ਜਾਣੋ ''ਸੰਗਰੂਰ'' ਤੋਂ ਚੋਣ ਲੜ ਰਹੇ ਮੁੱਖ 5 ਉਮੀਦਵਾਰਾਂ ਦਾ ਸਿਆਸੀ ਇਤਿਹਾਸ

06/13/2022 10:21:10 AM

ਸੰਗਰੂਰ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਮੁੱਖ ਮੁਕਾਬਲਾ 5 ਉਮੀਦਵਾਰਾਂ ਵਿਚਕਾਰ ਹੋਣ ਦੇ ਆਸਾਰ ਹਨ, ਭਾਵੇਂ ਹੀ ਇੱਥੋਂ 16 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ ਪਰ ਮੁੱਖ ਮੁਕਾਬਲਾ 'ਆਪ', ਅਕਾਲੀ ਦਲ ਅੰਮ੍ਰਿਤਸਰ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਉਮੀਦਵਾਰਾਂ ਵਿਚਾਲੇ ਹੋਣ ਦੀ ਗੱਲ ਕਹੀ ਜਾ ਰਹੀ ਹੈ। ਸੰਗਰੂਰ ਲੋਕ ਸਭਾ ਹਲਕੇ ਅਧੀਨ ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ 9 ਅਸੈਂਬਲੀ ਹਲਕੇ ਪੈਂਦੇ ਹਨ, ਜਿਨ੍ਹਾਂ 'ਚ ਲਗਭਗ 15,66,390 ਵੋਟਰ ਹਨ।

ਇਹ ਵੀ ਪੜ੍ਹੋ : ਪੰਜਾਬ ਦੇ 8 ਸਾਬਕਾ ਵਿਧਾਇਕਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਤਿਆਰੀ! ਜਾਣੋ ਪੂਰਾ ਮਾਮਲਾ
ਜਾਣੋ ਮੁੱਖ 5 ਉਮੀਦਵਾਰਾਂ ਦਾ ਸਿਆਸੀ ਇਤਿਹਾਸ
ਗੁਰਮੇਲ ਸਿੰਘ ਘਰਾਚੋਂ (ਆਮ ਆਦਮੀ ਪਾਰਟੀ ਦੇ ਉਮੀਦਵਾਰ)
ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਗੁਰਮੇਲ ਸਿੰਘ ਘਰਾਚੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਗੁਰਮੇਲ ਸਿੰਘ ਘਰਾਚੋਂ ਆਪਣੀ ਪਹਿਲੀ ਚੋਣ ਲੜ ਰਹੇ ਹਨ। ਗੁਰਮੇਲ ਸਿੰਘ ਘਰਾਚੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ੀ ਕਰੀਬੀ ਮੰਨੇ ਜਾਂਦੇ ਹਨ। 

ਇਹ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ 'ਪ੍ਰਕਾਸ਼ ਸਿੰਘ ਬਾਦਲ' ਦੀ ਸਿਹਤ ਵਿਗੜੀ, ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ
ਸਿਮਰਨਜੀਤ ਸਿੰਘ ਮਾਨ (ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ)
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ 7ਵੀਂ ਵਾਰ ਸੰਗਰੂਰ ਲੋਕ ਸਭ ਹਲਕੇ ਦੇ ਚੋਣ ਮੈਦਾਨ 'ਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਸਿਮਰਨਜੀਤ ਸਿੰਘ ਮਾਨ ਨੇ ਸਾਲ 1999 'ਚ ਲੋਕ ਸਭਾ ਚੋਣ ਜਿੱਤੀ ਸੀ, ਜਦੋਂ ਕਿ 1996, 1998, 2004, 2009 ਅਤੇ 2019 ਦੀਆਂ ਲੋਕ ਸਭਾ ਚੋਣਾਂ 'ਚ ਉਹ ਸਫ਼ਲ ਨਹੀਂ ਹੋ ਸਕੇ। ਸਿਮਰਨਜੀਤ ਸਿੰਘ ਮਾਨ ਨੇ ਇਸ ਸਾਲ ਅਮਰਗੜ੍ਹ ਤੋਂ ਵਿਧਾਨ ਸਭਾ ਚੋਣ ਵੀ ਲੜੀ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੇ 1989 'ਚ ਲੋਕ ਸਭਾ ਹਲਕਾ ਤਰਨਤਾਰਨ ਦੀ ਚੋਣ ਵੀ ਜਿੱਤੀ ਸੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : 'ਵੱਡੇ ਬਾਦਲ' ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਨੇ ਜਾਰੀ ਕੀਤਾ ਬਿਆਨ
ਬੀਬੀ ਕਮਲਦੀਪ ਕੌਰ ਰਾਜੋਆਣਾ (ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ) 
ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੇ ਪਰਿਵਾਰਕ ਮੈਂਬਰ ਵਜੋਂ ਬੀਬੀ ਕਮਲਦੀਪ ਕੌਰ ਰਾਜੋਆਣਾ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ, ਜੋ ਕਿ ਫ਼ਾਂਸੀ ਦੀ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਹਨ। ਕਮਲਦੀਪ ਕੌਰ ਦੂਜੀ ਵਾਰ ਲੋਕ ਸਭਾ ਚੋਣ ਲੜ ਰਹੇ ਹਨ। ਇਸ ਤੋਂ ਪਹਿਲਾਂ ਸਾਲ 2014 'ਚ ਉਨ੍ਹਾਂ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ।
ਕੇਵਲ ਸਿੰਘ ਢਿੱਲੋਂ (ਭਾਜਪਾ ਦੇ ਉਮੀਦਵਾਰ)
ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਸੰਗਰੂਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਕੇਵਲ ਸਿੰਘ ਢਿੱਲੋਂ ਦੂਜੀ ਵਾਰ ਲੋਕ ਸਭਾ ਚੋਣ ਲੜ ਰਹੇ ਹਨ। ਕੇਵਲ ਸਿੰਘ ਢਿੱਲੋਂ ਨੇ ਸਾਲ 2019 ਦੀ ਲੋਕ ਸਭਾ ਚੋਣ ਕਾਂਗਰਸ ਉਮੀਦਵਾਰ ਵੱਜੋਂ ਲੜੀ ਸੀ ਪਰ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਤੋਂ ਹਾਰ ਗਏ ਸਨ। ਇਸ ਤੋਂ ਪਹਿਲਾਂ ਉਹ ਕਾਂਗਰਸੀ ਉਮੀਦਵਾਰ ਵੱਜੋਂ ਸਾਲ 2007 ਅਤੇ ਸਾਲ 2012 'ਚ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜੇਤੂ ਰਹੇ ਹਨ, ਜਦੋਂ ਕਿ ਇਸ ਸਾਲ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਵੱਲੋਂ ਢਿੱਲੋਂ ਨੂੰ ਟਿਕਟ ਨਹੀਂ ਦਿੱਤੀ ਗਈ। ਹੁਣ ਭਾਜਪਾ 'ਚ ਸ਼ਾਮਲ ਹੁੰਦਿਆਂ ਹੀ ਉਨ੍ਹਾਂ ਨੂੰ ਚੋਣ ਮੈਦਾਨ 'ਚ ਉਤਾਰ ਦਿੱਤਾ ਗਿਆ ਹੈ।
ਦਲਵੀਰ ਸਿੰਘ ਗੋਲਡੀ (ਕਾਂਗਰਸ ਦੇ ਉਮੀਦਵਾਰ) 
ਕਾਂਗਰਸ ਨੇ ਦਲਵੀਰ ਸਿੰਘ ਗੋਲਡੀ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਦਲਵੀਰ ਸਿੰਘ ਗੋਲਡੀ ਸਾਲ 2017 'ਚ ਧੂਰੀ ਵਿਧਾਨ ਸਭਾ ਹਲਕੇ ਤੋਂ ਜੇਤੂ ਰਹੇ ਸਨ ਪਰ ਇਸ ਸਾਲ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਤੋਂ ਹਾਰ ਗਏ ਸਨ। ਉਹ ਲੋਕ ਸਭਾ ਲਈ ਪਹਿਲੀ ਵਾਰ ਕਿਸਮ ਅਜ਼ਮਾ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita