‘ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਜਾਹੋ-ਜਲਾਲ ਨਾਲ ਮਨਾਈ ਜਾਵੇਗੀ’
Monday, Apr 03, 2023 - 12:13 AM (IST)
ਅੰਮ੍ਰਿਤਸਰ (ਸਰਬਜੀਤ) : ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਸਬੰਧੀ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਦਿੱਲੀ ਵਿਖੇ ਵਿਸ਼ੇਸ਼ ਇੱਕਤਰਤਾ ਕੀਤੀ ਗਈ, ਜਿਸ ’ਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸ਼ਤਾਬਦੀ ਦਾ ਮੁੱਖ ਸਮਾਗਮ 5 ਮਈ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਕੀਤਾ ਜਾਣਾ ਹੈ, ਜਦਕਿ ਇਸ ਤੋਂ ਪਹਿਲਾਂ ਦਿੱਲੀ ਵਿਖੇ ਵੀ ਕਈ ਸਮਾਗਮ ਆਯੋਜਿਤ ਕੀਤੇ ਜਾਣਗੇ। ਇਨ੍ਹਾਂ ਸਮਾਗਮਾਂ ਸਬੰਧੀ ਕੀਤੀ ਗਈ ਇਕੱਤਰਤਾ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਦੇ ਸਮਾਗਮ ਖਾਲਸਾਈ ਜਾਹੋ-ਜਲਾਲ ਨਾਲ ਮਨਾਏ ਜਾਣਗੇ।
ਇਹ ਖ਼ਬਰ ਵੀ ਪੜ੍ਹੋ : ਪ੍ਰੇਮਿਕਾ ਨੂੰ ਮਿਲਣ ਗਏ ਪ੍ਰੇਮੀ ਨੂੰ ਗਲ਼ਾ ਘੁੱਟ ਕੇ ਉਤਾਰਿਆ ਮੌਤ ਦੇ ਘਾਟ, ਨਹਿਰ ਕਿਨਾਰੇ ਸੁੱਟੀ ਲਾਸ਼
ਉਨ੍ਹਾਂ ਕਿਹਾ ਕਿ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਉਹ ਸਿੱਖ ਜਰਨੈਲ ਸੀ, ਜਿਸ ਨੇ ਮੁਗਲ ਬਾਦਸ਼ਾਹ ਦਾ ਦਿੱਲੀ ਤਖ਼ਤ ਪੁੱਟ ਕੇ ਸ੍ਰੀ ਅੰਮ੍ਰਿਤਸਰ ਲਿਆਂਦਾ ਸੀ। ਉਨ੍ਹਾਂ ਆਖਿਆ ਕਿ 18ਵੀਂ ਸਦੀ ਅੰਦਰ ਸਰਦਾਰ ਜੱਸਾ ਸਿੰਘ ਵੱਲੋਂ ਕੀਤੀ ਗਈ ਦਿੱਲੀ ਫ਼ਤਹਿ ਸਿੱਖ ਇਤਿਹਾਸ ਦਾ ਗੌਰਵਸ਼ਾਲੀ ਪੰਨਾ ਹੈ, ਜੋ ਸਿੱਖ ਕੌਮ ਲਈ ਫ਼ਖ਼ਰ ਵਾਲੀ ਗੱਲ ਹੈ। 12 ਮਿਸਲਾਂ ’ਚੋਂ ਇਕ ਸ਼ਕਤੀਸ਼ਾਲੀ ਮਿਸਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਅਗਵਾਈ ’ਚ ਚੱਲਦੀ ਸੀ। ਉਨ੍ਹਾ ਦੱਸਿਆ ਕਿ ਇਸ ਸਿੱਖ ਜਰਨੈਲ ਦੀ ਤੀਜੀ ਜਨਮ ਸ਼ਤਾਬਦੀ ਦਾ ਮੁੱਖ ਸਮਾਗਮ 5 ਮਈ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਪੰਥਕ ਰਵਾਇਤਾਂ ਨਾਲ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 16 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਤੋਂ ਖਾਲਸਾ ਫ਼ਤਿਹ ਮਾਰਚ ਆਰੰਭ ਹੋਵੇਗਾ, ਜੋ ਡੀ.ਡੀ.ਏ. ਮੈਦਾਨ ਹਰੀ ਨਗਰ ਵਿਖੇ ਪਹੁੰਚੇਗਾ। ਇਥੇ 17 ਅਪ੍ਰੈਲ ਨੂੰ ਕੀਰਤਨ ਦਰਬਾਰ ਹੋਵੇਗਾ, ਜਿਸ ’ਚ ਪੰਥ ਪ੍ਰਸਿੱਧ ਰਾਗੀ ਜਥੇ ਹਾਜ਼ਰੀ ਭਰਨਗੇ । ਇਸੇ ਤਰ੍ਹਾਂ 18 ਅਪ੍ਰੈਲ ਨੂੰ ਇਥੇ ਹੀ ਖਾਲਸਾਈ ਖੇਡਾਂ ਹੋਣਗੀਆਂ।
ਇਹ ਖ਼ਬਰ ਵੀ ਪੜ੍ਹੋ : ਫ਼ਸਲ ਦੇ ਮੁਆਵਜ਼ੇ ਸਬੰਧੀ ਐਕਸ਼ਨ ’ਚ ‘ਆਪ’ ਸਰਕਾਰ, PSPCL ਦੀ ਕਿਸਾਨਾਂ ਨੂੰ ਅਪੀਲ, ਪੜ੍ਹੋ Top 10
20 ਅਪ੍ਰੈਲ ਨੂੰ ਗੁਰਦੁਆਰਾ ਛੋਟੇ ਸਾਹਿਬਜ਼ਾਦੇ ਫ਼ਤਿਹ ਨਗਰ ਦਿੱਲੀ ਤੋਂ ਖ਼ਾਲਸਾ ਫ਼ਤਿਹ ਮਾਰਚ ਅਗਲੇ ਪੜਾਅ ਲਈ ਆਰੰਭ ਹੋਵੇਗਾ, ਜੋ ਕਰਨਾਲ ਵਿਖੇ ਰਾਤ ਵਿਸ਼ਰਾਮ ਕਰਕੇ 21 ਅਪ੍ਰੈਲ ਨੂੰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਪਹੁੰਚੇਗਾ। 22 ਅਪ੍ਰੈਲ ਨੂੰ ਖਾਲਸਾ ਮਾਰਚ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ, 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, 24 ਨੂੰ ਸ੍ਰੀ ਮੁਕਤਸਰ ਸਾਹਿਬ, 25 ਨੂੰ ਬਜੀਦਪੁਰ, 26 ਨੂੰ ਆਲਮਗੀਰ ਲੁਧਿਆਣਾ, 27 ਸ੍ਰੀ ਫਤਿਹਗੜ੍ਹ ਸਾਹਿਬ ਤੇ 28 ਅਪ੍ਰੈਲ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਾਤ ਦਾ ਵਿਸ਼ਰਾਮ ਕਰੇਗਾ। ਇਸੇ ਤਰ੍ਹਾ 29 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਚੱਲ ਕੇ ਰਾਤ ਗੁਰਦੁਆਰਾ ਸ੍ਰੀ ਮੌ ਸਾਹਿਬ ਫਿਲੌਰ, 30 ਨੂੰ ਜਲੰਧਰ, 1 ਮਈ ਨੂੰ ਕਰਤਾਰਪੁਰ, 2 ਨੂੰ ਸੁਲਤਾਨਪੁਰ ਲੋਧੀ ਤੇ 3 ਮਈ ਨੂੰ ਰਾਤ ਦਾ ਵਿਸ਼ਰਾਮ ਤਰਨਤਾਰਨ ਸਾਹਿਬ ਵਿਖੇ ਹੋਵੇਗਾ। 4 ਮਈ ਨੂੰ ਖਾਲਸਾ ਫ਼ਤਿਹ ਮਾਰਚ ਦੀ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਕੇ ਸੰਪੂਰਨਤਾ ਹੋਵੇਗੀ।
ਐਡਵੋਕੇਟ ਧਾਮੀ ਨੇ ਦੱਸਿਆ ਕਿ 5 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸ਼ਤਾਬਦੀ ਦਾ ਮੁੱਖ ਸਮਾਗਮ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਸੰਗਤ ਨੂੰ ਸ਼ਤਾਬਦੀ ਸਮਾਗਮਾਂ ’ਚ ਸ਼ਮੂਲੀਅਤ ਦੀ ਅਪੀਲ ਕੀਤੀ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ., ਸੀਨੀਅਰ ਅਕਾਲੀ ਆਗੂ ਹੀਰਾ ਸਿੰਘ ਗਾਬੜੀਆ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਗੁਰਬਖ਼ਸ਼ ਸਿੰਘ ਖਾਲਸਾ, ਕੁਲਵੰਤ ਸਿੰਘ ਮੰਨਣ, ਸਰਵਣ ਸਿੰਘ ਕੁਲਾਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ, ਤੇਜਿੰਦਰਪਾਲ ਸਿੰਘ, ਦਿੱਲੀ ਕਮੇਟੀ ਦੇ ਮੈਂਬਰ ਬੀਬੀ ਰਣਜੀਤ ਕੌਰ, ਸੁਖਵਿੰਦਰ ਸਿੰਘ ਬੱਬਰ, ਸੁਖਦੇਵ ਸਿੰਘ ਰਿਆਤ, ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਪਰਮਜੀਤ ਸਿੰਘ ਸਰੋਆ, ਗੁਰਿੰਦਰ ਸਿੰਘ ਮਥਰੇਵਾਲ, ਦਿੱਲੀ ਮਿਸ਼ਨ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਸਮਾਣਾ ਆਦਿ ਹਾਜ਼ਰ ਸਨ।