ਗੰਨਾ ਕਿਸਾਨਾਂ ਦੀ ਹਮਾਇਤ ’ਚ ਪਰਮਿੰਦਰ ਸਿੰਘ ਢੀਂਡਸਾ ਮਿਲੇ ਡਿਪਟੀ ਕਮਿਸ਼ਨਰ ਨੂੰ

Wednesday, Mar 27, 2019 - 04:03 AM (IST)

ਗੰਨਾ ਕਿਸਾਨਾਂ ਦੀ ਹਮਾਇਤ ’ਚ ਪਰਮਿੰਦਰ ਸਿੰਘ ਢੀਂਡਸਾ ਮਿਲੇ ਡਿਪਟੀ ਕਮਿਸ਼ਨਰ ਨੂੰ
ਸੰਗਰੂਰ (ਬੇਦੀ, ਯਾਦਵਿੰਦਰ, ਹਰਜਿੰਦਰ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੰਗ ਪੱਤਰ ਦਿੱਤਾ ਗਿਆ। ਉਹ ਪਾਰਟੀ ਦੇ ਵਫਦ ਨਾਲ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੂੰ ਮਿਲੇ। ਉਨ੍ਹਾਂ ਕਿਹਾ ਕਿ ਗੰਨੇ ਦੀ ਰਾਸ਼ੀ ਕਾਫੀ ਸਮੇਂ ਤੋਂ ਧੂਰੀ ਗੰਨਾ ਮਿੱਲ ਵੱਲ ਬਕਾਇਆ ਖਡ਼੍ਹੀ ਹੈ। ਆਪਣੇ ਖੂਨ ਪਸੀਨੇ ਦੀ ਕਮਾਈ ਨਾਲ ਪਾਲੀ ਗੰਨੇ ਦੀ ਫ਼ਸਲ ਕਿਸਾਨ ਬਕਾਇਦਾ ਤੌਰ ’ਤੇ ਸ਼ੂਗਰ ਮਿੱਲ ਨੂੰ ਵੇਚ ਚੁੱਕੇ ਹਨ। ਸਿਤਮ ਇਹ ਹੈ ਕਿ ਕਿਸਾਨਾਂ ਨੂੰ ਪਿਛਲੇ ਵਰ੍ਹਿਆਂ ਤੋਂ ਬਣਦੀ ਰਕਮ ਨਹੀਂ ਦਿੱਤੀ ਜਾ ਰਹੀ।ਡਿਪਟੀ ਕਮਿਸ਼ਨਰ ਨੇ ਪਰਮਿੰਦਰ ਸਿੰਘ ਢੀਂਡਸਾ ਨੂੰ ਯਕੀਨ ਦਿਵਾਇਆ ਕਿ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਦੇਣ ਲਈ ਬਕਾਇਦਾ ਪ੍ਰਬੰਧ ਕਰ ਲਏ ਹਨ ਤੇ ਕੁੱਝ ਰਾਸ਼ੀ ਤੁਰੰਤ ਜਾਰੀ ਕਰਨ ਦਾ ਵਿਸ਼ਵਾਸ ਵੀ ਦਿੱਤਾ। ਬਾਅਦ ’ਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ. ਢੀਂਡਸਾ ਨੇ ਕਾਂਗਰਸ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਤੇ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੇ ਦਾਅਵੇ ਕਰ ਰਹੇ ਹਨ ਦੂਜੇ ਪਾਸੇ ਕਿਸਾਨਾਂ ਨੂੰ ਵੇਚੀ ਫ਼ਸਲ ਦੀ ਅਦਾਇਗੀ ਵੀ ਨਹੀਂ ਕਰਵਾ ਰਹੇ। ਉਨ੍ਹਾਂ ਕਿਹਾ ਕਿ ਫ਼ਸਲ ਦੀ ਅਦਾਇਗੀ ਨਾ ਹੋਣ ਕਾਰਨ ਬਹੁਤ ਪ੍ਰੇਸ਼ਾਨ ਹਨ। ਕਿਸਾਨ ਲਗਾਤਾਰ ਧਰਨੇ ’ਤੇ ਬੈਠੇ ਹਨ। ਕਈ ਕਿਸਾਨ ਮਰਨ ਵਰਤ ਰੱਖ ਚੁੱਕੇ ਹਨ ਪਰ ਸਿਤਮ ਦੀ ਗੱਲ ਹੈ ਕਿ ਕਿਸਾਨਾਂ ਦੀ ਕਿਧਰੇ ਵੀ ਸੁਣਵਾਈ ਨਹੀਂ ਹੋ ਰਹੀ। ਸ. ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਕਿਸਾਨਾਂ ਦੇ ਹਿੱਤਾਂ ਦੀ ਪੈਰਵੀ ਕੀਤੀ ਹੈ। ਸਾਰਾ ਜਗ ਜਾਣਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੀ ਪਹਿਰੇਦਾਰ ਬਣ ਕੇ ਲੰਮੇ ਸੰਘਰਸ਼ ਲਡ਼ੇ ਹਨ। ਉਨ੍ਹਾਂ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਜੇਕਰ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਾ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕਰੇਗਾ। ਉਨ੍ਹਾਂ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦੀ ਜ਼ੋਰਦਾਰ ਹਮਾਇਤ ਕੀਤੀ। ਇਸ ਸਮੇਂ ਹੋਰਨਾਂ ਤੋਂ ਇਲਾਵਾ ਯੂਥ ਆਗੂ ਅਮਨਬੀਰ ਚੈਰੀ, ਸਤਗੁਰ ਸਿੰਘ ਨਮੋਲ, ਵਰਿੰਦਰਪਾਲ ਸਿੰਘ ਟੀਟੂ, ਹਰਪ੍ਰੀਤ ਢੀਂਡਸਾ ਅਤੇ ਗੁਰਮੀਤ ਸਿੰਘ ਜੌਹਲ ਵੀ ਹਾਜ਼ਰ ਸਨ।

Related News