ਡਾ. ਵਿਜੇ ਸਿੰਗਲਾ ਨੂੰ ਬਰਤਰਫ਼ ਕਰਨ ਵਾਲੇ ਮੁੱਖ ਮੰਤਰੀ ਨੂੰ ਸੰਗਰੂਰ ਵਾਸੀਆਂ ਨੇ ਸਿਖਾਇਆ ਸਬਕ
Monday, Jun 27, 2022 - 04:05 PM (IST)
ਮਾਨਸਾ (ਤਾਇਲ): ਇਕ ਮਹੀਨਾ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਅਤੇ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ’ਤੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਮੰਤਰੀ ਮੰਡਲ ’ਚੋਂ ਬਰਤਰਫ਼ ਕਰਨ ਤੋਂ ਬਾਅਦ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਨਕਾਰ ਦਿੱਤਾ ਹੈ, ਉਥੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਚੋਣ ਜਿੱਤ ਗਏ ਹਨ। ਇਸ ਹੈਰਾਨੀਜਨਕ ਨਤੀਜੇ ’ਤੇ ਸਰਕਾਰ ਵਿਰੋਧੀ ਲੋਕਾਂ ’ਚ ਵੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ‘ਆਪ’ ਸੰਗਰੂਰ ’ਚ ਹਾਰੀ ਪਰ ਦੂਜੀਆਂ ਪਾਰਟੀਆਂ ਦੇ ਮੁਕਾਬਲੇ ਬਹੁਤ ਅੱਗੇ : ਮਾਲਵਿੰਦਰ ਸਿੰਘ ਕੰਗ
ਮਾਨਸਾ ਵਿਧਾਨ ਸਭਾ ਹਲਕੇ ਦੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਗਰਵਾਲ ਭਾਈਚਾਰੇ ਨਾਲ ਸਬੰਧਿਤ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਰਖ਼ਾਸਤ ਕਰ ਦਿੱਤਾ ਸੀ, ਜਿਸ ਨੂੰ ਲੈ ਕੇ ਹਿੰਦੂ ਅਤੇ ਵਪਾਰੀ ਭਾਈਚਾਰਾ ਕਾਫ਼ੀ ਨਿਰਾਸ਼ ਸੀ ਪਰ ਹੁਣ ਸਿਰਫ਼ ਕੁਝ ਸਮੇਂ ’ਚ ਹੀ ਸੰਗਰੂਰ ਲੋਕ ਸਭਾ ਹਲਕੇ ਤੋਂ ਵੱਡੀ ਲੀਡ ਨਾਲ ਜਿੱਤਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ : ਜਨਤਾ ਨੇ ‘ਆਪ’ ਨੂੰ ਦਿਖਾਇਆ ਸ਼ੀਸ਼ਾ : ਅਸ਼ਵਨੀ ਸ਼ਰਮਾ
ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੂੰ ਮਿਹਨਤੀ ਵਰਕਰਾਂ ਦੀ ਕਦਰ ਕਰਨੀ ਚਾਹੀਦੀ ਹੈ ਅਤੇ ਪੰਜਾਬ ਨੂੰ ਪੰਜਾਬ ਦੀ ਸਰਕਾਰ ਬਣਾ ਕੇ ਉਸ ਨੂੰ ਪੰਜਾਬ ਤੋਂ ਹੀ ਚਲਾਇਆ ਜਾਵੇ ਨਾ ਕਿ ਦਿੱਲੀ ਤੋਂ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਨੇ ਹੁਣ ਵੀ ਸਬਕ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵੀ ਇਸਦੀ ਹਾਲਤ ਹੋਰ ਵੀ ਮਾੜੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੂਬੇ ਅੰਦਰ ਬਦਲਾਅ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਦੇ ਕੇ ਰਾਜ ਸੱਤਾ ਸੌਂਪੀ ਸੀ ਪਰ 3 ਮਹੀਨਿਆਂ ’ਚ ਇਸ ਪਾਰਟੀ ਦੀ ਇੰਨੀ ਮਾੜੀ ਹਾਲਤ ਹੋ ਜਾਵੇਗੀ , ਇਹ ਕਿਸੇ ਨੇ ਸੋਚਿਆ ਵੀ ਨਹੀਂ ਸੀ।
ਇਹ ਵੀ ਪੜ੍ਹੋ : ਸਿਮਰਨਜੀਤ ਮਾਨ 22 ਸਾਲਾਂ ਬਾਅਦ ਚੜ੍ਹਨਗੇ ਲੋਕ ਸਭਾ ਦੀਆਂ ਪੌੜੀਆਂ
ਲੋਕਾਂ ਦਾ ਕਹਿਣਾ ਹੈ ਕਿ ਹੁਣ ਆਮ ਆਦਮੀ ਪਾਰਟੀ ਨੂੰ ਲੋਕਾਂ ਦੇ ਭਲੇ ਲਈ ਅਹਿਮ ਫ਼ੈਸਲੇ ਲੈਣੇ ਪੈਣਗੇ ਅਤੇ ਉਨ੍ਹਾਂ ਦੇ ਨਾਲ ਕੀਤੇ ਵਾਅਦਿਆਂ ਪ੍ਰਤੀ ਖ਼ਰਾ ਉਤਰਣਾ ਪਵੇਗਾ, ਨਹੀਂ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।