''ਸਰਬੱਤ ਸਿਹਤ ਬੀਮਾ ਯੋਜਨਾ'' ਤਹਿਤ ਬਣੇ 1 ਲੱਖ 81 ਹਜ਼ਾਰ ਕਾਰਡ
Saturday, Jun 19, 2021 - 12:05 PM (IST)
ਮੋਹਾਲੀ (ਜ. ਬ.) : ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ ਲੋੜਵੰਦ ਲੋਕਾਂ ਲਈ 5 ਲੱਖ ਰੁਪਏ ਤਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਇਸ ਯੋਜਨਾ ਤਹਿਤ ਜ਼ਿਲ੍ਹੇ ਵਿਚ ਹੁਣ ਤਕ 1 ਲੱਖ 81 ਹਜ਼ਾਰ 619 ਕਾਰਡ ਬਣਾਏ ਜਾ ਚੁੱਕੇ ਹਨ ਅਤੇ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਕਾਰਡ ਬਣਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਯੋਜਨਾ ਦੇ ਈ-ਕਾਰਡ ‘ਕਾਮਨ ਸਰਵਿਸ ਸੈਂਟਰਾਂ’ (ਸੀ. ਐੱਸ. ਸੀਜ.) ਅਤੇ ਸੇਵਾ ਕੇਂਦਰਾਂ ’ਤੇ ਵੀ ਬਣਾਏ ਜਾ ਸਕਦੇ ਹਨ।
ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ- ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਅਤੇ ਪੀਲੇ ਕਾਰਡਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਆਦਿ ਆਪਣੇ-ਆਪ ਨੂੰ ਇੰਪੈਨਲਡ ਹਸਪਤਾਲਾਂ ਵਿਚ ਪ੍ਰਤੀ ਪਰਿਵਾਰ 5 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਰਜਿਸਟਰੇਸ਼ਨ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬੰਧਿਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਹ ਯਕੀਨੀ ਬਣਾਉਣ ਕਿ ਇਸ ਸਕੀਮ ਤਹਿਤ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਕਵਰ ਕੀਤਾ ਜਾਵੇ, ਜਿਨ੍ਹਾਂ ਦੇ ਅਜੇ ਤਕ ਇਸ ਸਕੀਮ ਦੇ ਲਾਭਹਿੱਤ ਕਾਰਡ ਨਹੀਂ ਬਣਵਾਏ।