ਡੀ. ਸੀ. ਵੱਲੋਂ ਕਿਸਾਨਾਂ ਨੂੰ ਕਣਕ ਦੇ ਨਾਡ਼ ਨੂੰ ਅੱਗ ਨਾ ਲਾਉਣ ਪ੍ਰਤੀ ਸੁਚੇਤ ਕਰਨ ਸਬੰਧੀ ਜਾਗਰੂਕ ਕਰਨ ਦੀਆਂ ਹਦਾਇਤਾਂ
Wednesday, Apr 10, 2019 - 04:12 AM (IST)
ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)- ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਨੂੰ ਹੁੰਦੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਇਹ ਨਿਸ਼ਚਿਤ ਕੀਤਾ ਜਾਵੇ ਕਿ ਬਰਨਾਲਾ ਜ਼ਿਲੇ ’ਚ ਕਣਕ ਦੀ ਵਾਢੀ ਤੋਂ ਬਾਅਦ ਖੇਤਾਂ ’ਚ ਨਾਡ਼ ਨੂੰ ਕਿਸਾਨਾਂ ਵੱਲੋਂ ਅੱਗ ਨਾ ਲਾਈ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਜ਼ਿਲੇ ਨਾਲ ਸਬੰਧਤ ਸਮੂਹ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮਹੀਨਾਵਾਰ ਸਮੀਖਿਆ ਬੈਠਕਾਂ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਕਣਕ ਦੀ ਫ਼ਸਲ ਦੀ ਖਰੀਦ ਲਈ ਪੁਖਤਾ ਪ੍ਰਬੰਧ ਕਰਵਾਏ ਜਾ ਰਹੇ ਹਨ ਅਤੇ ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਜ਼ਿਲੇ ਦੇ ਕਿਸਾਨਾਂ ਨੂੰ ਖਾਦਾਂ, ਰਸਾਇਣਾਂ ਤੇ ਹੋਰਨਾਂ ਦਵਾਈਆਂ ਦੀ ਸੰਤੁਲਿਤ ਵਰਤੋਂ ਲਈ ਵੀ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਵਾਤਾਵਰਣ ਦੇ ਨਾਲ-ਨਾਲ ਕਿਸਾਨਾਂ ਦਾ ਵੀ ਆਰਥਕ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ। ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕਿ ਜ਼ਿਲੇ ਦੇ ਸ਼ਹਿਰਾਂ ਦੀ ਦਿਖ ਖ਼ਰਾਬ ਹੋਣ ਤੋਂ ਬਚਾਉਣ ਲਈ ਨਾਜਾਇਜ਼ ਰੂਪ ’ਚ ਲੱਗੇ ਸਾਰੇ ਪੋਸਟਰ, ਬੈਨਰ ਤੇ ਫਲੈਕਸ ਉਤਾਰੇ ਜਾਣ ਅਤੇ ਨਾਜਾਇਜ਼ ਪੋਸਟਰ ਲਗਾਉਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਵੀ ਅਮਲ ’ਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਪਲਾਸਟਿਕ ਤੋਂ ਬਣੇ ਲਿਫਾਫਿਆਂ ਦੀ ਵਰਤੋਂ ਰੋਕਣ ਲਈ ਹਫ਼ਤੇ ’ਚ ਦੋ ਵਾਰ ਸ਼ਹਿਰ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਜਾਵੇ ਤਾਂ ਜੋ ਪਲਾਸਟਿਕ ’ਤੇ ਲੱਗੇ ਬੈਨ ਨੂੰ ਪੂਰਨ ਤੌਰ ’ਤੇ ਅਮਲ ’ਚ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਜਨਤਕ ਥਾਵਾਂ ’ਤੇ ਤੰਬਾਕੂ ਦੀ ਵਰਤੋਂ ਕਰਨ ਵਾਲਿਆਂ ਦੇ ਚਲਾਨ ਵੀ ਸਖ਼ਤੀ ਨਾਲ ਕੱਟੇ ਜਾਣ। ਡਿਪਟੀ ਕਮਿਸ਼ਨਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੱਛਰਾਂ ਤੋਂ ਫੈਲਣ ਵਾਲੀਆਂ ਡੇਂਗੂ ਤੇ ਮਲੇਰੀਆ ਵਰਗੀਆਂ ਬੀਮਾਰੀਆਂ ਨਾਲ ਨਜਿੱਠਣ ਲਈ ਸਮਾਂ ਰਹਿੰਦੇ ਤਿਆਰੀਆਂ ਕਰ ਲਈਆਂ ਜਾਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਥਾਂਵਾਂ ’ਤੇ ਇਨ੍ਹਾਂ ਬੀਮਾਰੀਆਂ ਦੇ ਫੈਲਣ ਦੀ ਸੰਭਾਵਨਾ ਜ਼ਿਆਦਾ ਹੋਵੇ, ਦੀ ਪਛਾਣ ਕਰ ਕੇ ਫੌਗਿੰਗ ਕਰਵਾਈ ਜਾਵੇ ਤੇ ਪਾਣੀ ਖਡ਼੍ਹਨ ਵਾਲੀਆਂ ਥਾਵਾਂ ਜਿਵੇਂ ਟਾਇਰਾਂ ਆਦਿ ਦੀ ਸਫ਼ਾਈ ਕਰਵਾਈ ਜਾਵੇ ਤਾਂ ਜੋ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਹਰ ਇਕ ਸਰਕਾਰੀ ਸਿਹਤ ਸੰਸਥਾ ’ਤੇ ਮਹਿਲਾ ਡਾਕਟਰ ਦੀ ਤਾਇਨਾਤੀ ਵੀ ਯਕੀਨੀ ਬਣਾਈ ਜਾਵੇ ਤਾਂ ਜੋ ਔਰਤਾਂ ਵੀ ਇਨ੍ਹਾਂ ਸਿਹਤ ਕੇਂਦਰਾਂ ਤੋਂ ਬੇਝਿਜਕ ਇਲਾਜ ਲਈ ਆ ਸਕਣ। ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਯਮਤ ਤੌਰ ’ਤੇ ਸਕੂਲਾਂ ਦੀ ਜਾਂਚ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਸਕੂਲਾਂ ਦੀ ਅਚਨਚੇਤ ਜਾਂਚ ਕਰਨਗੇ ਤਾਂ ਜੋ ਸਰਕਾਰੀ ਸਕੂਲਾਂ ’ਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਪ੍ਰਸ਼ਾਸਨਿਕ ਅਧਿਕਾਰੀ ਆਪਣੇ ਦੌਰੇ ਦੌਰਾਨ ਪਿੰਡ ਜਾਂ ਨੇਡ਼ਲੇ ਇਲਾਕੇ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਵੀ ਜਾਂਚ ਕਰਨਗੇ ਤਾਂ ਜੋ ਕੰਮ ਦੀ ਗੁਣਵੱਤਾ ਸੁਧਾਰਨ ਦੇ ਨਾਲ-ਨਾਲ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਜਾ ਸਕੇ। ਸ. ਫੂਲਕਾ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਗਿਰਦਾਵਰੀਆਂ ਤੇ ਇੰਤਕਾਲਾਂ ਦੇ ਬਕਾਇਆ ਪਏ ਕੇਸਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰਿਕਵਰੀ ਇਕੱਠੀ ਕਰਨ ਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਗੰਭੀਰਤਾ ਨਾਲ ਕਦਮ ਚੁੱਕੇ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰੂਹੀ ਦੁੱਗ, ਏ. ਡੀ. ਸੀ. (ਵਿ) ਪਰਵੀਨ ਕੁਮਾਰ, ਐੱਸ. ਡੀ. ਐੱਮ. ਸੰਦੀਪ ਕੁਮਾਰ, ਸਹਾਇਕ ਕਮਿਸ਼ਨਰ ਡਾ. ਕਰਮਜੀਤ ਸਿੰਘ, ਡੀ. ਆਰ. ਓ. ਗਗਨਦੀਪ ਸਿੰਘ, ਡੀ. ਡੀ. ਪੀ. ਓ. ਸੰਜੀਵ ਸ਼ਰਮਾ, ਸਿਵਲ ਸਰਜਨ ਡਾ. ਜੁਗਲ ਕਿਸ਼ੌਰ, ਡੀ.ਈ.ਓ. (ਸੈਕੰਡਰੀ) ਰਾਜਵੰਤ ਕੌਰ, ਡੀ.ਈ.ਓ. (ਐਲੀਮੈਂਟਰੀ) ਮਨਿੰਦਰ ਕੌਰ, ਜ਼ਿਲਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਰਨਾਲਾ ਪਰਵਿੰਦਰ ਸਿੰਘ ਵੀ ਹਾਜ਼ਰ ਸਨ।
