ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨਾਲ ਦੇਸ਼ ਦੀ ਤਰੱਕੀ ਤੇ ਅਹਿਮ ਮੁੱਦਿਆਂ ਨੂੰ ਲੈ ਕੇ ਸੰਧੂ ਸਮੁੰਦਰੀ ਨੇ ਕੀਤੀ
Wednesday, Jan 14, 2026 - 10:04 PM (IST)
ਅੰਮ੍ਰਿਤਸਰ (ਛੀਨਾ) - ਭਾਜਪਾ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਤਿਨ ਨਬੀਨ ਨਾਲ ਸਾਬਕਾ ਰਾਜਦੂਤ ਤੇ ਭਾਜਪਾ ਦੇ ਸੀਨੀਅਰ ਲੀਡਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਅੱਜ ਇਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਦੇਸ਼ ਦੀ ਤਰੱਕੀ, ਪੰਜਾਬ ਦੀ ਮੌਜੂਦਾ ਸਥਿਤੀ ਅਤੇ ਖ਼ਾਸ ਕਰ ਕੇ ਅੰਮ੍ਰਿਤਸਰ ਜ਼ਿਲਾ ਦੇ ਵਿਕਾਸ ਨਾਲ ਸਬੰਧਤ ਅਹਿਮ ਮੁੱਦਿਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਰਾਸ਼ਟਰੀ ਪ੍ਰਧਾਨ ਨਬੀਨ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤੇਜ਼ੀ ਨਾਲ ਤਰੱਕੀ ਦੇ ਰਾਹ ’ਤੇ ਅੱਗੇ ਵਧ ਰਿਹਾ ਹੈ, ਜੋ ਕਿ ਦੇਸ਼ ਵਾਸੀਆਂ ਲਈ ਵੱਡੇ ਮਾਣ ਵਾਲੀ ਗੱਲ ਹੈ। ਸੰਧੂ ਸਮੁੰਦਰੀ ਨੇ ਰਾਸ਼ਟਰੀ ਪ੍ਰਧਾਨ ਦੇ ਧਿਆਨ ’ਚ ਲਿਆਂਦਾ ਕਿ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਅਤੇ ਖੇਤੀਬਾੜੀ ਸੈਕਟਰ ਨੂੰ ਆਧੁਨਿਕ ਤਕਨੀਕਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ।
ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਸਰਹੱਦੀ ਖੇਤਰ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਰਗੇ ਇਤਿਹਾਸਕ ਜ਼ਿਲੇ ’ਚ ਉਦਯੋਗਾਂ ਨੂੰ ਹੁਲਾਰਾ ਦੇ ਕੇ ਬੇਰੋਜ਼ਗਾਰ ਨੌਜਵਾਨਾਂ ਨੂੰ ਮੁੱਖ ਧਾਰਾ ਨਾਲ ਜੋੜਿਆ ਜਾ ਸਕਦਾ ਹੈ। ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਸੰਧੂ ਸਮੁੰਦਰੀ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਪੰਜਾਬ ਦੀ ਤਰੱਕੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਨਿਤਿਨ ਨਬੀੇਨ ਨੇ ਤਰਨਜੀਤ ਸਿੰਘ ਸੰਧੂ ਸਮੁੰਦਰੀ ਵੱਲੋਂ ਇਲਾਕੇ ’ਚ ਕੀਤੇ ਜਾ ਰਹੇ ਲੋਕ-ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਰਟੀ ਨੂੰ ਅਜਿਹੇ ਤਜਰਬੇਕਾਰ ਤੇ ਦੂਰਅੰਦੇਸ਼ ਆਗੂਆਂ ਦੀ ਲੋੜ ਹੈ ਜੋ ਸਿੱਧੇ ਤੌਰ ’ਤੇ ਜਨਤਾ ਨਾਲ ਜੁੜੇ ਹੋਏ ਹਨ। ਅਖ਼ੀਰ ’ਚ ਸੰਧੂ ਸਮੁੰਦਰੀ ਨੇ ਰਾਸ਼ਟਰੀ ਪ੍ਰਧਾਨ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਉਣ ਵਾਲੇ ਸਮੇਂ ’ਚ ਵੀ ਪੰਜਾਬ ਦੇ ਹਿੱਤਾਂ ਦੀ ਆਵਾਜ਼ ਨੂੰ ਕੇਂਦਰੀ ਲੀਡਰਸ਼ਿਪ ਤੱਕ ਇਸੇ ਤਰ੍ਹਾਂ ਪਹੁੰਚਾਉਂਦੇ ਰਹਿਣਗੇ।
A pleasure meeting Nitin Nabin ji. Had a meaningful exchange on key issues of importance and shared priorities, and congratulated him on his appointment. pic.twitter.com/IzOJosB5sO
— Taranjit Singh Sandhu (@SandhuTaranjitS) January 14, 2026
