ਰੇਤਾ ਦੀ ਗੈਰ-ਕਾਨੂੰਨੀ ਨਿਕਾਸੀ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਸਖਤ ਹੁਕਮ

03/27/2017 5:44:36 PM

ਫਾਜ਼ਿਲਕਾ/ਜਲਾਲਾਬਾਦ (ਸੇਤੀਆ) : ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਜ਼ਿਲੇ ਵਿਚ ਰੇਤ ਦੀ ਗੈਰ-ਕਾਨੂੰਨੀ ਨਿਕਾਸੀ ਨੂੰ ਸਖ਼ਤੀ ਨਾਲ ਰੋਕਣ ਦੇ  ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਉਨ੍ਹਾਂ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਦਿੱਤੇ। ਇਸ ਸਬੰਧੀ ਉਨ੍ਹਾਂ ਜ਼ਿਲੇ ਭਰ ਵਿਚ 8 ਚੌਕਸੀ ਟੀਮਾਂ ਦਾ ਗਠਨ ਕੀਤਾ ਹੈ। ਇਨਾਂ ਚੌਕਸੀ ਟੀਮਾਂ ਨੂੰ ਲਗਾਤਾਰ ਚੈਕਿੰਗ ਕਰਨ ਦੀ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਜਿੱਥੇ ਵੀ ਰੇਤ ਦੀ ਗੈਰ-ਕਾਨੂੰਨੀ ਨਿਕਾਸੀ ਦੀ ਸੂਚਨਾ ਜਾਂ ਖਦਸ਼ਾ ਹੋਵੇ, ਉਥੇ ਤੁਰੰਤ ਚੈਕਿੰਗ ਕਰਕੇ ਦੋਸ਼ੀਆਂ ਖਿਲਾਫ਼ ਬਣਦੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇ। ਇਸ ਮੌਕੇ ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਰੇਤ ਦੀ ਗੈਰ ਕਾਨੂੰਨੀ ਨਿਕਾਸੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਜਾਂ ਸ਼ਿਕਾਇਤ ਦਰਜ ਕਰਵਾਉਣ ਲਈ ਟੋਲ ਫਰੀ ਨੰਬਰ 01638-260555 ''ਤੇ ਸੰਪਰਕ ਕਰ ਸਕਦੇ ਹਨ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿਚ ਹੁਣ ਕਿਤੇ ਵੀ ਰੇਤ ਦੀਆਂ ਖਾਣਾਂ ਤੋਂ ਰੇਤ ਦੀ ਨਿਕਾਸੀ ਨਹੀਂ ਕੀਤੀ ਜਾ ਸਕਦੀ ਕਿਉਂਕਿ ਪਹਿਲਾਂ ਕਾਨੂੰਨੀ ਤੌਰ ''ਤੇ ਅਲਾਟ ਕੀਤੀਆਂ ਗਈਆਂ ਰੇਤ ਦੀਆਂ ਖੱਡਾਂ ਦੀ ਮਿਆਦ ਖ਼ਤਮ ਹੋ ਚੁੱਕੀ ਹੈ। ਇਸ ਲਈ ਹੁਣ ਕੋਈ ਵੀ ਕਾਨੂੰਨੀ ਤੌਰ ''ਤੇ ਕਿਸੇ ਵੀ ਰੇਤ ਦੇ ਖੱਡੇ ''ਤੋਂ ਰੇਤ ਨਹੀਂ ਕੱਢ ਸਕਦਾ।
ਇਸ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਐੱਸ.ਡੀ.ਐਮਜ਼, ਸਹਾਇਕ ਕਮਿਸ਼ਨਰ ਅਤੇ ਡਰੇਨਜ਼ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਨੂੰ ਟੀਮਾਂ ਵਿਚ ਸ਼ਾਮਲ ਕੀਤਾ ਗਿਆ ਹੈ। ਰੇਤੇ ਦੀ ਗੈਰ-ਕਾਨੂੰਨੀ ਨਿਕਾਸੀ ਨੂੰ ਰੋਕਣ ਲਈ ਸਖ਼ਤ ਹਦਾਇਤਾਂ ਦਿੰਦਿਆਂ ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲੇ ਦੀਆਂ ਡਰੇਨਾਂ ''ਤੇ ਤਿੱਖੀ ਨਜ਼ਰ ਰੱਖਣ ਤਾਂ ਜੋ ਕਿਸੇ ਵੀ ਡਰੇਨ ਤੋਂ ਰੇਤੇ ਦੀ ਗੈਰ ਕਾਨੂੰਨੀ ਨਿਕਾਸੀ ਨੂੰ ਰੋਕਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੇਤ ਦੀਆਂ ਖੱਡਾਂ ਨਾਲ ਸਬੰਧਤ ਪਟਵਾਰੀ, ਕਾਨੂੰਗੋ ਅਤੇ ਪੰਚਾਇਤ ਸੈਕਟਰੀ ਆਪਣੇ ਇਲਾਕੇ ਦੀਆਂ ਰੇਤ ਖੱਡਾਂ ''ਤੇ ਨਜ਼ਰ ਰੱਖਣਗੇ ਅਤੇ ਇਸ ਸਬੰਧੀ ਰੋਜ਼ਾਨਾ ਆਪਣੀ ਰਿਪੋਰਟ ਸਬੰਧਤ ਐਸ.ਡੀ.ਐਮ. ਦਫ਼ਤਰ ਨੂੰ ਦੇਣੀ ਯਕੀਨੀ ਬਣਾਉਣਗੇ। ਉਨ੍ਹਾਂ ਐਸ.ਡੀ.ਐਮਜ਼ ਨੂੰ ਆਦੇਸ਼ ਦਿੱਤੇ ਕਿ ਪਿੰਡਾਂ ਦੇ ਗੁਰਦੁਆਰਾ ਸਾਹਿਬ ਜਾਂ ਹੋਰ ਧਾਰਮਿਕ ਸਥਾਨਾਂ ਤੋਂ ਮੁਨਿਆਦੀ ਕਰਵਾ ਕੇ ਲੋਕਾਂ ਨੂੰ ਇਸ ਸਬੰਧੀ ਜਾਣੂੰ ਕਰਵਾਇਆ ਜਾਵੇ ਕਿ ਉਹ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਰੇਤ ਦੀ ਨਿਕਾਸੀ ਨਾ ਕਰਨ। ਉਨਾਂ ਦੱਸਿਆ ਕਿ ਗੈਰ -ਕਾਨੂੰਨੀ ਮਾਈਨਿੰਗ ਦੇ ਖਿਲਾਫ਼ ਚੱਲ ਰਹੀ ਮੁਹਿੰਮ ਤਹਿਤ ਹੁਣ ਤੱਕ ਜ਼ਿਲੇ ਭਰ ਵਿੱਚ 11 ਮਾਮਲੇ ਦਰਜ ਕੀਤੇ ਗਏ ਹਨ।

Gurminder Singh

This news is Content Editor Gurminder Singh