ਐੱਸ. ਡੀ. ਐੱਮ. ਨੇ ਟੀਮ ਸਮੇਤ ਸਕੂਲੀ ਬੱਸਾਂ ਦੀ ਚੈਕਿੰਗ ਕਰਕੇ ਕੱਟੇ ਚਲਾਨ

03/17/2018 1:48:52 PM

ਕਪੂਰਥਲਾ (ਗੁਰਵਿੰਦਰ ਕੌਰ, ਮਲਹੋਤਰਾ, ਭੂਸ਼ਣ)— ਡੀ. ਸੀ. ਮੁਹੰਮਦ ਤਇਅਬ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਰੱਖਿਅਤ ਸਕੂਲ ਵਾਹਨ ਪਾਲਸੀ ਨੂੰ ਯਕੀਨੀ ਬਣਾਉਣ ਲਈ ਐੱਸ. ਡੀ. ਐੱਮ. ਕਪੂਰਥਲਾ ਡਾ. ਨਯਨ ਭੁੱਲਰ ਦੀ ਅਗਵਾਈ 'ਚ ਟੀਮ ਵੱਲੋਂ ਸ਼ੁੱਕਰਵਾਰ ਵੱਖ-ਵੱਖ ਸਕੂਲੀ ਬੱਸਾਂ ਦੀ ਚੈਕਿੰਗ ਕਰਕੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ 11 ਬੱਸਾਂ ਦੇ ਚਲਾਨ ਕੱਟੇ। ਚੈਕਿੰਗ ਦੌਰਾਨ ਸਕੂਲੀ ਬੱਸਾਂ ਦਾ ਪੂਰੀ ਤਰ੍ਹਾਂ ਮੁਆਇਨਾ ਕੀਤਾ ਗਿਆ ਅਤੇ ਸਾਰੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਅਧੂਰੇ ਦਸਤਾਵੇਜ਼ਾਂ, ਸਮਰੱਥਾ ਤੋਂ ਵੱਧ ਬੱਚੇ ਬਿਠਾਉਣ ਅਤੇ ਹੈਲਪਰਾਂ ਅਤੇ ਵਰਦੀ ਤੋਂ ਬਿਨਾਂ ਅਟੈਂਡੈਂਟ ਵਾਲੀਆਂ ਬੱਸਾਂ ਖਿਲਾਫ ਕਾਰਵਾਈ ਕੀਤੀ ਗਈ। 
ਜਾਣਕਾਰੀ ਦਿੰਦਿਆਂ ਐੱਸ. ਡੀ. ਐੱਮ. ਡਾ. ਨਯਨ ਭੁੱਲਰ ਨੇ ਦੱਸਿਆ ਕਿ ਸ਼ੁੱਕਰਵਾਰ ਵੱਡੀ ਗਿਣਤੀ 'ਚ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਭਵਿੱਖ 'ਚ ਵੀ ਅਜਿਹੀ ਚੈਕਿੰਗ ਲਗਾਤਾਰ ਜਾਰੀ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ 'ਸੁਰੱਖਿਅਤ ਸਕੂਲ ਵਾਹਨ' ਪਾਲਿਸੀ ਤਹਿਤ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਾਰੇ ਸਕੂਲਾਂ ਨੂੰ ਸਕੂਲੀ ਵਾਹਨਾਂ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ, ਜਿਸ ਸਬੰਧੀ ਸਭ ਨੂੰ ਪਹਿਲਾਂ ਹੀ ਜਾਣੂੰ ਕਰਵਾਇਆ ਜਾ ਚੁੱਕਾ ਹੈ।
ਉਨ੍ਹਾਂ ਨੇ ਸਮੂਹ ਸਕੂਲਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਿਰਧਾਰਤ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣ, ਕਿਉਂਕਿ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।  ਇਸ ਮੌਕੇ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਮੈਡਮ ਹਰਪ੍ਰੀਤ ਕੌਰ ਸੰਧੂ, ਟ੍ਰੈਫਿਕ ਇੰਚਾਰਜ ਇੰਸ. ਦਰਸ਼ਨ ਲਾਲ ਸ਼ਰਮਾ, ਵਿਕਰਮ ਸ਼ਰਮਾ, ਸਮਾਜ ਸੇਵਕਾ ਰਣਜੀਤ ਕੌਰ, ਆਊਟਰੀਚ ਵਰਕਰ ਰਮਨਜੀਤ ਸਿੰਘ, ਏ. ਐੱਸ. ਆਈ. ਪਰਮਜੀਤ ਸਿੰਘ ਅਤੇ ਦਰਸ਼ਨ ਸਿੰਘ, ਹੈੱਡ ਕਾਂਸਟੇਬਲ ਬਲਵਿੰਦਰ ਸਿੰਘ, ਗੁਰਨਾਮ ਸਿੰਘ ਅਤੇ ਪ੍ਰੇਮ ਕੁਮਾਰ ਆਦਿ ਹਾਜ਼ਰ ਸਨ।