ਸੰਗਰੂਰ ਜ਼ਿਲੇ ਦੇ 231 ਪਿੰਡ ਖੁੱਲ੍ਹੇ ''ਚ ਪਖਾਨਾ ਮੁਕਤ ਐਲਾਨੇ

09/09/2017 4:24:54 PM

ਸੰਗਰੂਰ (ਵਿਵੇਕ ਸਿੰਧਵਾਨੀ, ਯਾਦਵਿੰਦਰ) : 'ਸਵੱਛ ਭਾਰਤ ਮਿਸ਼ਨ' (ਗ੍ਰਾਮੀਣ) ਦੇ ਤਹਿਤ ਸੰਗਰੂਰ ਜ਼ਿਲ੍ਹੇ ਦੇ 231 ਪਿੰਡ ਖੁੱਲ੍ਹੇ ਵਿੱਚ ਪਖ਼ਾਨਾ ਮੁਕਤ ਐਲਾਨੇ ਜਾ ਚੁੱਕੇ ਹਨ ਅਤੇ ਇਸ ਸਕੀਮ ਤਹਿਤ ਪਿੰਡਾਂ ਦੇ ਲੋਕਾਂ ਨੂੰ ਘਰਾਂ ਵਿੱਚ ਪਖਾਨਿਆਂ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਸਰਕਾਰ ਵਲੋਂ 15 ਹਜ਼ਾਰ ਰੁਪਏ ਪ੍ਰਤੀ ਪਖਾਨੇ ਦੀ ਉਸਾਰੀ ਲਈ ਸਹਾਇਤਾ ਰਾਸ਼ੀ ਵਜੋਂ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਖੁਦ ਆਪਣੀ ਲੋੜ ਅਨੁਸਾਰ ਪਖਾਨੇ ਬਣਾ ਸਕਣ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਵਿਰਕ ਨੇ ਦੱਸਿਆ ਕਿ 'ਸਵੱਛ ਭਾਰਤ ਮਿਸ਼ਨ' (ਗ੍ਰਾਮੀਣ) ਪ੍ਰੋਗਰਾਮ ਤਹਿਤ ਸਵੱਛਤਾ ਦੀਆਂ ਹੋਰ ਗਤੀਵਿਧੀਆਂ ਬਾਰੇ ਲੋਕ ਮੁਹਿੰਮ ਚਲਾਉਣ ਤੋਂ ਇਲਾਵਾ ਪਿੰਡਾਂ ਵਿੱਚ ਪਖਾਨੇ ਬਣਾਏ ਜਾਣ ਦੀ ਯੋਜਨਾ ਨੂੰ ਵੀ ਸਫ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਦੇ 231 ਪਿੰਡ ਖੁੱਲ੍ਹੇ ਵਿੱਚ ਪਖਾਨਾ ਮੁਕਤ ਐਲਾਨੇ ਜਾ ਚੁੱਕੇ ਹਨ ਅਤੇ ਇਨ੍ਹਾਂ ਪਿੰਡਾਂ ਦੀਆਂ ਗ੍ਰਾਮ ਪੰਚਾਇਤ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀਆਂ ਨੂੰ ਹੁਣ ਤੱਕ 18.97 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਨੂੰ ਖੁੱਲ੍ਹੇ 'ਚ ਸ਼ੋਚ ਮੁਕਤ ਰੱਖਣ ਲਈ ਜਾਰੀ ਜਾਗਰੂਕਤਾ ਗਤੀਵਿਧੀਆਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਗ੍ਰਾਮ ਪੰਚਾਇਤ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀਆਂ ਤੇ ਨਿਗਰਾਨ ਕਮੇਟੀਆਂ ਨਾਲ ਤਾਲਮੇਲ ਕਾਇਮ ਰੱਖਿਆ ਜਾਵੇ। ਇਸ ਮੌਕੇ ਵਿਭਾਗ ਦੇ ਐਸ.ਡੀ.ਓ ਰਮਨ ਗਰਗ ਨੇ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਮੋਟੀਵੇਟਰ ਸਰਗਰਮ ਹਨ। ਇਸ ਤੋਂ ਇਲਾਵਾ ਵਿਭਾਗੀ ਅਧਿਕਾਰੀਆਂ ਵੱਲੋਂ ਵੀ ਪਿੰਡਾਂ ਦੇ ਲੋਕਾਂ ਨੂੰ ਖੁੱਲ੍ਹੇ ਵਿੱਚ ਪਖਾਨਾ ਨਾ ਜਾਣ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਖੁੱਲ੍ਹੇ ਵਿੱਚ ਪਖ਼ਾਨਾ ਜਾਣ ਕਾਰਨ ਪੈਦਾ ਹੋਣ ਵਾਲੀਆਂ ਬੀਮਾਰੀਆਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।