ਸਫ਼ਾਈ ਸੇਵਕਾ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
Wednesday, Jul 22, 2026 - 03:18 PM (IST)
ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਗੁਰੂਹਰਸਹਾਏ 'ਚ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀ ਹੜਤਾਲ ਲਗਾਤਾਰ ਜਾਰੀ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਕਰਮਚਾਰੀ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ। ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਹੈ ਅਤੇ ਜਗ੍ਹਾ-ਜਗ੍ਹਾ ਕੂੜੇ ਦੇ ਢੇਰ ਤੇ ਸੀਵਰੇਜ ਦਾ ਗੰਦਾ ਪਾਣੀ ਲੋਕਾਂ ਲਈ ਮੁਸੀਬਤ ਬਣਿਆ ਹੋਇਆ ਹੈ। ਸ਼ਹਿਰ ਵਾਸੀ ਸ਼ਹਿਰ ਅੰਦਰ ਸਫਾਈ ਨਾ ਹੋਣ ਕਾਰਨ ਪਰੇਸ਼ਾਨ ਹਨ। ਜਿਸ ਕਾਰਨ ਬੀਮਾਰੀਆਂ ਫੈਲਣ ਦਾ ਵੀ ਡਰ ਸਤਾ ਰਿਹਾ। ਅੱਜ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਨੇ ਫਰੀਦਕੋਟ ਰੋਡ, ਸ੍ਰੀ ਮੁਕਤਸਰ ਸਾਹਿਬ ਰੋਡ, ਮੇਨ ਬਾਜ਼ਾਰ ਤੇ ਹੋਰ ਵੱਖ-ਵੱਖ ਬਾਜ਼ਾਰਾਂ ਵਿੱਚ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ।
ਜਾਣਕਾਰੀ ਦਿੰਦੇ ਸਫਾਈ ਸੇਵਕ ਕਰਮਚਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰ-ਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਅਤੇ ਸੀਵਰੇਜ ਕਰਮਚਾਰੀ ਲੰਬੇ ਸਮੇ ਤੋਂ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਠੇਕੇਦਾਰੀ ਸਿਸਟਮ ਖ਼ਤਮ ਕਰਨ ਅਤੇ ਹੋਰ ਵੱਖ-ਵੱਖ ਮੰਗਾਂ ਪੂਰੀਆਂ ਕਰਨ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਵੱਲੋਂ ਕੋਈ ਵੀ ਮੰਗਾਂ ਨਹੀਂ ਮੰਨਿਆ ਜਾ ਰਹੀਆਂ ਅਤੇ ਮੀਟਿੰਗਾਂ ਕਰਕੇ ਭਰੋਸਾ ਹੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਝਾੜੂ ਸਰਕਾਰ ਨੇ ਝਾੜੂ ਵਾਲਿਆਂ 'ਤੇ ਹੀ ਜ਼ੁਲਮ ਕੀਤਾ ਹੈ। ਸਫਾਈ ਸੇਵਕ ਕਰਮਚਾਰੀਆਂ ਨੇ ਅੱਜ ਬਾਜ਼ਾਰਾਂ ਚ ਰੋਸ ਪ੍ਰਦਰਸ਼ਨ ਕਰਦੇ ਹੋਏ ਹੱਥ ਜੋੜ ਕੇ ਸ਼ਹਿਰ ਵਾਸੀਆਂ ਕੋਲੋਂ ਅਪਣੇ ਹੱਕਾਂ ਲਈ ਸਹਿਯੋਗ ਮੰਗਿਆ ਹੈ।
