SC ਕਮਿਸ਼ਨ ਦੇ ਚੇਅਰਮੈਨ ਦੀ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਸਹਿਯੋਗ ਮੰਗਿਆ

Monday, Nov 10, 2025 - 05:59 PM (IST)

SC ਕਮਿਸ਼ਨ ਦੇ ਚੇਅਰਮੈਨ ਦੀ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਸਹਿਯੋਗ ਮੰਗਿਆ

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਚੇਅਰਮੈਨ ਨਾਲ ਕਮਿਸ਼ਨ ਦੇ ਮੈਂਬਰ ਰੁਪਿੰਦਰ ਸਿੰਘ ਸ਼ੀਤਲ, ਗੁਲਜ਼ਾਰ ਸਿੰਘ ਬੌਬੀ ਅਤੇ ਗੁਰਪ੍ਰੀਤ ਸਿੰਘ ਇੱਟਾਂਵਾਲੀ ਮੌਜੂਦ ਸਨ। ਮੀਟਿੰਗ ਦੌਰਾਨ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਰਾਜਪਾਲ ਨਾਲ ਅਨੁਸੂਚਿਤ ਜਾਤੀਆਂ ਦੀ ਭਲਾਈ, ਸਸ਼ਕਤੀਕਰਨ ਅਤੇ ਸਮਾਜਿਕ-ਆਰਥਿਕ ਵਿਕਾਸ ਨਾਲ ਸਬੰਧਤ ਮਾਮਲਿਆਂ 'ਤੇ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਗੜ੍ਹੀ ਨੇ ਰਾਜਪਾਲ ਨੂੰ ਦੱਸਿਆ ਕਿ 2011 ਦੀ ਜਨਗਣਨਾ ਮੁਤਾਬਿਕ ਸੂਬੇ ਵਿਚ ਅਨੁਸੂਚਿਤ ਜਾਤੀਆਂ ਵਰਗ ਦੀ ਕੁੱਲ ਆਬਾਦੀ 32 ਫ਼ੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ 2001 ਤੋਂ 2011 ਦਰਮਿਆਨ ਦੀ 26 ਫ਼ੀਸਦੀ ਦੀ ਔਸਤਨ ਵਾਧਾ ਦਰ ਦੇ ਹਿਸਾਬ ਨਾਲ ਸਾਲ 2025 ਵਿਚ ਅਨੁਸੂਚਿਤ ਵਰਗ ਦੀ ਆਬਾਦੀ ਕਰੀਬ 38 ਫ਼ੀਸਦੀ ਹੋ ਗਈ ਹੈ।

ਚੇਅਰਮੈਨ ਨੇ ਦਰਪੇਸ਼ ਚੁਣੌਤੀਆਂ ਬਾਰੇ ਡੂੰਘਾਈ ਨਾਲ ਚਰਚਾ ਕਰਦਿਆਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਲਈ ਵੱਖ-ਵੱਖ ਭਲਾਈ ਸਕੀਮਾਂ, ਵਿਦਿਅਕ ਪਹਿਲਕਦਮੀਆਂ ਅਤੇ ਰੋਜ਼ਗਾਰ ਦੇ ਮੌਕਿਆਂ ਨੂੰ ਵਧੇਰੇ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਰਾਜਪਾਲ ਦਫ਼ਤਰ ਵੱਲੋਂ ਹੋਰ ਬਿਹਤਰ ਤਾਲਮੇਲ ਦੀ ਮੰਗ ਕੀਤੀ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਮਿਸ਼ਨ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸਮਾਜਿਕ ਨਿਆਂ ਅਤੇ ਸਮਾਨਤਾ ਲਈ ਰਾਜ ਭਵਨ ਅਤੇ ਕਮਿਸ਼ਨ ਦਫ਼ਤਰ ਦੇ ਆਪਸੀ ਤਾਲਮੇਲ ਨੂੰ ਮਜ਼ਬੂਤ ਕਰਨ ਦਾ ਖੁੱਲ੍ਹਦਿਲੀ ਨਾਲ ਸੱਦਾ ਦਿੱਤਾ।


author

Gurminder Singh

Content Editor

Related News