ਅੱਵਲ ਰਹਿਣ ਵਾਲੇ ਵਿਦਿਆਰਥੀ ਸਨਮਾਨਤ

Saturday, Mar 16, 2019 - 04:15 AM (IST)

ਅੱਵਲ ਰਹਿਣ ਵਾਲੇ ਵਿਦਿਆਰਥੀ ਸਨਮਾਨਤ
ਸੰਗਰੂਰ (ਕਾਂਸਲ)-ਜ਼ਿਲਾ ਸਿੱਖਿਆ ਅਫ਼ਸਰ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਰਜਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਜ਼ਿਲਾ ਸਿੱਖਿਆ ਸੁਧਾਰ ਟੀਮ ਵੱਲੋਂ ਨੇਡ਼ਲੇ ਪਿੰਡ ਬਲਿਆਲ ਵਿਖੇ ਸਰਕਾਰੀ ਹਾਈ ਸਕੂਲ ਦਾ ਦੌਰਾ ਕਰਨ ਮੌਕੇ ਸਕੂਲ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਕੂਲ ਸਟਾਫ ਅਤੇ ਪ੍ਰਬੰਧਕਾਂ ਵੱਲੋਂ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਦੀ ਟੀਮ ਨੇ ਸ਼ਲਾਘਾ ਕੀਤੀ। ਇਸ ਸਮੇਂ ਸਿੱਖਿਆ ਸੁਧਾਰ ਟੀਮ ਦੇ ਮੈਂਬਰ ਜਗਤਾਰ ਸਿੰਘ, ਹਰਜਿੰਦਰ ਸਿੰਘ ਅਤੇ ਜਗਦੇਵ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਤੋਂ ਵਧੀਆ ਬਣਾ ਕੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ’ਚ ਪਡ਼੍ਹਨ ਲਈ ਉਤਸ਼ਾਹਿਤ ਕਰਨ ਲਈ ਜ਼ਿਲਾ ਪੱਧਰ ’ਤੇ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉîîੱਚਾ ਚੁੱਕਣ ਲਈ ਸਿੱਖਿਆ ਸੁਧਾਰ ਟੀਮ ਵੱਲੋਂ ਬਰਜਿੰਦਰ ਪਾਲ ਸਿੰਘ ਦੀ ਅਗਵਾਈ ’ਚ ਵੱਖ-ਵੱਖ ਸਕੂਲਾਂ ਦਾ ਨਿਰੀਖਣ ਕਰ ਕੇ ਸਕੂਲਾਂ ਦੇ ਵਿਕਾਸ ਲਈ ਵਿਸ਼ੇਸ਼ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਅੱਜ ਪਿੰਡ ਬਲਿਆਲ ਦੇ ਸਰਕਾਰੀ ਸਕੂਲ ਦਾ ਦੌਰਾ ਕਰ ਕੇ ਸਕੂਲ ਦੇ ਹਰ ਪੱਖ ਦੀ ਪੂਰੀ ਗਹਿਰਾਈ ਨਾਲ ਜਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਇਸ ਸਕੂਲ ਵਿਚ ਮਿੱਡ-ਡੇ ਮੀਲ ਅਧੀਨ ਬਣਦੇ ਖ਼ਾਣੇ ਦੀ ਗੁਣਵੱਤਾ ਦੀ ਵੀ ਜਾਂਚ ਕੀਤੀ ਅਤੇ ਸਕੂਲ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਸਮੇਂ ਸਕੂਲ ਦੇ ਮੁੱਖ ਅਧਿਆਪਕ ਹਰਦੇਵ ਸ਼ਰਮਾ ਨੇ ਜਾਂਚ ਲਈ ਆਈ ਟੀਮ ਨੂੰ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਖੇਤਰਾਂ ’ਚ ਪਾਏ ਜਾ ਰਹੇ ਯੋਗਦਾਨ ਸਬੰਧੀ ਜਿਥੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ, ਉਥੇ ਨਾਲ ਹੀ ਵੱਖ-ਵੱਖ ਖੇਤਰਾਂ ’ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਜ਼ਿਲਾ ਸਾਇੰਸ ਸੁਪਰਵਾਈਜ਼ਰ ਨੇ ਸਨਮਾਨਤ ਕੀਤਾ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬੋਰਡ ਦੀ ਪ੍ਰੀਖਿਆ ਲਈ ਸ਼ੁੱਭ ਇੱਛਾਵਾਂ ਦਿੰਦੇ ਹੋਏ ਉਨ੍ਹਾਂ ਦੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਸਟਾਫ਼ ਦੇ ਬਾਕੀ ਮੈਂਬਰ ਵੀ ਮੌਜੂਦ ਸਨ।

Related News