5178 ਅਧਿਆਪਕਾਂ ਨੂੰ ਲੋਹਡ਼ੀ ਮੌਕੇ ਉਪਹਾਰ ਵਜੋਂ ਪੰਜਾਬ ਸਰਕਾਰ ਨੇ ਦਿੱਤਾ ਪੂਰੀ ਤਨਖਾਹ ’ਤੇ ਪੱਕਾ ਕਰਨ ਦਾ ਤੋਹਫ਼ਾ : ਉਪਲੀ
Friday, Jan 18, 2019 - 09:40 AM (IST)

ਸੰਗਰੂਰ (ਵਿਵੇਕ ਸਿੰਧਵਾਨੀ,ਰਵੀ)-ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਲੋਹਡ਼ੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਵਧਾਈ ਦਿੰਦਿਆਂ 5178 ਅਧਿਆਪਕਾਂ ਨੂੰ ਉਪਹਾਰ ਵਜੋਂ ਅਗਲੇ ਮਹੀਨੇ ਫਰਵਰੀ ਤੋਂ ਪੂਰੀ ਤਨਖਾਹ ’ਤੇ ਪੱਕਾ ਕਰਨ ਦਾ ਵਾਅਦਾ ਕੀਤਾ ਹੈ। ਗੱਲਬਾਤ ਕਰਦਿਆਂ ਯੂਥ ਕਾਂਗਰਸ ਦੇ ਪ੍ਰਧਾਨ ਡਿੰਪਲ ਉਪਲੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ, ਜਿਸ ਤਹਿਤ ਅਧਿਆਪਕਾਂ ਨੂੰ ਪੱਕੇ ਕੀਤਾ ਜਾ ਰਿਹਾ ਹੈ ਤਾਂ ਕਿ ਉਹ ਤਨ-ਮਨ ਨਾਲ ਬੱਚਿਆਂ ਦੀ ਪਡ਼੍ਹਾਈ ਵੱਲ ਧਿਆਨ ਦੇ ਸਕੇ। ਉਨ੍ਹਾਂ ਕਿਹਾ ਕਿ ਸਕੂਲਾਂ ’ਚ ਪਡ਼੍ਹਾ ਰਹੇ ਸਿੱਖਿਆ ਪ੍ਰੋਵਾਈਡਰ ਅਤੇ ਵਲੰਟੀਅਰ ਟੀਚਰਜ਼ ਦੀਆਂ ਤਨਖਾਹਾਂ ’ਚ ਵੀ ਅਗਲੇ ਮਹੀਨੇ ਤੋਂ 1500 ਰੁ. ਮਹੀਨਾ ਦਾ ਵਾਧਾ ਕੀਤਾ ਜਾ ਰਿਹਾ ਹੈ। ਧਰਨੇ ਪ੍ਰਦਰਸ਼ਨਾਂ ’ਚ ਹਿੱਸਾ ਲੈਣ ਵਾਲੇ ਜਿਨ੍ਹਾਂ ਅਧਿਆਪਕਾਂ ਨੂੰ ਸਸਪੈਂਡ ਕੀਤਾ ਗਿਆ ਸੀ, ਉਨ੍ਹਾਂ ਨੂੰ ਵੀ ਸਿੱਖਿਆ ਵਿਭਾਗ ਨੇ ਬਹਾਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ, ਜਿਨ੍ਹਾਂ ਅਧਿਆਪਕਾਂ ਦੀ ਡਿਊਟੀ ਦੂਰ-ਦੁਰਾਡੇ ਦੇ ਇਲਾਕਿਆਂ ’ਚ ਲਗਾਈ ਗਈ ਸੀ, ਉਨ੍ਹਾਂ ਨੂੰ ਵੀ ਵਿਭਾਗ ਨੇ ਪੁਰਾਣੀ ਡਿਊਟੀ ਸੌਂਪ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਪਣਾ ਵਾਅਦਾ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵੀ ਐਲਾਨ ਕਰ ਦਿੱਤਾ ਹੈ। ਜਲਦੀ ਹੀ ਨੌਜਵਾਨਾਂ ਨੂੰ ਸਮਾਰਟਫੋਨ ਮੁਹੱਈਆ ਕਰਵਾਏ ਜਾਣਗੇ। ਰੋਜ਼ਗਾਰ ਮੇਲਿਆਂ ’ਚ ਨੌਜਵਾਨਾਂ ਨੂੰ ਰੋਜ਼ਗਾਰ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਤਰ੍ਹਾਂ ਪੰਜਾਬ ਸਰਕਾਰ ਚੋਣਾਂ ਸਮੇਂ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਬਚਨਬੱਧ ਹੈ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਵੀ ਕਾਂਗਰਸ 13 ਦੀਆਂ 13 ਸੀਟਾਂ ’ਤੇ ਜਿੱਤ ਪ੍ਰਾਪਤ ਕਰੇਗੀ।