ਮਾਛੀਵਾੜਾ ਦੇ ਪਿੰਡ ਸ਼ਤਾਬਗੜ੍ਹ ਦੇ ਸਰਪੰਚ ਵੱਲੋਂ ਖੁਦਕੁਸ਼ੀ, ਸੁਸਾਈਡ ਨੋਟ 'ਚ ਕੀਤੇ ਹੈਰਾਨੀਜਨਕ ਖੁਲਾਸੇ
Tuesday, Nov 15, 2022 - 06:43 PM (IST)
ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਬਲਾਕ ਅਧੀਨ ਪੈਂਦੇ ਪਿੰਡ ਸ਼ਤਾਬਗੜ੍ਹ ਦੇ ਸਰਪੰਚ ਧਰਮਪਾਲ ਵੱਲੋਂ ਜ਼ਹਿਰੀਲੀ ਵਸਤੂ ਖਾ ਕੇ ਖੁਦਕੁਸ਼ੀ ਕਰ ਲਈ ਗਈ। ਉਸ ਨੇ ਇਹ ਖੌਫ਼ਨਾਕ ਕਦਮ ਪਿੰਡ ਦੇ ਪੰਚਾਇਤ ਮੈਂਬਰਾਂ ਤੇ ਹੋਰਨਾਂ ਵਿਅਕਤੀਆਂ ਵੱਲੋਂ ਤੰਗ ਪਰੇਸ਼ਾਨ ਕੀਤੇ ਜਾਣ ’ਤੇ ਚੁੱਕਿਆ। ਮ੍ਰਿਤਕ ਸਰਪੰਚ ਦੀ ਮਾਤਾ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਦਾ ਲੜਕਾ ਧਰਮਪਾਲ ਪਿਛਲੇ ਕੁਝ ਦਿਨਾਂ ਤੋਂ ਪਰੇਸ਼ਾਨ ਰਹਿ ਰਿਹਾ ਸੀ। ਬਿਆਨਕਰਤਾ ਅਨੁਸਾਰ ਪਿੰਡ ਦੇ ਪੰਚਾਇਤ ਮੈਂਬਰ ਅਤੇ ਕੁਝ ਹੋਰ ਵਿਅਕਤੀ ਉਸ ਕੋਲੋਂ ਪੈਸਿਆਂ ਦੀ ਮੰਗ ਕਰ ਰਹੇ ਸਨ ਜਿਸ ਤੋਂ ਪਰੇਸ਼ਾਨ ਹੋ ਕੇ ਉਸ ਨੇ ਜ਼ਹਿਰੀਲੀ ਵਸਤੂ ਖਾ ਲਈ ਅਤੇ ਜਦੋਂ ਉਸ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉੱਥੇ ਉਹ ਇਲਾਜ ਦੌਰਾਨ ਦਮ ਤੋੜ ਗਿਆ।
ਇਹ ਖ਼ਬਰ ਵੀ ਪੜ੍ਹੋ - ਡੇਰਾ ਪ੍ਰੇਮੀ ਕਤਲਕਾਂਡ : ਹਵਾਲਾਤੀ ਹਰਜਿੰਦਰ ਰਾਜੂ ਨੂੰ ਰਿਮਾਂਡ ’ਤੇ ਲਿਆ, ਗੋਲਡੀ ਬਰਾੜ ਨਾਲ ਜੁੜ ਸਕਦੀਆਂ ਨੇ ਤਾਰਾਂ
ਮ੍ਰਿਤਕ ਸਰਪੰਚ ਧਰਮਪਾਲ ਦੀ ਜੇਬ ’ਚੋਂ ਇਕ ਸੁਸਾਇਡ ਨੋਟ ਵੀ ਮਿਲਿਆ ਜਿਸ ਵਿਚ ਉਸ ਨੇ ਪਿੰਡ ਦੇ ਪੰਚਾਇਤ ਮੈਂਬਰਾਂ ਅਤੇ ਹੋਰ ਵਿਅਕਤੀਆਂ ਦੇ ਨਾਮ ਲਿਖੇ ਹੋਏ ਹਨ ਜਿਨ੍ਹਾਂ ਤੋਂ ਪ੍ਰੇਸ਼ਾਨ ਹੋ ਕੇ ਆਤਮ-ਹੱਤਿਆ ਕੀਤੀ। ਥਾਣਾ ਮੁਖੀ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਸਰਪੰਚ ਧਰਮਪਾਲ ਨੂੰ ਮਰਨ ਲਈ ਮਜ਼ਬੂਰ ਕਰਨ ਦੇ ਦੋਸ਼ ਹੇਠ 9 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਮੁਖੀ ਨੇ ਕਿਹਾ ਕਿ ਉਹ ਅਜੇ ਕਥਿਤ ਦੋਸ਼ੀਆਂ ਦੇ ਨਾਮ ਨਸ਼ਰ ਨਹੀਂ ਕਰ ਸਕਦੇ ਕਿਉਂਕਿ ਉਹ ਅਜੇ ਪੁਲਸ ਗ੍ਰਿਫ਼ਤ ਤੋਂ ਬਾਹਰ ਹਨ। ਮਾਛੀਵਾੜਾ ਪੁਲਸ ਵੱਲੋਂ ਮ੍ਰਿਤਕ ਧਰਮਪਾਲ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।