''ਸਕੂਲੀ ਬੱਸਾਂ ਦੀ ਆਰ. ਸੀ ਤੇ ਜ਼ਰੂਰੀ ਕਾਗਜ਼ਾਤ ਡਰਾਈਵਰ ਕੋਲ ਹੋਣੇ ਜ਼ਰੂਰੀ''

02/18/2020 12:47:13 AM

ਜੈਤੋ,(ਜਿੰਦਲ): ਵਧੀਕ ਡਿਪਟੀ ਕਮਿਸ਼ਨਰ (ਜ) ਸ. ਗੁਰਜੀਤ ਸਿੰਘ ਵੱਲੋਂ ਜੈਤੋ ਸਬ ਡਵੀਜਨ ਅੰਦਰ ਪੈਂਦੇ ਸਕੂਲੀ ਬੱਸਾਂ ਦੀ ਸਪੈਸ਼ਲ ਚੈਕਿੰਗ ਕੀਤੀ ਗਈ। ਜਿਸ ਤਹਿਤ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ 4 ਸਕੂਲੀ ਬੱਸਾ ਨੂੰ ਜ਼ਬਤ ਕੀਤਾ ਗਿਆ ਅਤੇ 17 ਬੱਸਾਂ ਦਾ ਚਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲੀ ਬੱਸਾਂ ਦੀ ਆਰ. ਸੀ ਅਤੇ ਹੋਰ ਜ਼ਰੂਰੀ ਕਾਗਜ਼ਾਤ ਡਰਾਈਵਰ ਕੋਲ ਵਾਹਨ ਚਲਾਉਣ ਸਮੇਂ ਕੋਲ ਹੋਣੇ ਚਾਹੀਦੇ ਹਨ, ਨਹੀਂ ਤਾਂ ਵਾਹਨ ਨੂੰ ਜ਼ਬਤ ਕਰ ਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੰਗਰੂਰ ਵਿਖੇ ਇਕ ਸਕੂਲ ਵੈਨ ਨੂੰ ਅੱਗ ਲੱਗਣ ਦੀ ਬਹੁਤ ਹੀ ਮੰਦਭਾਗੀ ਅਤੇ ਦੁੱਖਦਾਈ ਘਟਨਾ ਵਾਪਰੀ ਹੈ, ਜਿਸ ਨਾਲ ਕਿ 4 ਘਰਾਂ ਦੇ ਚਿਰਾਗ ਬੁੱਝ ਗਏ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਵੈਨ ਸੁਰੱਖਿਆ ਸਬੰਧੀ ਨਿਯਮ ਪੂਰੇ ਨਹੀਂ ਕਰਦੀ ਸੀ ਅਤੇ ਗੈਸ ਨਾਲ ਚੱਲ ਰਹੀ ਸੀ, ਜਿਸ ਕਾਰਨ ਇਹ ਮੰਦਭਾਗੀ ਘਟਨਾ ਵਾਪਰੀ । ਉਨ੍ਹਾਂ ਜਿਲੇ ਦੇ ਸਮੂਹ ਸਕੂਲਾਂ ਦੇ ਮੁਖੀਆਂ, ਪ੍ਰਬੰਧਕਾਂ ਅਤੇ ਸਕੂਲਾਂ ਕਾਲਜਾਂ ਵਿਚ ਪੜਾ ਰਹੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਕੂਲਾਂ ਜਾਂ ਹੋਰ ਸਿੱਖਿਆ ਸੰਸਥਾਵਾਂ ਵਿੱਚ ਬੱਚਿਆਂ ਨੂੰ ਲਿਜਾਣ ਵਾਲੇ ਸਕੂਲੀ ਵਾਹਨਾਂ, ਆਟੋ, ਰਿਕਸ਼ਾ ਆਦਿ ਨੂੰ ਨਿੱਜੀ ਤੌਰ 'ਤੇ ਚੈੱਕ ਕਰਨ ਕਿ ਇਹ ਵਾਹਨ ਉਨ੍ਹਾਂ ਦੇ ਬੱਚਿਆਂ ਲਈ ਪੂਰੀ ਤਰ੍ਹਾਂ ਸੁਰੱਖਿਅਤ ਹਨ ਕਿ ਨਹੀਂ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਇਸ ਤਰਾਂ ਦੀਆਂ ਦੁੱਖਦਾਈ ਘਟਨਾਵਾਂ ਨਾ ਵਾਪਰਨ ਸਬੰਧੀ ਪੂਰੀ ਤਰ੍ਹਾਂ ਗੰਭੀਰ ਹੈ ਤੇ ਸੂਬਾ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ, ਪੁਲਸ ਤੇ ਸੁਰੱਖਿਆ ਵਿਭਾਗਾ ਨੂੰ ਇਸ ਸਬੰਧੀ ਸਖਤ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਪਿੰ੍ਰਸੀਪਲਾਂ, ਪ੍ਰਬੰਧਕਾਂ ਅਤੇ ਬੱਚਿਆਂ ਦੇ ਮਾਪਿਆਂ ਦਾ ਇਹ ਫਰਜ਼ ਬਣਦਾ ਹੈ ਕਿ ਉਹ ਖੁਦ ਵੀ ਇਹ ਚੈੱਕ ਕਰਨ ਕਿ ਉਨ੍ਹਾਂ ਦੇ ਬੱਚੇ ਸਕੂਲ ਲਿਜਾਣ ਵਾਲੀ ਵੈਨ ਆਦਿ ਸਰਕਾਰ ਦੇ ਰੋਡ ਸੇਫਟੀ ਸਬੰਧੀ ਨਿਯਮ ਪੂਰੇ ਕਰਦੀ ਹੈ ਤਾਂ ਜੋ ਉਨ੍ਹਾਂ ਦੇ ਬੱਚੇ ਇਨ੍ਹਾਂ ਵਾਹਨਾਂ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹੋ ਸਕਣ । ਉਨ੍ਹਾਂ ਅਪੀਲ ਕੀਤੀ ਕਿ ਗੈਰ ਮਿਆਰੀ ਅਤੇ ਸੁਰੱਖਿਆਂ ਨਿਯਮਾਂ ਨੂੰ ਪੂਰੇ ਨਾ ਕਰਨ ਵਾਲੇ ਵਾਹਨਾਂ ਵਿੱਚ ਬੱਚੇ ਬਿਲਕੁਲ ਨਾ ਭੇਜੇ ਜਾਣ ਅਤੇ ਇਹ ਜਿੰਮੇਵਾਰੀ ਸਕੂਲ ਪ੍ਰਬੰਧਕਾਂ, ਮਾਪਿਆਂ ਦੀ ਵੀ ਬਣਦੀ ਹੈ ਕਿ ਉਹ ਇਸ ਮਾਮਲੇ ਵਿਚ ਸਰਕਾਰ ਦਾ ਪੂਰਾ ਸਾਥ ਦੇਣ । ਉਨ੍ਹਾਂ ਕਿਹਾ ਕਿ ਇਸ ਪਿਛੋਂ ਜੇਕਰ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਅਤੇ ਜਿਸ ਨਾਲ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਹੁੰਦਾ ਹੋਵੇ, ਅਜਿਹੇ ਵਾਹਨ ਨਹੀਂ ਚੱਲਣ ਦਿੱਤੇ ਜਾਣਗੇ। ਟਰਾਂਸਪੋਰਟ ਵਿਭਾਗ ਅਤੇ ਪੁਲਸ ਵਿਭਾਗ ਵੱਲੋਂ ਅਜਿਹੇ ਵਾਹਨਾਂ ਅਤੇ ਵਾਹਨ ਮਾਲਕਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਮੂਹ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਅਤ ਵਾਹਨਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਮੰਦਭਾਗੀਆਂ ਸੜਕ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ।

 


Related News