ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ

07/23/2019 5:10:27 PM

ਸੰਗਰੂਰ/ਚੰਡੀਗੜ੍ਹ (ਬੇਦੀ,ਯਾਦਵਿੰਦਰ) : ਘੱਗਰ ਦਰਿਆ ਦਾ ਕੰਟਰੋਲ ਕੇਂਦਰੀ ਜਲ ਕਮਿਸ਼ਨ (ਸੀ. ਡਬਲਿਊ. ਸੀ.) ਕੋਲ ਚਲੇ ਜਾਣ ਲਈ ਅਕਾਲੀਆਂ 'ਤੇ ਦੋਸ਼ ਲਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਬਣਾਉਣ ਲਈ ਦਬਾਅ ਪਾਉਣ ਵਾਸਤੇ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਮਿਲਣਗੇ। ਘੱਗਰ ਵਿਚ ਪਏ ਪਾੜ ਨੇ ਸੰਗਰੂਰ ਅਤੇ ਪਟਿਆਲਾ ਜ਼ਿਲਿਆਂ ਵਿਚ ਖੜ੍ਹੀ ਫ਼ਸਲ ਅਤੇ ਹੋਰ ਜਾਇਦਾਦ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ।

PunjabKesari

1966 ਵਿਚ ਅਕਾਲੀਆਂ ਵੱਲੋਂ ਪੰਜਾਬ ਦੀ ਵੰਡ ਕਰਵਾਉਣ ਕਾਰਣ ਪੰਜਾਬ ਦਾ ਘੱਗਰ ਦਰਿਆ ਸੀ. ਡਬਲਿਊ. ਸੀ. ਦੇ ਹੱਥਾਂ ਵਿਚ ਚਲੇ ਜਾਣ ਅਤੇ ਇਸ ਦੇ ਕੰਢਿਆਂ ਦੀ ਮਜ਼ਬੂਤੀ ਸਬੰਧੀ ਕੰਟਰੋਲ ਸੂਬੇ ਕੋਲੋਂ ਖੁੱਸ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਦਰਿਆ ਦੇ ਬੰਨ੍ਹ ਨੂੰ ਮਜ਼ਬੂਤ ਬਣਾਉਣ ਦੇ ਕੰਮਾਂ ਨੂੰ ਵੀ ਅਕਾਲੀਆਂ ਨੇ ਆਪਣੇ ਕਾਰਜ ਸਮੇਂ ਬੰਦ ਕਰ ਦਿੱਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਸਰਕਾਰ ਨੇ 22 ਕਿਲੋਮੀਟਰ ਤੱਕ ਬੰਨ੍ਹ ਮਜ਼ਬੂਤ ਬਣਾਉਣ ਦਾ ਕੰਮ ਕੀਤਾ ਸੀ ਜਦਕਿ ਇਸ ਤੋਂ ਬਾਅਦ ਅਕਾਲੀ-ਭਾਜਪਾ ਸਰਕਾਰ ਨੇ ਇਹ ਸਾਰਾ ਕੰਮ ਮੁਅੱਤਲ ਕਰ ਦਿੱਤਾ।

ਇਸ ਮੁੱਦੇ ਨੂੰ ਹੱਲ ਕਰਨ ਵਾਸਤੇ ਹਰਿਆਣਾ ਨੂੰ ਵੀ ਸਾਥ ਦੇਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੋਵਾਂ ਵਿਚ ਹੀ ਘੱਗਰ ਦੇ ਬੰਨ੍ਹਾਂ ਨੂੰ ਮਜ਼ਬੂਤ ਕੀਤੇ ਜਾਣ ਦੀ ਜ਼ਰੂਰਤ ਹੈ ਤਾਂ ਜੋ ਵਾਰ-ਵਾਰ ਆਉਂਦੇ ਸੰਭਾਵੀ ਹੜ੍ਹਾਂ ਅਤੇ ਇਨ੍ਹਾਂ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਭਾਰਤ ਸਰਕਾਰ ਨੂੰ ਆਖਣਗੇ ਕਿ ਉਹ ਮਕਰੌੜ ਸਾਹਿਬ ਤੋਂ ਕੜੈਲ (17.5 ਕਿਲੋਮੀਟਰ) ਤੱਕ ਪ੍ਰਾਜੈਕਟ ਦੇ ਦੂਜੇ ਪੜਾਅ ਦਾ ਕੰਮ ਪੰਜਾਬ ਨੂੰ ਕਰਨ ਦੀ ਇਜਾਜ਼ਤ ਦੇਣ ਵਾਸਤੇ ਤੇਜ਼ੀ ਨਾਲ ਜ਼ਰੂਰੀ ਪ੍ਰਵਾਨਗੀ ਮੁਹੱਈਆ ਕਰਵਾਉਣ ਲਈ ਸੀ. ਡਬਲਿਊ. ਸੀ. ਨੂੰ ਨਿਰਦੇਸ਼ ਦੇਵੇ। ਭਾਰੀ ਮੀਂਹ ਕਾਰਨ ਘੱਗਰ ਵਿਚ ਪਾਣੀ ਵਧਣ ਕਾਰਨ ਪਏ ਪਾੜ ਦੇ ਨਤੀਜੇ ਵਜੋਂ ਆਏ ਹੜ੍ਹਾਂ ਨਾਲ ਨੁਕਸਾਨ ਦਾ ਅੰਦਾਜ਼ਾ ਲਾਉਣ ਲਈ ਹਵਾਈ ਸਰਵੇ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਬਾਦਸ਼ਾਹਪੁਰ ਵਿਖੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਸਨ।

ਰਾਜਪੁਰਾ, ਘਨੌਰ ਅਤੇ ਸ਼ੁਤਰਾਣਾ ਇਲਾਕਿਆਂ ਵਿਚ ਹਵਾਈ ਸਰਵੇਖਣ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਬਾਦਸ਼ਾਹਪੁਰ ਵਿਖੇ ਕਿਹਾ ਕਿ ਪਟਿਆਲਾ ਵਿਖੇ 50 ਹਜ਼ਾਰ ਏਕੜ ਫ਼ਸਲ ਬਰਬਾਦ ਹੋ ਗਈ ਹੈ। ਘੱਗਰ ਦਰਿਆ ਵਿਚ ਪਾੜ ਪੈਣ ਕਾਰਣ ਸੰਗਰੂਰ ਵਿਚ 10 ਹਜ਼ਾਰ ਏਕੜ ਫਸਲ ਬਰਬਾਦ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਭਵਿੱਖ ਵਿਚ ਹੜ੍ਹਾਂ ਦੇ ਨੁਕਸਾਨ ਤੋਂ ਬਚਣ ਲਈ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਦਾ ਅਮਲ ਚੱਲ ਰਿਹਾ ਹੈ। ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਪਏ ਘਾਟੇ ਦੀ ਭਰਪਾਈ ਕਰਨ ਦਾ ਵਾਅਦਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਹੀ ਉਨ੍ਹਾਂ ਨੂੰ ਵਿਸ਼ੇਸ਼ ਗਿਰਦਾਵਰੀ ਦੀ ਰਿਪੋਰਟ ਹਾਸਲ ਹੋਈ, ਉਹ ਉਸੇ ਦਿਨ ਮੁਆਵਜ਼ਾ ਜਾਰੀ ਕਰ ਦੇਣਗੇ। ਬਾਦਸ਼ਾਹਪੁਰ ਵਿਚ ਫਸਲਾਂ ਨੂੰ ਹੋਏ ਨੁਕਸਾਨ 'ਤੇ ਡੂੰਘਾ ਦੁੱਖ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਟਿਆਲਾ ਦੇ ਪਿੰਡਾਂ ਵਿਚ ਹੋਏ ਨੁਕਸਾਨ ਨੂੰ ਦੇਖ ਕੇ ਉਨ੍ਹਾਂ ਦਾ ਮਨ ਦੁਖੀ ਹੋਇਆ ਹੈ। ਉਨ੍ਹਾਂ ਨੇ ਹੜ੍ਹਾਂ ਨਾਲ ਨੁਕਸਾਨੇ ਗਏ 33 ਕੱਚੇ ਘਰਾਂ ਦੀ ਉਸਾਰੀ ਕਰਵਾਉਣ ਅਤੇ ਜ਼ਖ਼ਮੀ ਹੋਏ 5 ਵਿਅਕਤੀਆਂ ਨੂੰ ਮਦਦ ਦੇਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਘਨੌਰ ਦੇ ਪਿੰਡ ਸਿਰਕੱਪੜਾ ਵਿਚ ਨੁਕਸਾਨੇ ਗਏ ਪੁਲ ਦੇ ਮੁੜ ਨਿਰਮਾਣ ਲਈ 60 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਨੇ ਘੱਗਰ ਵਿਚ ਪਾੜ ਪੈਣ ਨਾਲ ਸ਼ੁਤਰਾਣਾ ਵਿਧਾਨ ਹਲਕੇ ਦੇ ਪਿੰਡਾਂ ਵਿਚ ਫਸਲਾਂ ਅਤੇ ਜਾਇਦਾਦ ਨੂੰ ਪਹੁੰਚੇ ਨੁਕਸਾਨ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ। ਮੁੱਖ ਮੰਤਰੀ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਵੀ ਹਾਜ਼ਰ ਸਨ। ਇਸ ਦੌਰਾਨ ਕਿਸਾਨਾਂ ਨੇ ਮੁੱਖ ਮੰਤਰੀ ਨੂੰ ਫੀਡਬੈਕ ਦਿੰਦਿਆਂ ਘੱਗਰ ਦੀ ਸਮੱਸਿਆ ਦੇ ਸਥਾਈ ਹੱਲ ਦੀ ਬੇਨਤੀ ਕੀਤੀ।

 

 

 

 


cherry

Content Editor

Related News