ਐੱਸ.ਸੀ. ਸਕਾਲਰਸ਼ਿਪ ਸਕੀਮ ਸ਼ੁਰੂ ਕਰਨ ''ਤੇ ਮੰਤਰੀਆਂ ਤੇ ਵਿਧਾਇਕਾਂ ਵਲੋਂ ਮੁੱਖ ਮੰਤਰੀ ਦਾ ਧੰਨਵਾਦ

Wednesday, Oct 21, 2020 - 05:33 PM (IST)

ਚੰਡੀਗੜ੍ਹ : ਪੰਜਾਬ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਐੱਸ.ਸੀ. ਵਿਦਿਆਰਥੀਆਂ ਲਈ ਡਾ. ਬੀ.ਆਰ. ਅੰਬੇਡਕਰ ਐੱਸ.ਸੀ. ਪੋਸਟ ਮੈਟ੍ਰਿਕ ਸਕਾਰਲਸ਼ਿਪ ਸਕੀਮ ਸ਼ੁਰੂ ਕਰਨ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ। ਅੱਜ ਪੰਜਾਬ ਵਿਧਾਨ ਸਭਾ 'ਚ ਕੀਤੀ ਇਕ ਵਿਸ਼ੇਸ਼ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਕਿਹਾ ਕਿ ਇਸ ਸਕੀਮ ਨਾਲ ਲੋੜਵੰਦ ਤੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਦਾ ਭਵਿੱਖ ਉਜਵਲ ਹੋਵੇਗਾ।

ਉਨ੍ਹਾਂ ਇਸ ਲੋਕ ਪੱਖੀ ਫ਼ੈਸਲੇ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਇਸ ਨੂੰ ਸੂਬੇ ਦੇ ਗ਼ਰੀਬ ਪਰਿਵਾਰਾਂ ਲਈ ਇਕ ਵਰਦਾਨ ਦੱਸਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਐੱਸ. ਸੀ. ਸਕਾਲਰਸ਼ਿਪ ਸਕੀਮ ਨੂੰ ਚਾਲੂ ਰੱਖਣ ਤੋਂ ਆਪਣੇ ਹੱਥ ਪਿੱਛੇ ਖਿੱਚ ਕੇ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਪਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੇ ਪੱਧਰ 'ਤੇ ਸ਼ੁਰੂ ਕੀਤੀ ਇਸ ਨਵੀਂ ਸਕੀਮ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿਚ ਉੱਚ ਸਿੱਖਿਆ ਪ੍ਰਾਪਤ ਕਰਨ ਵਿਚ ਸਹਾਇਤਾ ਮਿਲੇਗੀ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਵਚਨਬੱਧਤਾ ਬਾਰੇ ਦੱਸਦਿਆਂ ਮੰਤਰੀਆਂ ਤੇ ਵਿਧਾਇਕਾਂ ਨੇ ਕਿਹਾ ਕਿ ਇਸ ਸਕੀਮ ਤਹਿਤ ਆਮਦਨੀ ਦੇ ਮਾਪਦੰਡਾਂ ਨੂੰ 2.5 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰਨ ਨਾਲ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਸਕੀਮ ਵਿਚ ਸ਼ਾਮਲ ਕਰਨ ਵਿਚ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਅਕਾਦਮਿਕ ਸੈਸ਼ਨ 2020-21 ਤੋਂ ਸ਼ੁਰੂ ਹੋਣ ਵਾਲੀ ਇਹ ਯੋਜਨਾ ਪੰਜਾਬ ਦੇ ਨਿਵਾਸੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਲਈ ਲਾਗੂ ਹੋਵੇਗੀ।

ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਅਰੁਣਾ ਚੌਧਰੀ, ਚਰਨਜੀਤ ਸਿੰਘ ਚੰਨੀ, ਰਜ਼ੀਆ ਸੁਲਤਾਨਾ ਤੋਂ ਇਲਾਵਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਵਿਧਾਇਕ ਰਾਜ ਕੁਮਾਰ ਵੇਰਕਾ, ਸਤਿਕਾਰ ਕੌਰ, ਬਲਵਿੰਦਰ ਸਿੰਘ ਲਾਡੀ, ਬਲਵਿੰਦਰ ਸਿੰਘ ਧਾਲੀਵਾਲ, ਰਾਜ ਕੁਮਾਰ ਚੱਬੇਵਾਲ, ਹਰਜੋਤ ਕਮਲ, ਸੁਰਿੰਦਰ ਸਿੰਘ, ਦਵਿੰਦਰ ਸਿੰਘ ਘੁਬਾਇਆ, ਨੱਥੂ ਰਾਮ, ਪ੍ਰੀਤਮ ਸਿੰਘ ਕੋਟਭਾਈ, ਕੁਲਦੀਪ ਸਿੰਘ ਵੈਦ, ਤਰਸੇਮ ਸਿੰਘ ਡੀ.ਸੀ., ਸੁਸ਼ੀਲ ਕੁਮਾਰ ਰਿੰਕੂ ਅਤੇ ਨਿਰਮਲ ਸਿੰਘ ਸ਼ੁਤਰਾਣਾ ਆਦਿ ਹਾਜ਼ਰ ਸਨ।


Gurminder Singh

Content Editor

Related News