ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ ਵਾਤਾਵਰਨ ਏਜੰਡਾ

Saturday, May 11, 2024 - 03:34 AM (IST)

ਲੋਹੀਆਂ ਖਾਸ (ਸੁਖਪਾਲ ਰਾਜਪੂਤ)- ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਾਤਾਵਰਨ ਏਜੰਡਾ ਸੌਂਪਿਆ। ਸੰਤ ਸੀਚੇਵਾਲ ਨੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਦੌਰਾਨ ਹੋਈ ਗੱਲਬਾਤ ਪੱਤਰਕਾਰਾਂ ਨਾਲ ਸਾਂਝੀ ਕਰਦਿਆ ਕਿਹਾ ਕਿ ਸਤਲੁਜ ਦਰਿਆ ਦੇ ਗਿੱਦੜਪਿੰਡੀ ਦੇ ਰੇਲਵੇਂ ਪੁਲ ਹੇਠਾਂ 15 ਤੋਂ 18 ਫੁੱਟ ਤੱਕ ਮਿੱਟੀ ਜੰਮੀ ਹੋਈ ਹੈ, ਜਿਸ ਨੂੰ ਕੱਢਣ ਦਾ ਮਾਮਲਾ ਮੁੱਖ ਮੰਤਰੀ ਪੰਜਾਬ ਕੋਲ ਚੁੱਕਿਆ ਗਿਆ ਹੈ।

ਸੰਤ ਸੀਚੇਵਾਲ ਨੇ ਮੁੱਖ ਮੰਤਰੀ ਨੂੰ ਮਾਮਲੇ ਦੀ ਗੰਭੀਰਤਾ ਦੱਸਦਿਆ ਕਿਹਾ ਕਿ ਮਈ ਦਾ ਸਾਰਾ ਮਹੀਨਾ ਚੋਣਾਂ ਵਿੱਚ ਲੰਘ ਜਾਵੇਗਾ ਅਤੇ ਜੂਨ-ਜੁਲਾਈ ਵਿੱਚ ਮੀਂਹ ਪੈਣ ਦੀਆਂ ਸੰਭਾਵਨਾਵਾਂ ਹੁੰਦੀਆਂ ਹਨ, ਅਜਿਹੀ ਸਥਿਤੀ ਵਿੱਚ ਮਿੱਟੀ ਚੁੱਕਣ ਵਿੱਚ ਮੁਸ਼ਕਿਲ ਪੇਸ਼ ਆਵੇਗੀ। ਸੰਤ ਸੀਚੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਭਰੋਸਾ ਦਿੱਤਾ ਕਿ ਇਹ ਲੋਕਾਂ ਦੇ ਜੀਵਨ ਨਾਲ ਜੁੜਿਆ ਹੋਇਆ ਸਿੱਧਾ ਮਸਲਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਸੀਨੀਅਰ ਅਧਿਕਾਰੀਆਂ ਨਾਲ ਗੱਲ ਕਰਕੇ ਕੰਮ ਸ਼ੁਰੂ ਕਰਵਾ ਦੇਣਗੇ ਤਾਂ ਜੋ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਸਕੇ। 

PunjabKesari

ਇਸੇ ਦੌਰਾਨ ਸੰਤ ਸੀਚੇਵਾਲ ਨੇ ਹੜ੍ਹ ਰੋਕੂ ਕਮੇਟੀ ਵੱਲੋਂ ਵੀ ਇੱਕ ਮੈਮਰੰਡਮ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਸੌਂਪਿਆ, ਜਿਸ ਵਿੱਚ ਦਰਜਨ ਤੋਂ ਵੱਧ ਪਿੰਡਾਂ ਦੇ ਪੰਚਾਂ ਤੇ ਸਰਪੰਚਾਂ ਨੇ ਦਸਤਖਤ ਕਰਕੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਹੜ੍ਹਾਂ ਨਾਲ ਹੋਣ ਵਾਲੀ ਤਬਾਹੀ ਤੋਂ ਬਚਾਇਆ ਜਾਵੇ। ਸੰਤ ਸੀਚੇਵਾਲ ਨੇ ਦੱਸਿਆ ਕਿ ਵਾਤਾਵਰਨ ਦਾ ਏਜੰਡਾ ਉਨ੍ਹਾਂ ਵੱਲੋਂ ਸਾਰਿਆਂ ਨੂੰ ਦਿੱਤਾ ਜਾ ਰਿਹਾ ਹੈ ਤਾਂ ਜੋ ਰਾਜਨੀਤਿਕ ਪਾਰਟੀਆਂ ਇਸ ਗੰਭੀਰ ਮੁੱਦੇ ‘ਤੇ ਚੋਣਾਂ ਦੌਰਾਨ ਚਰਚਾ ਕਰ ਸਕਣ। ਸੰਤ ਸੀਚੇਵਾਲ ਨੇ ਦੱਸਿਆ ਕਿ ਫਰੀਦਕੋਟ ਤੋਂ ਚੋਣ ਲੜ ਰਹੇ ਕਰਮਜੀਤ ਸਿੰਘ ਅਨਮੋਲ ਵਾਤਾਵਰਨ ਦੇ ਮੁੱਦੇ ਨੂੰ ਸੁਚੱਜੇ ਢੰਗ ਨਾਲ ਉਠਾ ਰਹੇ ਹਨ। ਉਨ੍ਹਾਂ ਨੇ ਬਾਬਾ ਫਰੀਦ ਦੀ ਧਰਤੀ ਫਰੀਦਕੋਟ ਨੂੰ ਹਰਿਆ-ਭਰਿਆ ਕਰਨ ਦਾ ਅਹਿਦ ਲਿਆ ਹੈ।

PunjabKesari

ਇਸ ਮੌਕੇ ਹਲਕਾ ਸ਼ਾਹਕੋਟ ਦੇ ਇੰਚਾਰਜ ਪਿੰਦਰ ਪੰਡੋਰੀ ਵੀ ਹਾਜ਼ਰ ਸਨ। ਉਨ੍ਹਾਂ ਨੇ ਵੀ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਗਿੱਦੜਪਿੰਡੀ ਦੇ ਰੇਲਵੇ ਪੁਲ ਹੇਠੋਂ ਮਿੱਟੀ ਕੱਢਣੀ ਬੇਹੱਦ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਉੱਥੇ ਕੁਝ ਲੋਕ ਦਰਿਆ ਦੀ ਜ਼ਮੀਨ 'ਤੇ ਨਜ਼ਾਇਜ ਕਬਜ਼ਾ ਕਰਕੇ ਬੈਠੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੱਸਿਆ ਕਿ ਹੜ੍ਹਾਂ ਨਾਲ ਸਾਲ 2019 ਵਿੱਚ ਪੰਜਾਬ ਸਰਕਾਰ ਦਾ 1200 ਕਰੋੜ ਦਾ ਨੁਕਸਾਨ ਹੋਇਆ ਸੀ, ਜਦ ਕਿ ਦਰਿਆ ਦੇ ਅੰਦਰ ਨਜ਼ਾਇਜ ਕਬਜ਼ਾ ਕਰੀ ਬੈਠੇ ਲੋਕਾਂ ਦੀਆਂ ਫਸਲਾਂ ਬਚ ਗਈਆਂ ਸਨ ਤੇ ਧੁੱਸੀ ਬੰਨ੍ਹ ਤੋਂ ਬਾਹਰ ਬੈਠੇ ਦਰਜਨਾਂ ਪਿੰਡਾਂ ਦੀਆਂ ਹਜ਼ਾਰਾਂ ਏਕੜ ਫਸਲ ਤਬਾਹ ਹੋ ਗਈ ਸੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਆਪਣੀ ਧੀ ਨਿਆਮਤ ਕੌਰ ਨੂੰ ਲੈਕੇ ਆਈ। ਸੰਤ ਸੀਚੇਵਾਲ ਨੇ ਨਿਆਮਤ ਕੌਰ ਨੂੰ ਪਿਆਰ ਦਿੱਤਾ ਤੇ ਬੇਟੀ ਦੀ ਤੰਦਰੁਸਤੀ ਲਈ ਅਰਦਾਸ ਬੇਨਤੀ ਕੀਤੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


Harpreet SIngh

Content Editor

Related News