ਸੰਦੀਪ ਸਿੰਘ ਦੇ ਮਾਮਲੇ ’ਚ ਜ਼ੇਲ੍ਹ ਪ੍ਰਸ਼ਾਸਨ ਦਾ ਵਤੀਰਾ ਦੁਖਦਾਈ ਤੇ ਬੇਇਨਸਾਫ਼ੀ ਵਾਲਾ : ਐਡਵੋਕੇਟ ਧਾਮੀ

Wednesday, Sep 17, 2025 - 05:21 PM (IST)

ਸੰਦੀਪ ਸਿੰਘ ਦੇ ਮਾਮਲੇ ’ਚ ਜ਼ੇਲ੍ਹ ਪ੍ਰਸ਼ਾਸਨ ਦਾ ਵਤੀਰਾ ਦੁਖਦਾਈ ਤੇ ਬੇਇਨਸਾਫ਼ੀ ਵਾਲਾ : ਐਡਵੋਕੇਟ ਧਾਮੀ

ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਜ਼ੇਲ੍ਹ ਪ੍ਰਸ਼ਾਸਨ ਵੱਲੋਂ ਸੰਦੀਪ ਸਿੰਘ ਸੰਨੀ ਨਾਲ ਕੀਤੀ ਗਈ ਵਧੀਕੀ ਦਾ ਨੋਟਿਸ ਲੈਂਦਿਆਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦਾ ਅਜਿਹਾ ਵਰਤਾਰਾ ਬੇਹੱਦ ਦੁਖਦਾਈ ਅਤੇ ਬੇਇਨਸਾਫੀ ਵਾਲਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜ਼ੇਲ੍ਹ ਵਿਚ ਹੋਏ ਝਗੜੇ ਦੀ ਨਿਰਪੱਖ ਜਾਂਚ ਕਰਨ ਦੀ ਬਜਾਏ ਸੰਦੀਪ ਸਿੰਘ ਦੀ ਮਾਰਕੁਟਾਈ ਕਰਨਾ ਅਤੇ ਉਸ ਦੇ ਪਰਿਵਾਰ ਨੂੰ ਵੀ ਉਸ ਨਾਲ ਮਿਲਣ ਨਾ ਦੇਣਾ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਇਨਸਾਫ਼ ਦੇਣ ਦੀ ਬਜਾਏ ਸੰਦੀਪ ਸਿੰਘ ਨੂੰ ਪਟਿਆਲਾ ਤੋਂ ਸੰਗਰੂਰ ਜੇਲ੍ਹ ਵਿਚ ਤਬਦੀਲ ਕਰ ਦਿੱਤਾ ਜਦਕਿ ਅਦਾਲਤ ਵੱਲੋਂ ਕੀਤੇ ਹੁਕਮਾਂ ਦੀ ਵੀ ਪ੍ਰਵਾਹ ਨਹੀਂ ਕੀਤੀ। 

ਐਡਵੋਕੇਟ ਧਾਮੀ ਨੇ ਕਿਹਾ ਕਿ ਅਦਾਲਤ ਨੇ ਸੰਦੀਪ ਸਿੰਘ ਦਾ ਰਾਜਿੰਦਰਾ ਹਸਪਤਾਲ ਤੋਂ ਮੈਡੀਕਲ ਕਰਵਾਉਣ ਦਾ ਆਦੇਸ਼ ਕੀਤਾ ਸੀ, ਜਿਸ ਨੂੰ ਵੀ ਲਾਗੂ ਨਹੀਂ ਕੀਤਾ ਗਿਆ। ਸੰਦੀਪ ਸਿੰਘ ਨੂੰ ਨਾ ਤਾਂ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਵਕੀਲਾਂ ਨਾਲ ਮੁਲਾਕਾਤ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਅਜਿਹਾ ਵਰਤਾਰਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਸੰਦੀਪ ਸਿੰਘ ਖਿਲਾਫ਼ ਕੇਸ ਦਰਜ ਕਰਕੇ ਝੂਠੇ ਪੁਲਸ ਮੁਕਾਬਲਿਆਂ ਦੇ ਦੋਸ਼ ਵਿਚ ਸਜ਼ਾ ਕੱਟ ਰਹੇ ਪੁਲਸ ਵਾਲਿਆਂ ਨੂੰ ਬਚਾਉਣ ਦੇ ਯਤਨ ਹੋ ਰਹੇ ਹਨ। ਜੇਕਰ ਸੰਦੀਪ ਸਿੰਘ ਦਾ ਕਿਸੇ ਵੀ ਤਰ੍ਹਾਂ ਕੋਈ ਨੁਕਸਾਨ ਹੋਇਆ ਤਾਂ ਇਸ ਦੀ ਜ਼ਿੰਮੇਵਾਰੀ ਜ਼ੇਲ੍ਹ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਸੰਦੀਪ ਸਿੰਘ ਦੇ ਪਰਿਵਾਰ ਅਤੇ ਵਕੀਲਾਂ ਨੂੰ ਤੁਰੰਤ ਉਸ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਪਰਿਵਾਰ ਨੂੰ ਉਸ ਬਾਰੇ ਸਹੀ ਜਾਣਕਾਰੀ ਮਿਲ ਸਕੇ।


author

Gurminder Singh

Content Editor

Related News