ਵਿਧਾਨ ਸਭਾ ਘੇਰਨ ਜਾਂਦੇ ਪ੍ਰਦਰਸ਼ਨਕਾਰੀਆਂ ਨੂੰ ਪੁਲਸ ਨੇ ਰਾਹ 'ਚ ਰੋਕਿਆ
Thursday, Dec 13, 2018 - 04:26 PM (IST)
ਚੰਡੀਗੜ੍ਹ (ਜੱਸੋਵਾਲ) : 'ਸਾਂਝਾ ਮੁਲਾਜ਼ਮ ਮੰਚ' ਪੰਜਾਬ ਅਤੇ ਚੰਡੀਗੜ੍ਹ ਵਲੋਂ ਵੀਰਵਾਰ ਨੂੰ ਵਿਧਾਨ ਸਭਾ ਦੇ ਪਹਿਲੇ ਦਿਨ ਆਪਣੀਆਂ ਮੰਗਾਂ ਸਬੰਧੀ ਰੋਸ ਮਾਰਚ ਕੱਢਿਆ ਗਿਆ ਅਤੇ ਵਿਧਾਨ ਸਭਾ ਵੱਲ ਕੂਚ ਕੀਤਾ। ਇਸ ਰੋਸ ਮਾਰਚ 'ਚ ਪੰਜਾਬ ਅਤੇ ਚੰਡੀਗੜ੍ਹ ਦੇ ਮੁਲਾਜ਼ਮ ਸ਼ਾਮਲ ਹੋਏ। ਮੁਲਾਜ਼ਮਾਂ ਨੇ ਤਖਤੀ ਅਤੇ ਕਾਲੇ ਕੱਪੜੇ ਪਾ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਵਿਧਾਨ ਸਭਾ ਦੇ ਘਿਰਾਓ ਲਈ ਜਿਵੇਂ ਹੀ ਉਹ ਵਾਈ. ਪੀ. ਐੱਸ. ਚੌਂਕ, ਮੋਹਾਲੀ ਪੁੱਜੇ ਤਾਂ ਉਨ੍ਹਾਂ ਨੂੰ ਪੰਜਾਬ ਅਤੇ ਚੰਡੀਗੜ੍ਹ ਦੀ ਪੁਲਸ ਨੇ ਉੱਥੇ ਹੀ ਰੋਕ ਲਿਆ। ਪੁਲਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਆਪਣਾ ਰੋਸ ਜ਼ਾਹਰ ਕਰਦੇ ਹੋਏ ਵਾਈ. ਪੀ. ਐੱਸ. ਚੌਂਕ ਨੂੰ ਜਾਮ ਕਰ ਦਿੱਤਾ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਮਾਹੌਲ ਖਰਾਬ ਨਾ ਹੋਵੇ, ਇਸ ਲਈ ਉੱਚ ਅਧਿਕਾਰੀਆਂ ਅਤੇ ਮੁੱਖ ਮੰਤਰੀ ਰਿਹਾਇਸ਼ ਨੂੰ ਇਸ ਦੀ ਸੂਚਨਾ ਭੇਜੀ ਗਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐੱਸ. ਡੀ. ਅੰਕਿਤ ਬਾਂਸਲ ਮੌਕੇ 'ਤੇ ਪੁੱਜੇ ਅਤੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਂ 'ਤੇ ਇਕ ਮੰਗ ਪੱਤਰ ਲਿਆ। ਓ. ਐੱਸ. ਡੀ. ਨੇ. ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦੁਆਇਆ ਕਿ ਸਰਕਾਰ ਅਤੇ ਮੁੱਖ ਮੰਤਰੀ ਮੁਲਾਜ਼ਮਾਂ ਦੇ ਨਾਲ ਹਮੇਸ਼ਾ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਉਹ ਕੈਪਟਨ ਦੇ ਕਹਿਣ 'ਤੇ ਹੀ ਪ੍ਰਦਰਸ਼ਨਕਾਰੀਆਂ ਤੋਂ ਮੈਮੋਰੈਂਡਮ ਲੈਣ ਆਏ ਹਨ।