ਬਠਿੰਡਾ ਬੰਦ ਦੌਰਾਨ ਸੜਕਾਂ ''ਤੇ ਉਤਰੇ ਸਫ਼ਾਈ ਸੇਵਕ, ਮੁੱਖ ਬਾਜ਼ਾਰ ਰਹੇ ਬੰਦ
Thursday, Jul 30, 2026 - 03:52 PM (IST)
ਬਠਿੰਡਾ (ਵਿਜੈ ਵਰਮਾ) : ਬਰਨਾਲਾ ਲਾਠੀਚਾਰਜ ਕਾਂਡ ਦੇ ਵਿਰੋਧ 'ਚ ਸਫ਼ਾਈ ਸੇਵਕਾਂ ਵੱਲੋਂ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਤਹਿਤ ਬਠਿੰਡਾ ਦੇ ਸਾਰੇ ਮੁੱਖ ਬਾਜ਼ਾਰ ਬੰਦ ਰਹੇ। ਸਫਾਈ ਸੇਵਕਾਂ ਅਤੇ ਸੀਵਰੇਜ ਵਰਕਰਾਂ ਨੇ ਹੋਰ ਸਹਿਯੋਗੀ ਜੱਥੇਬੰਦੀਆਂ ਨਾਲ ਮਿਲ ਕੇ ਸੜਕਾਂ 'ਤੇ ਰੋਸ ਮਾਰਚ ਕੱਢਿਆ ਅਤੇ ਫਾਇਰ ਬ੍ਰਿਗੇਡ ਚੌਂਕ 'ਚ ਸਰਕਾਰ ਦੀ ਅਰਥੀ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵਪਾਰ ਮੰਡਲ ਤੋਂ ਇਲਾਵਾ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਕੁੱਝ ਸਿਆਸੀ ਆਗੂਆਂ ਨੇ ਵੀ ਪ੍ਰਦਰਸ਼ਨ 'ਚ ਸ਼ਮੂਲੀਅਤ ਕੀਤੀ। ਇਸ ਮੌਕੇ ਬੋਲਦਿਆਂ ਬੁਲਾਰਿਆਂ ਨੇ ਕਿਹਾ ਕਿ ਸਫਾਈ ਸੇਵਕ ਲੋਕਾਂ ਵੱਲੋਂ ਫੈਲਾਈ ਗੰਦਗੀ ਨੂੰ ਸਾਫ ਕਰਕੇ ਸਮਾਜ ਨੂੰ ਸਿਹਤਮੰਦ ਜੀਵਨ ਪ੍ਰਦਾਨ ਕਰਦੇ ਹਨ, ਪਰ ਸਰਕਾਰਾਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਲਗਾਤਾਰ ਨਜ਼ਰ-ਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਇਨ੍ਹਾਂ ਸਫਾਈ ਸੇਵਕਾਂ ਨੇ ਆਪਣੀ ਜਾਨ ਜੋਖਮ ਵਿੱਚ ਪਾ ਕੇ ਸੇਵਾਵਾਂ ਨਿਭਾਈਆਂ ਅਤੇ ਉਸ ਸਮੇਂ ਉਨ੍ਹਾਂ ਨੂੰ ਕੋਰੋਨਾ ਵਾਰੀਅਰ ਵਜੋਂ ਸਨਮਾਨਿਤ ਕੀਤਾ ਗਿਆ ਸੀ ਪਰ ਹੁਣ ਸਰਕਾਰ ਸਫਾਈ ਸੇਵਕਾਂ ਅਤੇ ਸੀਵਰੇਜ ਵਰਕਰਾਂ ਦੀਆਂ ਗੱਲਾਂ ਸੁਣਨ ਲਈ ਵੀ ਤਿਆਰ ਨਹੀਂ ਹੈ।
ਉਨ੍ਹਾਂ ਦੋਸ਼ ਲਾਇਆ ਕਿ ਬਰਨਾਲਾ ਵਿੱਚ ਸਫਾਈ ਸੇਵਕ ਮਹਿਲਾਵਾਂ 'ਤੇ ਪੁਲਸ ਪ੍ਰਸ਼ਾਸਨ ਵੱਲੋਂ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋਈਆਂ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਸ਼ਾਂਤੀਪੂਰਨ ਢੰਗ ਨਾਲ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ ਅਤੇ ਪੁਲਸ ਦੀ ਇਸ ਬਰਾਬਰ ਕਾਰਵਾਈ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਵਿਨੋਦ ਕੁਮਾਰ ਨੇ ਮੰਗ ਕੀਤੀ ਕਿ ਮਹਿਲਾਵਾਂ 'ਤੇ ਲਾਠੀਚਾਰਜ ਕਰਨ ਵਾਲੇ ਡੀਐਸਪੀ ਅਤੇ ਥਾਣਾ ਮੁਖੀ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਵੀ ਪੁਲਿਸ ਮੁਲਾਜ਼ਮ ਮਹਿਲਾਵਾਂ 'ਤੇ ਲਾਠੀਆਂ ਚਲਾਉਣ ਦੀ ਹਿੰਮਤ ਨਾ ਕਰੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਪਣੇ ਵਾਅਦੇ ਅਨੁਸਾਰ ਹਰ ਵਰਗ ਦੇ ਸਫਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਨੂੰ ਵਿਭਾਗ ਵਿੱਚ ਪੱਕਾ ਕਰੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਹੋਰ ਤੇਜ਼ ਕੀਤਾ ਜਾਵੇਗਾ।
