ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀ ਹੜਤਾਲ 17ਵੇਂ ਦਿਨ ਵਿਚ ਦਾਖ਼ਲ
Saturday, May 16, 2026 - 03:58 PM (IST)
ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਗੁਰੂਹਰਸਹਾਏ ਵਿਚ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀ ਹੜਤਾਲ ਲਗਾਤਾਰ ਜਾਰੀ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਕਰਮਚਾਰੀ ਪਿਛਲੇ 17 ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ। ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਹੈ ਅਤੇ ਜਗ੍ਹਾ-ਜਗ੍ਹਾ ਕੂੜੇ ਦੇ ਢੇਰ ਤੇ ਸੀਵਰੇਜ ਦਾ ਗੰਦਾ ਪਾਣੀ ਲੋਕਾਂ ਲਈ ਮੁਸੀਬਤ ਬਣਿਆ ਹੋਇਆ ਹੈ । ਸ਼ਨੀਵਾਰ ਨੂੰ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਲੈ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਰੋਸ ਪ੍ਰਦਰਸ਼ਨ ਕੀਤਾ। ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਬਾਜ਼ਾਰਾਂ ਵਿਚ ਮਾਰਚ ਕੱਢਿਆ ਅਤੇ ਬਾਅਦ ਵਿਚ ਫਰੀਦਕੋਟ ਰੋਡ 'ਤੇ ਸਥਿਤ ਲਾਈਟਾਂ ਵਾਲਾ ਚੌਂਕ 'ਚ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਆਪਣਾ ਵਿਰੋਧ ਕੀਤਾ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਸੁਨੀਲ ਕੁਮਾਰ, ਬਲਾਕ ਪ੍ਰਧਾਨ ਰਾਕੇਸ਼ ਕੁਮਾਰ ਅਤੇ ਉਪ ਪ੍ਰਧਾਨ ਸੋਨੂ ਨੇ ਦੱਸਿਆ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰ-ਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਅਤੇ ਸੀਵਰੇਜ ਕਰਮਚਾਰੀ ਲੰਬੇ ਸਮੇਂ ਤੋਂ ਪੈਂਡਿੰਗ ਭਰਤੀਆਂ ਪੂਰੀਆਂ ਕਰਨ ਅਤੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਵੱਲੋਂ ਹੁਣ ਤੱਕ ਕੋਈ ਵੀ ਸਕਾਰਾਤਮਕ ਕਦਮ ਨਹੀਂ ਚੁੱਕਿਆ ਗਿਆ ।
ਉਨ੍ਹਾਂ ਕਿਹਾ ਕਿ ਮਜਬੂਰਨ ਕਰਮਚਾਰੀਆਂ ਨੂੰ ਸੜਕਾਂ ‘ਤੇ ਉਤਰਨਾ ਪੈ ਰਿਹਾ ਹੈ। ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਯੂਨੀਅਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਹੜਤਾਲ ਜਾਰੀ ਰਹੇਗੀ । ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿਚ ਸਫ਼ਾਈ ਸੇਵਕ ਅਤੇ ਸੀਵਰੇਜ ਕਰਮਚਾਰੀ ਮੌਜੂਦ ਰਹੇ।
