੰਬਰ ਤੱਕ ਜਾਰੀ ਹੋਵੇਗੀ। ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ਦੀਆਂ ਗੰਨਾ ਮਿੱਲਾਂ ਨੂੰ ਅਤਿ-ਆਧੁਨਿਕ ਮਸ਼ੀਨਰੀ ਨਾਲ ਲੈਸ ਕਰਨਾ ਸੂਬਾ ਸਰਕਾਰ ਦੀਆਂ ਤਰਜੀਹਾਂ 'ਚੋਂ ਇਕ ਹੈ। ਇਸੇ ਲੜੀ ਤਹਿਤ ਬਟਾਲਾ ਅਤੇ ਗੁਰਦਾਸਪੁਰ ਦੀਆਂ ਮਿੱਲਾਂ ਵਿੱਚ ਨਵੀਂ ਮਸ਼ੀਨਰੀ ਸਥਾਪਤ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਦ੍ਰੌਪਦੀ ਮੁਰਮੂ ਭਾਰਤ ਦੀ ਪਹਿਲੀ ਮਹਿਲਾ ਆਦੀਵਾਸੀ ਰਾਸ਼ਟਰਪਤੀ ਬਣੀ, ਯਸ਼ਵੰਤ ਸਿਨਹਾ ਨੂੰ ਹਰਾਇਆ

ਮੰਤਰੀ ਨੇ ਦੱਸਿਆ ਕਿ ਚਿੱਟੀ ਮੱਖੀ ਦੇ ਹਮਲੇ ਕਾਰਨ ਨਰਮਾ ਪੱਟੀ ਜਿਸ ਵਿੱਚ ਬਰਨਾਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਦੇ ਇਲਾਕੇ ਆਉਂਦੇ ਹਨ, ਦੀ ਨੁਕਸਾਨੀ ਗਈ ਫਸਲ ਦਾ ਜਾਇਜ਼ਾ ਲੈਣ ਲਈ ਸਰਕਾਰ ਵੱਲੋਂ ਬਣਾਈਆਂ ਗਈਆਂ ਟੀਮਾਂ ਨੇ ਹਾਲ ਹੀ 'ਚ 730 ਸਥਾਨਾਂ ਦਾ ਦੌਰਾ ਕੀਤਾ ਅਤੇ 28 ਜੁਲਾਈ ਨੂੰ ਹੀ ਫਿਰ ਤੋਂ ਇਹ ਟੀਮਾਂ ਨੁਕਸਾਨੇ ਇਲਾਕਿਆਂ ਦਾ ਦੌਰਾ ਕਰਨਗੀਆਂ। ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਖੋਰਾ ਲਾਉਣ ਲਈ ਜੋ ਕੋਈ ਵੀ ਨਕਲੀ ਦਵਾਈਆਂ ਅਤੇ ਕੀਟਨਾਸ਼ਕ ਵੇਚੇਗਾ, ਉਸ ਖ਼ਿਲਾਫ਼ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਮੁੱਖ ਸਕੱਤਰ (ਸਹਿਕਾਰਤਾ) ਰਵਨੀਤ ਕੌਰ, ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਸਰਵਜੀਤ ਸਿੰਘ ਅਤੇ ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਭਾਗ ਦੇ ਅਫ਼ਸਰ ਅਤੇ ਕਿਸਾਨ ਆਗੂ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News