''ਆਪ'' ਆਗੂ ਸਰਬਜੀਤ ਕੌਰ ਮਾਣੂਕੇ ਦਾ ਕੈਪਟਨ ''ਤੇ ਵੱਡਾ ਹਮਲਾ, ਪੰਜਾਬ ਦੀ ਬਰਬਾਦੀ ਲਈ ਦੱਸਿਆ ਜ਼ਿੰਮੇਵਾਰ
Friday, Sep 17, 2021 - 10:02 AM (IST)
ਨਾਭਾ (ਜੈਨ) : ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਉਪ ਨੇਤਾ ਤੇ ਆਮ ਆਦਮੀ ਪਾਰਟੀ ਦੀ ਹਲਕਾ ਜਗਰਾਓਂ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਨੇ ਇਥੇ ਪਾਰਟੀ ਦੇ ਹਲਕਾ ਇੰਚਾਰਜ ਤੇ ਮੁੱਖ ਬੁਲਾਰੇ ਗੁਰਦੇਵ ਸਿੰਘ ਦੇਵਮਾਨ ਦੀ ਰਿਹਾਇਸ਼ ਵਿਖੇ ਆਪ ਦੇ ਅਹੁਦੇਦਾਰਾਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਗੱਲਬਾਤ ਕਰਦਿਆਂ ਸਰਬਜੀਤ ਕੌਰ ਮਾਣੂਕੇ ਨੇ ਦੋਸ਼ ਲਾਇਆ ਕਿ ਪੰਜਾਬ ਵਿਚ ਪਿਛਲੇ 55 ਮਹੀਨਿਆਂ ਦੌਰਾਨ ਵਿਕਾਸ ਨਹੀਂ, ਸਗੋਂ ਵਿਨਾਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਬਰਬਾਦੀ ਲਈ ਕੈਪਟਨ ਅਮਰਿੰਦਰ ਸਿੰਘ ਤੇ ਬਾਦਲ ਪਰਿਵਾਰ ਦੋਵੇਂ ਹੀ ਬਰਾਬਰ ਦੇ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਲੰਬਾ ਅਰਸਾ ਪੰਜਾਬ ਵਿਚ ਫਰੈਂਡਲੀ ਮੈਚ ਖੇਡ ਕੇ ਸ਼ਾਸ਼ਨ ਕੀਤਾ। ਇਸ ਮੌਕੇ ਕਾਨੂੰਨ ਵਿਵਸਥਾ ਦੀ ਹਾਲਤ ਖ਼ਰਾਬ ਹੈ।
ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਸਮਾਜ ਵਿਰੋਧੀ ਅਨਸਰਾਂ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2017 ਦੀਆਂ ਚੋਣਾਂ ਸਮੇਂ ਲੋਕਾਂ ਤੇ ਨੌਜਵਾਨਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਹੁਣ ਤੱਕ ਨਾ ਹੀ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮਿਲਿਆ ਤੇ ਨਾ ਹੀ ਚਿੱਟਾ ਨਸ਼ਾ ਕਾਰੋਬਾਰ ਖ਼ਤਮ ਹੋਇਆ। ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾ ਨਹੀਂ ਦਿੱਤੀ ਗਈ, ਜੋ ਗੰਭੀਰ ਮਾਮਲਾ ਹੈ। ਬੀਬੀ ਮਾਣੂਕੇ ਨੇ ਕਿਹਾ ਕਿ ਦਲਿਤ ਵਿਦਿਆਰਥੀਆਂ ਦੇ ਵਜੀਫ਼ੇ ਦੀ ਕਰੋੜਾਂ ਰੁਪਏ ਦੀ ਰਾਸ਼ੀ ਦਾ ਘਪਲਾ ਹੋਇਆ ਪਰ ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਕੇ ਸਪੱਸ਼ਟ ਕਰ ਦਿੱਤਾ ਕਿ ਦਾਲ ਵਿਚ ਕੁੱਝ ਕਾਲਾ ਨਹੀਂ, ਸਗੋਂ ਸਾਰੀ ਦਾਲ ਹੀ ਕਾਲੀ ਹੈ। ਉਨ੍ਹਾਂ ਕਿਹਾ ਕਿ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਹੋ ਗਿਆ।
ਇਨਸਾਫ਼ ਮੰਗਣ ਵਾਲਿਆਂ ਨੂੰ ਪੁਲਸ ਡੰਡਿਆਂ ਨਾਲ ਕੁੱਟਿਆ ਜਾ ਰਿਹਾ ਹੈ। ਥਾਂ-ਥਾਂ ਰੋਸ ਮੁਜ਼ਾਹਰੇ ਹੋ ਰਹੇ ਹਨ ਪਰ ਕਾਂਗਰਸ ਸਰਕਾਰ ਜਬਰ-ਜ਼ੁਲਮ ਰਾਹੀਂ ਸਰਕਾਰੀ ਮੁਲਾਜ਼ਮਾਂ ਦੀ ਆਵਾਜ਼ ਨੂੰ ਬੰਦ ਕਰਕੇ ਤਾਨਾਸ਼ਾਹੀ ਰਵੱਈਏ ਨਾਲ ਸ਼ਾਸ਼ਨ ਕਰ ਰਹੀ ਹੈ, ਜਿਸ ਦਾ ਖਾਮਿਆਜ਼ਾ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਭੁਗਤਣਾ ਪਵੇਗਾ। ਬੀਬੀ ਸਰਬਜੀਤ ਕੌਰ ਮਾਣੂਕੇ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਵੱਡਾ ਸਿਆਸੀ ਹਮਲਾ ਕਰਦਿਆਂ ਮੰਗ ਕੀਤੀ ਕਿ ਉਨ੍ਹਾਂ ਵਲੋਂ 4-5 ਭ੍ਰਿਸ਼ਟ ਵਜ਼ੀਰਾਂ ਦੇ ਕਥਿਤ ਘਪਲਿਆਂ/ਕਾਲੇ ਕਾਰਨਾਮਿਆਂ ਦੀ ਸੋਨੀਆ ਗਾਂਧੀ ਨੂੰ ਦਿੱਤੀ ਗਈ ਫਾਈਲ ਜਨਤਕ ਕੀਤੀ ਜਾਵੇ। ਨਵਜੋਤ ਸਿੱਧੂ ਵਲੋਂ ਵੀ ਮਾਫੀਆ ਗਰੁੱਪ ’ਤੇ ਸੰਗੀਨ ਦੋਸ਼ ਲਾਏ ਗਏ ਸਨ ਪਰ ਇਸ ਸਮੇਂ ਕੁੱਝ ਕਾਂਗਰਸੀਆਂ ਵਿਚ ਕੁਰਸੀ ਬਚਾਉਣ ਲਈ ਅਤੇ ਕੁੱਝ ਕਾਂਗਰਸੀਆਂ ਵਲੋਂ ਕੁਰਸੀ ਪ੍ਰਾਪਤ ਕਰਨ ਲਈ ਦੌੜ ਲੱਗੀ ਹੋਈ ਹੈ, ਜਿਸ ਦਾ ਖਾਮਿਆਜ਼ਾ ਪੰਜਾਬ ਵਾਸੀ ਭੁਗਤ ਰਹੇ ਹਨ।
ਮੁੱਖ ਮੰਤਰੀ ਪੰਜਾਬ ਵਿਧਾਨ ਸਭਾ ਵਿਚ ਕੁੱਝ ਬੋਲਦੇ ਹਨ, ਬਾਹਰ ਕੁੱਝ ਬੋਲਦੇ ਹਨ। ਹੁਣ ਚੋਣਾਂ ਵੇਲੇ ਕਾਂਗਰਸ ਨੂੰ ਲੋਕ ਯਾਦ ਆਉਣ ਲੱਗ ਪਏ ਹਨ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਰਾਸ਼ੀ ਹੜੱਪ ਕਰਨ ਵਾਲੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਸਮੇਤ ਪੰਜ ਵਜੀਰਾਂ ਨੂੰ ਪਹਿਲ ਦੇ ਆਧਾਰ ’ਤੇ ਸਲਾਖ਼ਾਂ ਪਿੱਛੇ ਭੇਜਿਆ ਜਾਵੇਗਾ। ਭ੍ਰਿਸ਼ਟਾਚਾਰ ਤੇ ਬੇਰੁਜ਼ਗਾਰੀ ਨੂੰ ਖ਼ਤਮ ਕਰਕੇ ਲੋਕਾਂ ਨੂੰ ਸਸਤੀ ਬਿਜਲੀ ਦਿੱਤੀ ਜਾਵੇਗੀ। ਚੋਣ ਜ਼ਾਬਤਾ ਲੱਗ ਜਾਣ ਤੋਂ ਬਾਅਦ ਕਾਂਗਰਸ ਤੇ ਅਕਾਲੀ ਨਜ਼ਰ ਨਹੀਂ ਆਉਣਗੇ। ਇਸ ਮੌਕੇ ਗੁਰਦੇਵ ਸਿੰਘ ਦੇਵਪਮਾਨ, ਸਰੋਜ ਰਾਣੀ ਗਰਗ, ਸੰਦੀਪ ਗਰਗ, ਅਜੇ ਜਿੰਦਲ, ਰਾਣਾ ਨਾਭਾ, ਲਲਿਤ ਮਿੰਟੂ ਤੇ ਡਾ. ਵਿੱਕੀ ਡੱਲਾ ਵੀ ਹਾਜ਼ਰ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ