ਵੱਡੀ ਖ਼ਬਰ: ਸੰਗਰੂਰ ਦੇ ਡੀ. ਸੀ. ਦਫ਼ਤਰ ਅੱਗੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
Sunday, Sep 20, 2026 - 08:38 PM (IST)
ਸੰਗਰੂਰ (ਸਿੰਗਲਾ)- ਅੱਜ ਸੰਗਰੂਰ ਦੇ ਡੀ. ਸੀ. ਦਫ਼ਤਰ ਦੇ ਅੱਗੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਇਕ ਵਿਅਕਤੀ ਨੇ ਕਥਿਤ ਤੌਰ ’ਤੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ। ਨੇੜੇ ਮੌਜੂਦ ਲੋਕਾਂ ਵੱਲੋਂ ਉਸ ਨੂੰ ਤੁਰੰਤ ਸਿਵਲ ਹਸਪਤਾਲ ਸੰਗਰੂਰ ਪਹੁੰਚਾਇਆ ਗਿਆ। ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ।
ਜਾਣਕਾਰੀ ਅਨੁਸਾਰ ਪਿੰਡ ਨਮੋਲ ਦੇ ਰਹਿਣ ਵਾਲੇ ਜਗਸੀਰ ਸਿੰਘ ਜੱਗਾ (35) ਪੁੱਤਰ ਮਹਿੰਦਰ ਸਿੰਘ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਚ ਇਹ ਕਦਮ ਚੁੱਕਿਆ। ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਪੁੱਛਗਿੱਛ ਕਰਨ ’ਤੇ ਉਸ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਸ ਦੇ ਘਰ ਨੇੜੇ ਕਥਿਤ ਤੌਰ ’ਤੇ ਨਸ਼ੇ ਵਾਲੇ ਪਦਾਰਥਾਂ ਦੀ ਵਿਕਰੀ ਹੁੰਦੀ ਸੀ, ਜਿਸ ਦੀ ਵੀਡੀਓ ਉਸ ਦੇ ਘਰ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਮੌਜੂਦ ਸੀ। ਪਤਾ ਲੱਗਿਆ ਹੈ ਕਿ ਜੱਗਾ ਨੇ ਇਸ ਸਬੰਧੀ ਪੁਲਸ ਨੂੰ ਮੌਖਿਕ ਤੌਰ ’ਤੇ ਸ਼ਿਕਾਇਤ ਵੀ ਕੀਤੀ ਸੀ। ਉਸ ਦਾ ਦੋਸ਼ ਹੈ ਕਿ ਪਿੰਡ ਵਿਚ ਨਸ਼ਾ ਵਿਕਣ ’ਤੇ ਇਤਰਾਜ਼ ਕਰਨ ਕਾਰਨ ਕਥਿਤ ਨਸ਼ਾ ਸਮੱਗਲਰਾਂ ਵੱਲੋਂ ਉਸ ਨੂੰ ਡਰਾਇਆ-ਧਮਕਾਇਆ ਗਿਆ ਅਤੇ ਉਸ ਨਾਲ ਕੁੱਟਮਾਰ ਵੀ ਕੀਤੀ ਗਈ । ਪੁਲਸ ਵੀ ਉਸ ਦੇ ਘਰ ਪਹੁੰਚੀ ਅਤੇ ਉਥੋਂ ਡੀ.ਵੀ.ਆਰ. ਲੈ ਗਏ।
ਉਸ ਨੇ ਕਿਹਾ ਕਿ ਕਾਰਵਾਈ ਕਰਨ ਦੀ ਬਜਾਏ ਉਸ ਨੂੰ ਹੀ ਕਥਿਤ ਤੌਰ ’ਤੇ ਡਰਾਇਆ-ਧਮਕਾਇਆ ਜਾ ਰਿਹਾ ਸੀ। ਇਸ ਤੋਂ ਦੁਖੀ ਹੋ ਕੇ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਵੀ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਸਿਟੀ ਦੇ ਐੱਸ.ਐੱਚ.ਓ. ਮਨਪ੍ਰੀਤ ਸਿੰਘ ਨੇ ਕਿਹਾ ਕਿ ਮਾਮਲੇ ਦੀ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਇਸ ਸਬੰਧੀ ਕੁਝ ਕਿਹਾ ਜਾ ਸਕੇਗਾ।
