ਸਫ਼ਾਈ ਸੇਵਕਾਂ ''ਤੇ ਲਾਠੀਚਾਰਜ ਕਰਨਾ ਬੇਹੱਦ ਨਿੰਦਣਯੋਗ ਘਟਨਾ : ਜਗਦੀਪ ਸਿੰਘ ਨਕਈ
Friday, Jul 24, 2026 - 06:20 PM (IST)
ਮਾਨਸਾ (ਮਿੱਤਲ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ਨੇ ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ 'ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਲੋਕਤੰਤਰੀ ਢੰਗ ਨਾਲ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਬਲ ਪ੍ਰਯੋਗ ਕਰਕੇ ਲੋਕਤੰਤਰ ਦੀ ਭਾਵਨਾ ਨੂੰ ਠੇਸ ਪਹੁੰਚਾਈ ਹੈ।
ਜਗਦੀਪ ਸਿੰਘ ਨਕਈ ਨੇ ਕਿਹਾ ਕਿ ਲਾਠੀਚਾਰਜ ਦੌਰਾਨ ਸਫ਼ਾਈ ਸੇਵਕਾਂ ਦੇ ਨਾਲ-ਨਾਲ ਬਜ਼ੁਰਗਾਂ, ਮਾਵਾਂ ਅਤੇ ਭੈਣਾਂ 'ਤੇ ਵੀ ਲਾਠੀਆਂ ਵਰਤੀਆਂ ਗਈਆਂ, ਜੋ ਕਿ ਬਹੁਤ ਹੀ ਨਿੰਦਣਯੋਗ ਅਤੇ ਦੁਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਪੰਜਾਬ ਭਰ ਦੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਕਿਸਾਨ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਸੰਘਰਸ਼ਸ਼ੀਲ ਮੁਲਾਜ਼ਮ ਜਥੇਬੰਦੀਆਂ ਵੱਲੋਂ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਸਮਾਜ ਦੇ ਉਹ ਕਰਮਯੋਗੀ ਹਨ ਜੋ ਹਰ ਰੋਜ਼ ਲੋਕਾਂ ਦੇ ਜਾਗਣ ਤੋਂ ਪਹਿਲਾਂ ਗਲੀਆਂ, ਨਾਲੀਆਂ, ਸੀਵਰੇਜ ਅਤੇ ਗੰਦਗੀ ਦੀ ਸਫ਼ਾਈ ਕਰਦੇ ਹਨ। ਕਈ ਵਾਰ ਉਹ ਆਪਣੀ ਜਾਨ ਨੂੰ ਜੋਖਮ ਵਿਚ ਪਾ ਕੇ ਗੰਦੇ ਸੀਵਰੇਜ ਵਿਚ ਉਤਰ ਕੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਦੇ ਹਨ। ਇੰਨੀ ਔਖੀ ਅਤੇ ਜੋਖਮ ਭਰੀ ਡਿਊਟੀ ਨਿਭਾਉਣ ਦੇ ਬਾਵਜੂਦ ਉਹ ਘੱਟ ਤਨਖਾਹ 'ਤੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਦੇ ਹਨ। ਅਜਿਹੇ ਮਿਹਨਤੀ ਕਰਮਚਾਰੀਆਂ ਨਾਲ ਸਰਕਾਰ ਵੱਲੋਂ ਕੀਤੀ ਗਈ ਸਖ਼ਤੀ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਹੈ।
ਨਕਈ ਨੇ ਕਿਹਾ ਕਿ ਜੇਕਰ ਸਫ਼ਾਈ ਸੇਵਕ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਤਾਂ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਉਨ੍ਹਾਂ ਨਾਲ ਗੱਲਬਾਤ ਕਰੇ ਅਤੇ ਮਸਲੇ ਦਾ ਸ਼ਾਂਤਮਈ ਹੱਲ ਕੱਢੇ। ਲਾਠੀਚਾਰਜ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰੇ ਅਤੇ ਇਸ ਘਟਨਾ ਲਈ ਉਨ੍ਹਾਂ ਤੋਂ ਜਨਤਕ ਤੌਰ 'ਤੇ ਮਾਫ਼ੀ ਮੰਗੇ। ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਇਸ ਮਾਮਲੇ 'ਤੇ ਆਪਣਾ ਸਪੱਸ਼ਟ ਪੱਖ ਰੱਖਣਾ ਚਾਹੀਦਾ ਹੈ।
