ਭਗਵੰਤ ਮਾਨ ਨੇ ਹਲਕੇ ਦਾ ਵਿਕਾਸ ਕਰਨ ਦੀ ਬਜਾਏ 5 ਸਾਲ ਚੁੱਟਕਲੇ ਹੀ ਸੁਣਾਏ : ਢਿੱਲੋਂ
Friday, May 10, 2019 - 03:42 PM (IST)

ਸੰਗਰੂਰ/ਬਰਨਾਲਾ(ਵਿਵੇਕ ਸਿੰਧਵਾਨੀ, ਰਵੀ) : ਸੰਗਰੂਰ ਲੋਕ ਸਭਾ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖੇ ਸ਼ਬਦੀ ਵਾਰ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਤਾਂ ਸਿਰਫ ਇਕ ਪਰਿਵਾਰ ਦੀ ਜਾਗੀਰ ਬਣ ਕੇ ਰਹਿ ਗਿਆ ਹੈ। ਗੁਰੂ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਬਾਦਲਾਂ ਨੂੰ ਲੋਕ ਨਹੀਂ ਬਖਸ਼ਣਗੇ। ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ 'ਤੇ ਟਿੱਪਣੀ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਥੋਂ ਦੇ ਮੈਂਬਰ ਪਾਰਲੀਮੈਂਟ ਨੇ ਸਿਰਫ ਚੁੱਟਕਲੇ ਹੀ ਸੁਣਾ ਦਿੱਤੇ, ਜਦਕਿ ਸੰਗਰੂਰ ਹਲਕੇ ਦੇ ਵਿਕਾਸ ਲਈ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਨੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਕੇ ਵੋਟਾਂ ਬਟੋਰੀਆਂ ਪਰ ਹੁਣ ਲੋਕ ਇਨ੍ਹਾਂ ਦੀ ਚਾਲ ਸਮਝ ਚੁਕੇ ਹਨ ਅਤੇ ਆਗਾਮੀ ਲੋਕ ਸਭਾ ਚੋਣਾਂ ਵਿਚ ਲੋਕ ਇਨ੍ਹਾਂ ਦਾ ਅਸਲ ਚਿਹਰਾ ਬੇਨਕਾਬ ਕਰਨਗੇ।
ਕੇਵਲ ਸਿੰਘ ਢਿੱਲੋਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਹੀ ਆਪਣੇ ਇਲਾਕੇ ਦਾ ਵਿਕਾਸ ਕਰਨਾ ਅਤੇ ਕੇਂਦਰ ਵਿਚ ਕਾਂਗਰਸ ਸਰਕਾਰ ਬਣਦੇ ਹੀ ਸੰਗਰੂਰ ਲੋਕ ਸਭਾ ਹਲਕੇ ਦੇ ਅੰਦਰ ਇਕ ਵੱਡੀ ਪੈਪਸੀਕੋ ਵਰਗੀ ਇੰਡਸਟਰੀ ਸਥਾਪਤ ਕਰਨਾ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਹਸਪਤਾਲ ਸਥਾਪਿਤ ਕਰਨ ਦੇ ਨਾਲ-ਨਾਲ ਸਿੱਖਿਆ ਦਾ ਮਿਆਰ ਉੱਚਾ ਚੁੱਕਣਾ ਹੈ।