ਸੰਯੁਕਤ ਕਿਸਾਨ ਮੋਰਚੇ ਨੇ 13 ਅਤੇ 26 ਜਨਵਰੀ ਨੂੰ ਲੈ ਕੇ ਕੀਤਾ ਵੱਡਾ ਐਲਾਨ

Thursday, Jan 09, 2025 - 06:20 PM (IST)

ਸੰਯੁਕਤ ਕਿਸਾਨ ਮੋਰਚੇ ਨੇ 13 ਅਤੇ 26 ਜਨਵਰੀ ਨੂੰ ਲੈ ਕੇ ਕੀਤਾ ਵੱਡਾ ਐਲਾਨ

ਮੋਗਾ (ਕਸ਼ਿਸ਼) : ਸੰਯੁਕਤ ਕਿਸਾਨ ਮੋਰਚਾ ਵਲੋਂ 13 ਜਨਵਰੀ ਨੂੰ ਤਹਿਸੀਲ ਹੈਡਕੁਆਰਟਰਾਂ ਉੱਤੇ ਕੌਮੀ ਖੇਤੀ ਮੰਡੀਕਰਨ ਨੀਤੀ ਖਰੜੇ ਦੀਆਂ ਕਾਪੀਆਂ ਸਾੜਣ ਅਤੇ ਪਿਛਲੇ ਸਾਲਾਂ ਦੀ ਤਰਜ਼ ਉੱਤੇ 26 ਜਨਵਰੀ ਨੂੰ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਐਕਸ਼ਨ ਪ੍ਰੋਗਰਾਮਾਂ ਵਿਚ ਕੌਮੀ ਖੇਤੀ ਮੰਡੀਕਰਨ ਨੀਤੀ ਖਰੜੇ ਨੂੰ ਰੱਦ ਕਰਨ, ਸਵਾਮੀਨਾਥਨ ਫਾਰਮੂਲੇ ਤਹਿਤ ਐੱਮ. ਐੱਸ. ਪੀ. ਤੇ ਖ੍ਰੀਦ ਦਾ ਗਾਰੰਟੀ ਕਾਨੂੰਨ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਦੀ ਮੰਗ ਕਰਨ ਦੇ ਨਾਲ-ਨਾਲ ਬਾਰਡਰਾਂ 'ਤੇ ਸੰਘਰਸ਼ੀਲ ਕਿਸਾਨਾਂ ਦਾ ਸਮਰਥਨ ਕੀਤਾ ਜਾਵੇਗਾ। ਉਪਰੋਕਤ ਐਲਾਨ ਅੱਜ ਮੋਗਾ ਵਿਖੇ ਸੰਯੁਕਤ ਕਿਸਾਨ ਮੋਰਚਾ ਵਲੋਂ ਕੀਤੀ ਗਈ ਮਹਾਂਪੰਚਾਇਤ ਦੌਰਾਨ ਕੀਤੇ ਗਏ। ਵਰਣਨਯੋਗ ਹੈ ਕਿ ਮੋਗਾ ਵਿਖੇ ਸੰਯੁਕਤ ਕਿਸਾਨ ਮੋਰਚਾ ਦੀ ਮਹਾਂਪੰਚਾਇਤ ਵਿਚ ਪੰਜਾਬ ਦੇ ਕੋਨੇ ਕੋਨੇ ਤੋਂ ਵਹੀਰਾਂ ਘੱਤ ਕੇ ਸ਼ਾਮਲ ਹੋਏ ਕਿਸਾਨਾਂ ਕਾਰਨ ਰਿਕਾਰਡ ਤੋੜ ਜਨ ਸੈਲਾਬ ਉਮੜਿਆ। ਮੋਗਾ ਮਹਾਂਪੰਚਾਇਤ ਵਿਚ ਜੁੜੇ ਇਕੱਠ ਨੇ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਵਾਉਣ, ਸਵਾਮੀਨਾਥਨ ਫਾਰਮੂਲੇ ਤਹਿਤ ਐੱਮ. ਐੱਸ. ਪੀ. 'ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ ਸਮੇਤ ਦਿੱਲੀ ਮੋਰਚੇ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਅਤੇ ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਖਾਤਰ ਕਿਸਾਨ ਲਹਿਰ ਦੇ ਸਾਂਝੇ/ਤਾਲਮੇਲ ਸੰਘਰਸ਼ ਦੀ ਲੋੜ ਦੇ ਮੱਦੇਨਜ਼ਰ ਏਕਤਾ ਮਤਾ ਪਾਸ ਕੀਤਾ। ਸੰਯੁਕਤ ਕਿਸਾਨ ਮੋਰਚਾ ਦੀ ਛੇ ਮੈਂਬਰੀ ਏਕਤਾ ਕਮੇਟੀ ਭਲਕੇ 10 ਜਨਵਰੀ ਨੂੰ ਖਨੌਰੀ ਅਤੇ ਸ਼ੰਭੂ ਬਾਰਡਰ ਵਿਖੇ ਏਕਤਾ ਦਾ ਇਹ ਮਤਾ ਲੈਕੇ ਜਾਵੇਗੀ। ਇਸ ਵਿਚ 15 ਜਨਵਰੀ ਨੂੰ ਪਟਿਆਲਾ ਦੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਸਾਂਝੀ ਮੀਟਿੰਗ ਕਰਨ ਦਾ ਸੱਦਾ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਆਉਣ ਵਾਲੀ ਸੰਗਤ ਲਈ ਵੱਡੀ ਖ਼ਬਰ, ਡੇਰੇ ਨੇ ਬੰਦ ਕੀਤਾ ਇਹ ਕਲਚਰ

ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਦਿਨੋਂ ਦਿਨ ਗੰਭੀਰ ਹੋ ਰਹੀ ਹਾਲਤ ਲਈ ਕੇਂਦਰ ਸਰਕਾਰ ਖਾਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀ ਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਦੱਸਦਿਆਂ ਸੰਯੁਕਤ ਕਿਸਾਨ ਮੋਰਚਾ ਨੇ ਜ਼ੋਰਦਾਰ ਮੰਗ ਕੀਤੀ ਕਿ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਕੇਂਦਰ ਸਰਕਾਰ ਤੁਰੰਤ ਸੰਘਰਸ਼ੀਲ ਜਥੇਬੰਦੀਆਂ ਨਾਲ ਗੱਲਬਾਤ ਸ਼ੁਰੂ ਕਰੇ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕੇਂਦਰ ਸਰਕਾਰ ਨੂੰ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇਕਰ ਜਗਜੀਤ ਸਿੰਘ ਡੱਲੇਵਾਲ ਦਾ ਕੋਈ ਨੁਕਸਾਨ ਹੋਇਆ ਤਾਂ ਮੋਰਚਾ ਸਖ਼ਤ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟੇਗਾ। ਮਹਾਂਪੰਚਾਇਤ ਵਿਚ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਇਤਿਹਾਸਕ ਸੰਘਰਸ਼ ਨਾਲ ਰੱਦ ਕਰਵਾਏ ਗਏ ਤਿੰਨ ਕਾਨੂੰਨਾਂ ਦਾ ਨਵਾਂ ਅਤੇ ਖ਼ਤਰਨਾਕ ਰੂਪ ਦੱਸਦਿਆਂ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਵਿਸ਼ਵ ਵਪਾਰ ਸੰਸਥਾ ਦੀਆਂ ਸਾਮਰਾਜੀ ਨੀਤੀਆਂ ਤਹਿਤ ਸੰਵਿਧਾਨਕ ਸੰਘਵਾਦ ਦੀ ਭਾਵਨਾ ਦੇ ਉਲਟ ਜਾਕੇ ਇਕ ਵਾਰ ਫਿਰ ਆਪਣੇ ਕਾਰਪੋਰੇਟ ਮਿੱਤਰਾਂ ਦੀ ਖਾਤਰ ਦੇਸ਼ ਦੇ ਕਿਸਾਨਾਂ ਵਿਰੁੱਧ ਹਮਲਾ ਵਿੱਢ ਦਿੱਤਾ ਹੈ ਜਿਸ ਨੂੰ ਮੂਕ ਦਰਸ਼ਕ ਬਣ ਕੇ ਵੇਖਿਆ ਨਹੀਂ ਜਾ ਸਕਦਾ। 

ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, ਸਰਕਾਰ ਨੇ ਜਾਰੀ ਕੀਤੇ ਹੁਕਮ

ਉਨ੍ਹਾਂ ਨੇ ਸੂਬਾ ਸਰਕਾਰਾਂ ਤੋਂ ਮੰਗ ਕੀਤੀ ਕਿ ਉਹ ਸੰਘਵਾਦ ਦੀ ਰਾਖੀ ਲਈ ਇਸ ਖਰੜੇ ਨੂੰ ਰੱਦ ਕਰਨ ਸਬੰਧੀ ਵਿਧਾਨ ਸਭਾਵਾਂ ਵਿਚ ਮਤੇ ਪਾਸ ਕਰਨ। ਵਿਰੋਧੀ ਪਾਰਟੀਆਂ ਦੀਆਂ ਸੂਬਾਈ ਸਰਕਾਰਾਂ ਨੂੰ ਇਸ ਮਾਮਲੇ ਵਿਚ ਪਹਿਲ ਕਰਨ ਦੀ ਅਪੀਲ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਬੁਲਾਰਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਇਸ ਖਰੜੇ ਨੂੰ ਰੱਦ ਕਰਨ ਸਬੰਧੀ ਦਿੱਤੇ ਬਿਆਨ ਦਾ ਸਵਾਗਤ ਕੀਤਾ। ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਫੌਰੀ ਤੌਰ 'ਤੇ ਵਿਧਾਨ ਸਭਾ ਦਾ ਇਜਲਾਸ ਬੁਲਾ ਕੇ ਇਸ ਖਰੜੇ ਨੂੰ ਰੱਦ ਕਰਨ ਦਾ ਮਤਾ ਪਾਸ ਕਰਨ ਦਾ ਕੀਤਾ ਵਾਅਦਾ ਪੂਰਾ ਕਰੇ। ਆਗੂਆਂ ਨੇ ਇਸ ਖਰੜੇ ਨੂੰ ਰੱਦ ਕਰਵਾਉਣ ਲਈ ਕਿਸਾਨ ਲਹਿਰ ਦੀ ਵਿਆਪਕ ਏਕਤਾ ਬਣਾ ਕੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਸੰਘਰਸ਼ ਲਈ ਕਿਸਾਨਾਂ ਨੂੰ ਤਿਆਰ ਬਰ ਤਿਆਰ ਰਹਿਣ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ : HMPV ਵਾਇਰਸ ਨੂੰ ਲੈ ਕੇ ਪੰਜਾਬ ਵਿਚ ਜਾਰੀ ਹੋਈ ਐਡਵਾਈਜ਼ਰੀ

ਐੱਮ. ਐੱਸ. ਪੀ ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ ਸਬੰਧੀ ਸੰਸਦ ਦੀ ਸਥਾਈ ਕਮੇਟੀ ਵਲੋਂ ਸਿਫਾਰਸ਼ ਕਰਨ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਸਥਾਈ ਕਮੇਟੀ ਨੇ ਕਿਸਾਨਾਂ ਦੀ ਮੰਗ ਸਬੰਧੀ ਸਵਾਮੀਨਾਥਨ ਫਾਰਮੂਲੇ ਨੂੰ ਵਿਸਾਰ ਕੇ ਅਧੂਰੀ ਸਿਫਾਰਸ਼ ਕੀਤੀ ਹੈ। ਸੰਯੁਕਤ ਕਿਸਾਨ ਮੋਰਚਾ ਨੂੰ ਇਹ ਅਧੂਰੀ ਸਿਫਾਰਸ਼ ਮੰਜ਼ੂਰ ਨਹੀਂ। ਬੁਲਾਰਿਆਂ ਨੇ ਸਵਾਮੀਨਾਥਨ ਫਾਰਮੂਲੇ ਤਹਿਤ ਐੱਮ. ਐੱਸ. ਪੀ ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਵਾਉਣ ਲਈ ਲੰਮੇ ਸੰਘਰਸ਼ ਦੀ ਲੋੜ 'ਤੇ ਜ਼ੋਰ ਦਿੱਤਾ। ਮਹਾਂਪੰਚਾਇਤ ਨੂੰ ਬਲਬੀਰ ਸਿੰਘ ਰਾਜੇਵਾਲ, ਰਾਕੇਸ਼ ਟਿਕੈਤ, ਜੋਗਿੰਦਰ ਸਿੰਘ ਉਗਰਾਹਾਂ, ਰਾਮਿੰਦਰ ਸਿੰਘ ਪਟਿਆਲਾ ਹਰਮੀਤ ਸਿੰਘ ਕਾਦੀਆਂ,ਡਾ ਦਰਸ਼ਨਪਾਲ, ਕ੍ਰਿਸ਼ਨਾ ਪ੍ਰਸ਼ਾਦ,ਬੂਟਾ ਸਿੰਘ ਬੁਰਜਗਿੱਲ, ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ,ਡਾ ਸਤਨਾਮ ਸਿੰਘ ਅਜਨਾਲਾ,ਰਾਜਨ ਸ੍ਰੀਸਾਗਰ, ਬਲਕਰਨ ਸਿੰਘ ਬਰਾੜ, ਬਿੰਦਰ ਸਿੰਘ ਗੋਲੇਵਾਲਾ, ਰੁਲਦੂ ਸਿੰਘ ਮਾਨਸਾ, ਜੋਗਿੰਦਰ ਨੈਨ, ਸੁਰੇਸ਼ ਕੌਥ, ਨਿਰਵੈਲ ਸਿੰਘ ਡਾਲੇਕੇ, ਹਰਜਿੰਦਰ ਸਿੰਘ ਟਾਂਡਾ, ਹਰਦੇਵ ਸਿੰਘ ਸੰਧੂ, ਨਛੱਤਰ ਸਿੰਘ ਜੈਤੋ, ਪ੍ਰੇਮ ਸਿੰਘ ਭੰਗੂ, ਸੁਖਦੇਵ ਸਿੰਘ ਅਰਾਈਆਂਵਾਲਾ,ਰੂਪ ਬਸੰਤ ਸਿੰਘ,ਮਲੂਕ ਸਿੰਘ ਹੀਰਕੇ,ਸੁਖ ਗਿੱਲ ਮੋਗਾ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲੀ ਨੰਗਲ, ਹਰਵਿੰਦਰ ਕੌਰ ਬਿੰਦੂ, ਗੁਰਦੇਵ ਸਿੰਘ ਢਿੱਲੋਂ ਆਦਿ ਸਮੇਤ ਹੋਰ ਕਈ ਬੁਲਾਰਿਆਂ ਨੇ ਸੰਬੋਧਨ ਕੀਤਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News