ਸਰਬੱਤ ਦਾ ਭਲਾ ਟਰੱਸਟ ਮਾਝਾ, ਮਾਲਵਾ ਤੇ ਦੋਆਬਾ ਖੇਤਰ ’ਚ ਆਪਣੇ ਪੱਧਰ ’ਤੇ ਲਾਵੇਗਾ 5 ਆਕਸੀਜਨ ਪਲਾਂਟ
Saturday, May 22, 2021 - 09:00 PM (IST)
ਰਾਜਾਸਾਂਸੀ(ਨਿਰਵੈਲ)- ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤੀਆਂ ਆਪਣੀ ਜੇਬ ’ਚੋਂ ਹੀ ਕਰੋੜਾਂ ਰੁਪਏ ਖਰਚ ਕਰ ਕੇ ਹਰ ਔਖੀ ਘੜੀ ਵੇਲੇ ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ ’ਚ ਸਭ ਤੋਂ ਅੱਗੇ ਹੋ ਕੇ ਮਸਾਲੀ ਸੇਵਾ ਨਿਭਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਵੱਲੋਂ ਹੁਣ ਜਿੱਥੇ ਆਪਣੇ ਪੱਧਰ ’ਤੇ ਹੀ ਸੂਬੇ ’ਚ ਪੰਜ ਆਕਸੀਜਨ ਪਲਾਂਟ ਲਾਉਣ ਦੀ ਕਾਰਵਾਈ ਆਰੰਭ ਦਿੱਤੀ ਹੈ, ਉਥੇ ਹੀ ਹਰੇਕ ਜ਼ਿਲ੍ਹੇ ਅੰਦਰ ਪ੍ਰਸ਼ਾਸਨ ਨੂੰ ਲੋੜੀਂਦੇ ਆਕਸੀਜਨ ਕੰਸਟ੍ਰੇਟਰ, ਵੈਂਟੀਲੇਟਰ, ਐਂਬੂਲੈਂਸਾਂ, ਅੰਤਿਮ ਯਾਤਰਾ ਵੈਨਾਂ, ਮ੍ਰਿਤਕ ਸਰੀਰ ਸਾਂਭਣ ਲਈ ਫਰੀਜ਼ਰ ਤੇ ਵੱਡੀ ਮਾਤਰਾ ’ਚ ਦਵਾਈਆਂ ਸਮੇਤ ਹੋਰ ਲੋੜੀਂਦੇ ਸਾਮਾਨ ਦੀ ਸਪਲਾਈ ਦੇਣੀ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਕੈਪਟਨ ਨੇ ਬਾਦਲਾਂ ਨੂੰ ਬਚਾਉਣ ਲਈ ਪੂਰੀ ਵਾਹ ਲਾਈ : ਢੀਂਡਸਾ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦੇ ਦੂਜੇ ਪੜਾਅ ਦੌਰਾਨ ਪੈਦਾ ਹੋਏ ਹਾਲਾਤਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਹੁਣ ਸਰਬੱਤ ਦਾ ਭਲਾ ਟਰੱਸਟ ਵੱਲੋਂ ਆਪਣੇ ਪੱਧਰ ’ਤੇ ਹੀ ਸੂਬੇ ਅੰਦਰ ਸਿਹਤ ਪ੍ਰਸ਼ਾਸਨ ਵੱਲੋਂ ਨਿਰਧਾਰਤ ਕੀਤੀਆਂ ਗਈਆਂ ਥਾਵਾਂ ’ਤੇ 5 ਨਵੇਂ ਆਕਸੀਜਨ ਪਲਾਂਟ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚੋਂ ਇਕ ਪਲਾਂਟ ਮਾਝਾ ਖੇਤਰ ਦੇ ਗੁਰੂ ਨਾਨਕ ਮੈਡੀਕਲ ਕਾਲਜ ਅੰਮ੍ਰਿਤਸਰ ’ਚ ਜਦ ਕਿ ਮਾਲਵਾ ਖੇਤਰ ਅੰਦਰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ, ਮੈਡੀਕਲ ਕਾਲਜ ਬਠਿੰਡਾ ਅਤੇ ਮੈਡੀਕਲ ਕਾਲਜ ਪਟਿਆਲਾ ’ਚ ਇਕ-ਇਕ ਪਲਾਂਟ ਸਥਾਪਿਤ ਕਰਨ ਤੋਂ ਇਲਾਵਾ ਇਕ ਪਲਾਂਟ ਦੋਆਬਾ ਖੇਤਰ ’ਚ ਲਾਇਆ ਜਾਵੇਗਾ।
ਇਹ ਵੀ ਪੜ੍ਹੋ : CBSE ਦਾ ਵੱਡਾ ਫੈਸਲਾ : ਸਕੂਲਾਂ ਨੂੰ ਵੈੱਬਸਾਈਟ ’ਤੇ ਫੀਸ ਦੇ ਨਾਲ ਦੇਣੀ ਹੋਵੇਗੀ 32 ਤਰ੍ਹਾਂ ਦੀ ਹੋਰ ਜਾਣਕਾਰੀ
ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਇਸ ਪ੍ਰਾਜੈਕਟ ਨੂੰ ਜਲਦ ਨੇਪਰੇ ਚੜ੍ਹਾਉਣ ਲਈ ਵੱਡੇ ਪੱਧਰ ’ਤੇ ਯਤਨ ਆਰੰਭੇ ਜਾ ਚੁੱਕੇ ਹਨ ਅਤੇ ਉਨ੍ਹਾਂ ਨੂੰ ਪੂਰਨ ਆਸ ਹੈ ਕਿ ਇਹ ਸਾਰੇ ਪਲਾਂਟ ਜੂਨ ਮਹੀਨੇ ਅੰਦਰ ਕੰਮ ਕਰਨਾ ਸ਼ੁਰੂ ਕਰ ਦੇਣਗੇ।
ਡਾ. ਓਬਰਾਏ ਨੇ ਦੱਸਿਆ ਕਿ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੁੰਦੀ ਹੈ ਕਿ ਜਦ ਵੀ ਕਿਸੇ ਥਾਂ ਤੋਂ ਮੈਡੀਕਲ ਨਾਲ ਸਬੰਧਤ ਕਿਸੇ ਸਾਮਾਨ ਦੀ ਡਿਮਾਂਡ ਟਰੱਸਟ ਕੋਲ ਪਹੁੰਚਦੀ ਹੈ ਤਾਂ ਉਸ ਨੂੰ ਤੁਰੰਤ ਪੂਰਿਆਂ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਸਰਬੱਤ ਦਾ ਭਲਾ ਟਰੱਸਟ ਵੱਲੋਂ ਜਿੱਥੇ ਵੱਖ-ਵੱਖ ਸਰਕਾਰੀ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਆਦਿ ਨੂੰ ਲੋੜੀਂਦਾ ਸਾਮਾਨ ਅਤੇ ਲੋੜਵੰਦਾਂ ਨੂੰ ਰਾਸ਼ਨ ਆਦਿ ਲਗਾਤਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਉੱਥੇ ਹੀ ਦਿੱਲੀ ਵਿਖੇ ਆਪਣੇ ਹੱਕਾਂ ਲਈ ਲੜ ਰਹੇ ਕਿਸਾਨਾਂ ਲਈ ਹੋਰਨਾਂ ਵੱਡੀਆਂ ਸਹੂਲਤਾਂ ਤੋਂ ਇਲਾਵਾ ਵੱਡੀ ਮਾਤਰਾ ’ਚ ਦਵਾਈ ਦੀਆਂ ਕਿੱਟਾਂ ਅਤੇ ਅਫ਼ਗ਼ਾਨਿਸਤਾਨ ਤੋਂ ਉਜੜ ਕੇ 20 ਹਜ਼ਾਰ ਸ਼ਰਨਾਰਥੀਆਂ ਲਈ ਵੀ ਮੈਡੀਕਲ ਦਾ ਸਾਮਾਨ ਅਤੇ ਰਾਸ਼ਨ ਦਿੱਤਾ ਜਾ ਰਿਹਾ ਹੈ।