ਹੜ੍ਹ ਪ੍ਰਭਾਵਿਤ ਮੂਨਕ ਦੇ ਪਿੰਡਾਂ ਲਈ ਪੰਜਾਬ ਸਰਕਾਰ ਨੇ ਜਾਰੀ ਕੀਤੇ 6.55 ਕਰੋੜ ਰੁਪਏ
Tuesday, Feb 04, 2020 - 04:49 PM (IST)
ਸੰਗਰੂਰ (ਰਾਜੇਸ਼ ਕੋਹਲੀ) : ਪਿਛਲੇ ਸਾਲ ਮੀਂਹ ਅਤੇ ਪਿੰਡ ਫੂਲਦ ਵਿਖੇ ਘੱਗਰ ਦਰਿਆ ਵਿਚ ਪਾੜ ਪੈਣ ਕਾਰਨ ਮੂਨਕ ਦੇ ਜਿਹੜੇ ਪਿੰਡਾਂ ਵਿਚ ਕਿਸਾਨਾਂ ਦੀਆਂ ਫ਼ਸਲਾਂ ਅਤੇ ਘਰਾਂ ਨੂੰ ਨੁਕਸਾਨ ਪਹੁੰਚਿਆ ਸੀ, ਉਨ੍ਹਾਂ ਪ੍ਰਭਾਵਿਤ ਕਿਸਾਨਾਂ ਤੇ ਪਿੰਡ ਵਾਸੀਆਂ ਨੂੰ ਰਾਹਤ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਰੀਬ 6.55 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਸ ਸਮੇਂ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਦੌਰੇ ਦੌਰਾਨ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਗਏ ਸਨ। ਡੀ.ਸੀ ਨੇ ਕਿਹਾ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਪ੍ਰਾਪਤ ਹੋਈਆਂ ਰਿਪੋਰਟਾਂ ਦੇ ਆਧਾਰ 'ਤੇ ਮੁਆਵਜ਼ਾ ਰਾਸ਼ੀ ਸਿੱਧਾ ਕਿਸਾਨਾਂ ਦੇ ਖਾਤੇ ਵਿਚ ਪਾ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਥੋਰੀ ਨੇ ਦੱਸਿਆ ਕਿ ਮੂਨਕ ਸਬ ਡਵੀਜ਼ਨ ਦੇ 19 ਪਿੰਡਾਂ ਦੇ ਕਰੀਬ 2500 ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਹੜ੍ਹਾਂ ਕਾਰਨ ਜਿਹੜੇ ਘਰ ਨੁਕਸਾਨੇ ਗਏ ਸਨ, ਉਨ੍ਹਾਂ ਦੀ ਮੁਰੰਮਤ ਲਈ ਵੀ ਮੁਆਵਜ਼ੇ ਵਜੋਂ ਬਣਦੀ ਕਰੀਬ 2 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਐਸ.ਡੀ.ਐਮ ਮੂਨਕ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ 90 ਫੀਸਦੀ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਅਤੇ ਬਾਕੀ ਜਿਹੜੇ 10 ਫੀਸਦੀ ਲੋਕ ਰਹਿੰਦੇ ਹਨ ਉਨ੍ਹਾਂ ਦੇ ਦਸਤਾਵੇਜ਼ਾਂ ਵਿਚ ਕੁੱਝ ਤਰੁਟੀਆਂ ਹੋਣ ਕਾਰਨ ਉਨ੍ਹਾਂ ਦੇ ਸਬੰਧਤ ਵੇਰਵੇ ਦਰੁਸਤ ਕਰਨ ਲਈ ਤਹਿਸੀਲਦਾਰ ਮੂਨਕ ਨੂੰ ਹਦਾਇਤ ਕੀਤੀ ਗਈ ਹੈ ਅਤੇ ਜਲਦੀ ਹੀ ਇਨ੍ਹਾਂ ਦੀ ਵੀ ਬਣਦੀ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਜਾਏਗੀ।