ਰੋਜ਼ੀ-ਰੋਟੀ ਤੋਂ ਵਾਂਝੇ ਸ਼੍ਰੋਮਣੀ ਕਮੇਟੀ ਦੇ ਪਾਠੀ ਸਿੰਘਾਂ ਦੀ ਮਦਦ ਲਈ ਅੱਗੇ ਆਇਆ ਸਰਬੱਤ ਦਾ ਭਲਾ ਟਰੱਸਟ

Thursday, May 07, 2020 - 07:24 PM (IST)

ਅੰਮ੍ਰਿਤਸਰ (ਗਿੱਲ) : ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਪ੍ਰਭਾਵਤ ਹੋਏ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣ ਦੀ ਵਿੱਢੀ ਗਈ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਗੁਰੂ ਕੀ ਵਡਾਲੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੇਰੁਜ਼ਗਾਰ ਹੋਏ 50 ਪਾਠੀ ਸਿੰਘਾਂ ਦੇ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਰਾਸ਼ਨ ਵੰਡਣ ਪਹੁੰਚੇ ਟਰੱਸਟ ਦੇ ਜ਼ਿਲਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਵਿੱਤ ਸਕੱਤਰ ਨਵਜੀਤ ਸਿੰਘ ਘਈ ਆਦਿ ਨੇ ਦੱਸਿਆ ਕਿ ਡਾ.ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਅੰਮ੍ਰਿਤਸਰ ਜ਼ਿਲੇ ਅੰਦਰ ਦੂਜੇ ਪੜਾਅ ਤਹਿਤ ਬੀਤੇ ਦਿਨ ਤੋਂ ਸੁੱਕਾ ਰਾਸ਼ਨ ਵੰਡਣ ਦੀ ਕੀਤੀ ਸ਼ੁਰੂਆਤ ਅਧੀਨ ਅੱਜ ਗੁਰੂ ਨਗਰੀ ਦੀ ਬੁੱਕਲ 'ਚ ਵੱਸਦੇ ਇਤਿਹਾਸਕ ਕਸਬੇ ਗੁਰੂ ਕੀ ਵਡਾਲੀ ਵਿਖੇ ਸ਼ੁਸ਼ੋਭਿਤ ਗੁਰਦੁਆਰਾ ਜਨਮ ਅਸਥਾਨ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵਿਖੇ ਦੇਸ਼ 'ਚ ਚੱਲ ਰਹੇ ਸੰਕਟਮਈ ਮਾਹੌਲ ਕਾਰਨ ਵੱਖ-ਵੱਖ ਗੁਰੂ ਘਰਾਂ ਅੰਦਰ ਚੱਲਣ ਵਾਲੀਆਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀਆਂ ਲੜੀਆਂ ਬੰਦ ਹੋਣ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਰੋਜ਼ੀ-ਰੋਟੀ ਤੋਂ ਆਤੁਰ ਹੋਏ 50 ਪਾਠੀ ਸਿੰਘਾਂ ਦੇ ਪਰਿਵਾਰਾਂ ਨੂੰ ਇਕ-ਇਕ ਮਹੀਨੇ ਦਾ ਰਾਸ਼ਨ ਦੇ ਕੇ ਉਨ੍ਹਾਂ ਦੀ ਮਦਦ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਅਜੋਕੇ ਮਾਹੌਲ ਦੇ ਚੱਲਦਿਆਂ ਅਜਿਹੇ ਬਹੁਤ ਸਾਰੇ ਮੱਧਵਰਤੀ ਪਰਿਵਾਰ ਵੀ ਟਰੱਸਟ ਦੇ ਧਿਆਨ 'ਚ ਆ ਰਹੇ ਹਨ ਜੋ ਮਜਬੂਰ ਹੋਣ ਦੇ ਬਾਵਜੂਦ ਵੀ ਕਿਸੇ ਕੋਲੋਂ ਮਦਦ ਲੈਣ ਲਈ ਝਿਜਕ ਰਹੇ ਹਨ। ਉਨ੍ਹਾਂ ਦੱਸਿਆ ਕਿ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਰਾਸ਼ਨ ਵੰਡਣ ਦੇ ਦੂਜੇ ਪੜਾਅ ਦੌਰਾਨ ਜਿੱਥੇ ਅਜਿਹੇ ਪਰਿਵਾਰਾਂ ਵੱਲ ਵੀ ਵਿਸ਼ੇਸ਼ ਧਿਆਨ ਦੇਣ ਲਈ ਟਰੱਸਟ ਦੀਆਂ ਜ਼ਿਲਾ ਇਕਾਈਆਂ ਨੂੰ ਕਿਹਾ ਗਿਆ ਹੈ ਉੱਥੇ ਹੀ ਉਨ੍ਹਾਂ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਜਿੰਨਾ ਚਿਰ ਤੱਕ ਹਾਲਾਤ ਠੀਕ ਨਹੀਂ ਹੋ ਜਾਂਦੇ ਉਨ੍ਹਾਂ ਚਿਰ ਤੱਕ ਟਰੱਸਟ ਵੱਲੋਂ ਹਰ ਮਹੀਨੇ ਦੀ ਸ਼ੁਰੂਆਤ 'ਚ ਹੀ ਲੋੜਵੰਦ ਪਰਿਵਾਰਾਂ ਤੱਕ ਸੁੱਕਾ ਰਾਸ਼ਨ ਪੁੱਜਦਾ ਕਰ ਦਿੱਤਾ ਜਾਇਆ ਕਰੇਗਾ।


Gurminder Singh

Content Editor

Related News