ਸੰਗਰੂਰ ''ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਵੱਲੋਂ ਇਨਸਾਫ਼ ਮਿਲਣ ਤਕ ਸਸਕਾਰ ਨਾ ਕਰਨ ਦਾ ਐਲਾਨ
Saturday, Sep 26, 2026 - 05:35 PM (IST)
ਸੰਗਰੂਰ (ਵਿਜੈ ਕੁਮਾਰ ਸਿੰਗਲਾ)- ਜ਼ਿਲ੍ਹਾ ਸੰਗਰੂਰ ਦੇ ਪਿੰਡ ਕਨੋਈ ਵਿਖੇ ਇਕ ਨੌਜਵਾਨ ਵੱਲੋਂ ਜ਼ਹਿਰੀਲੀ ਚੀਜ਼ ਨਿਗਲਨ ਕਾਰਨ ਉਸ ਦੀ ਮੌਤ ਹੋ ਗਈ। ਸਿਵਲ ਹਸਪਤਾਲ ਸੰਗਰੂਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਮਨਦੀਪ ਸਿੰਘ ਸਨੀ ਪੁੱਤਰ ਪਰਮਜੀਤ ਸਿੰਘ ਵਾਸੀ ਕਨੋਈ ਨੇ ਕੋਈ ਜ਼ਹਿਰੀਲਾ ਪਦਾਰਥ ਖਾ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਸਮਨਦੀਪ ਸਿੰਘ ਸਨੀ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਸੰਗਰੂਰ ਦੇ ਮੁਰਦਾਘਰ ਵਿਚ ਰਖਵਾਈ ਗਈ ਹੈ।
ਉੱਥੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਸ਼ੇਰੋਂ ਦੇ ਮੋਹਨਜੀਤ ਸਿੰਘ, ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਸਮੇਤ ਨੌਜਵਾਨਾਂ ਨੇ ਧਰਨਾ ਦਿੱਤਾ ਅਤੇ ਕਥਿਤ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਮ੍ਰਿਤਕ ਦੇ ਪਿਤਾ ਪਰਮਜੀਤ ਸਿੰਘ ਤੇ ਹੋਰ ਰਿਸ਼ਤੇਦਾਰਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਕਨੋਈ ਵਿਖੇ ਕੁਝ ਆਗੂਆਂ ਵੱਲੋਂ ਉਨ੍ਹਾਂ ਦੇ ਲੜਕੇ ਨੂੰ ਪੁਰਾਣੀ ਰੰਜਿਸ਼ ਕਾਰਨ ਤੰਗ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਨ੍ਹਾਂ ਦੇ ਲੜਕੇ ਸਮਨਦੀਪ ਸਿੰਘ ਸਨੀ ਨੇ ਜਹਿਰੀਲੀ ਚੀਜ਼ ਖਾ ਲਈ ਤੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪਿਛਲੇ 24 ਘੰਟਿਆਂ ਤੋਂ ਵੱਧ ਸਮਾਂ ਲੰਘ ਜਾਣ ਦੇ ਬਾਵਜੂਦ ਪੁਲਸ ਵੱਲੋਂ ਅਜੇ ਤੱਕ ਕੋਈ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ, ਜਦਕਿ ਉਨ੍ਹਾਂ ਵੱਲੋਂ ਇਸ ਘਟਨਾ ਨੂੰ ਲੈ ਕੇ ਸਬੰਧਤ ਥਾਣੇ ਦੀ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਸੀ।
ਮ੍ਰਿਤਕ ਦੇ ਪਿਤਾ ਪਰਮਜੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਆਪਣੇ ਪੁੱਤ ਦਾ ਸਸਕਾਰ ਨਹੀਂ ਕਰਨਗੇ ਅਤੇ ਇਨਸਾਫ ਲੈਣ ਤੱਕ ਉਹ ਲੜਾਈ ਲੜਨਗੇ। ਇਸ ਮੌਕੇ ਪਹੁੰਚੇ ਮੋਹਨਜੀਤ ਸਿੰਘ ਸ਼ੇਰੋਂ ਅਤੇ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਨੇ ਕਿਹਾ ਕਿ ਜਦੋਂ ਮ੍ਰਿਤਕ ਪਰਿਵਾਰ ਵੱਲੋਂ ਪਿੰਡ ਦੇ ਹੀ ਕੁਝ ਵਿਅਕਤੀਆਂ 'ਤੇ ਦੋਸ਼ ਲਗਾਏ ਜਾ ਰਹੇ ਹਨ ਤਾਂ ਪੁਲਸ ਦਾ ਫਰਜ ਬਣਦਾ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਪਰਚਾ ਦਰਜ ਕੀਤਾ ਜਾਵੇ, ਇਸ ਦੀ ਜਾਂਚ ਪੜਤਾਲ ਕੀਤੀ ਜਾਵੇ ਅਤੇ ਜੇਕਰ ਉਸ ਦੀ ਮੌਤ ਦਾ ਕਾਰਨ ਕੋਈ ਵਿਅਕਤੀ ਹਨ ਤਾਂ ਉਨ੍ਹਾਂ ਦੇ ਖ਼ਿਲਾਫ਼ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਇਨ੍ਹਾਂ ਆਗੂਆਂ ਨੇ ਕਿਹਾ ਕਿ ਪੁਲਸ ਨੂੰ ਪੀੜਤ ਪਰਿਵਾਰ ਦੀ ਮਦਦ ਕਰਨੀ ਚਾਹੀਦੀ ਹੈ ਨਾ ਕਿ ਸਿਆਸੀ ਇਸ਼ਾਰਿਆਂ ਤੇ ਕੰਮ ਕਰਨਾ ਚਾਹੀਦਾ। ਖ਼ਬਰ ਲਿਖੇ ਜਾਣ ਤੱਕ ਮਿ੍ਤਕ ਦੇ ਪਰਿਵਾਰਕ ਮੈਂਬਰ ਤੇ ਪਿੰਡ ਦੇ ਲੋਕ ਸਿਵਲ ਹਸਪਤਾਲ ਦੇ ਮੁਰਦਾਘਰ ਅੱਗੇ ਧਰਨੇ 'ਤੇ ਬੈਠੇ ਸਨ ਅਤੇ ਉਨ੍ਹਾਂ ਦੇ ਲੜਕੇ ਦੇ ਮੌਤ ਲਈ ਜਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ।
