ਵਿਦਿਆਰਥੀਆਂ ਨੂੰ ਘਰਾਂ ਦੇ ਨਜ਼ਦੀਕ ਸਿੱਖਿਆ ਮੁਹੱਈਆ ਕਰਵਾਉਣ ਲਈ ਸਕੂਲ ਚਲਾਉਣ ਦਾ ਫੈਸਲਾ : ਮਨਿੰਦਰ ਕੌਰ

Monday, Apr 22, 2019 - 04:09 AM (IST)

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)-ਸੂਬੇ ਦੇ ਸਰਕਾਰੀ ਸਕੂਲ ਇਸ ਵਾਰ ਨਿੱਜੀ ਸਕੂਲਾਂ ਨੂੰ ਹਰ ਪੱਖੋਂ ਚੁਣੌਤੀ ਦੇ ਰਹੇ ਹਨ। ਸਰਕਾਰੀ ਸਕੂਲਾਂ ਵੱਲੋਂ ਇਮਾਰਤਾਂ ਦੇ ਸੁੰਦਰੀਕਰਨ ਤੋਂ ਲੈ ਕੇ ਵਿਦਿਆਰਥੀਆਂ ਨੂੰ ਬੁਨਿਆਦੀ ਸਹੂਲਤਾਂ ਉਪਲਬੱਧ ਕਰਵਾਉਣ ਅਤੇ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਮਾਪਿਆਂ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਬਹਾਲ ਹੋਣ ਨਾਲ ਸਰਕਾਰੀ ਸਕੂਲਾਂ ਦੇ ਹੰਭਲੇ ਸਾਰਥਿਕ ਹੁੰਦੇ ਨਜ਼ਰ ਆ ਰਹੇ। ਇਸ ਨਵੇਂ ਵਿਦਿਅਕ ਸੈਸ਼ਨ ਦੌਰਾਨ ਵਿਦਿਆਰਥੀਆਂ ਦੇ ਦਾਖਲੇ ਵਿਚ ਇਜ਼ਾਫਾ ਕਰਨ ਦੇ ਨਾਲ-ਨਾਲ ਸਕੂਲੋਂ ਵਿਰਵੇ ਬੱਚਿਆਂ ਨੂੰ ਵੀ ਮੁਡ਼ ਦਾਖਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਮਨਿੰਦਰ ਕੌਰ ਅਤੇ ਪਡ਼੍ਹੋ ਪੰਜਾਬ ਦੇ ਜ਼ਿਲਾ ਕੋਆਰਡੀਨੇਟਰ ਕੁਲਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਪਿੰਡ ਮੌਡ਼ ਵਿਖੇ ਪ੍ਰੀ-ਪ੍ਰਾਇਮਰੀ ’ਚ ਦਾਖਲੇ ਦੇ ਯੋਗ ਪੈਂਤੀ ਵਿਦਿਆਰਥੀਆਂ ਦੀ ਸ਼ਨਾਖਤ ਕੀਤੀ ਗਈ ਹੈ। ਇਨ੍ਹਾਂ ਵਿਦਿਆਰਥੀਆਂ ਨੂੰ ਘਰਾਂ ਦੇ ਨਜ਼ਦੀਕ ਸਿੱਖਿਆ ਮੁਹੱਈਆ ਕਰਵਾਉਣ ਲਈ ਪਿਛਲੇ ਸਮਿਆਂ ’ਚ ਕਿਸੇ ਕਾਰਨ ਬੰਦ ਹੋਇਆ ਸਰਕਾਰੀ ਪ੍ਰਾਇਮਰੀ ਸਕੂਲ ਮੌਡ਼ ਪਟਿਆਲਾ ਮੁਡ਼ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵਰ੍ਹੇ ਸਿਰਫ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਪੜ੍ਹਾਈ ਦੇ ਪ੍ਰਬੰਧ ਕੀਤੇ ਜਾ ਰਹੇ ਅਤੇ ਆਗਾਮੀ ਸੈਸ਼ਨ ਦੌਰਾਨ ਵਿਦਿਆਰਥੀਆਂ ਦੀ ਜਮਾਤ ਅਨੁਸਾਰ ਅਗਲੀਆਂ ਜਮਾਤਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਸਰਕਾਰੀ ਸਕੂਲ਼ਾਂ ’ਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਅਤੇ ਮਿਆਰੀ ਸਿੱਖਿਆ ਪ੍ਰਾਪਤੀ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ਼ਾਂ ’ਚ ਦਾਖਲ ਕਰਵਾਇਆ ਜਾਵੇ।

Related News