ਹੁਣ ਜੇਲਾਂ ’ਚ ਤਬਦੀਲ ਹੋਣਗੇ ਸੰਗਰੂਰ ਦੇ ਇਹ ਸਕੂਲ
Friday, Apr 03, 2020 - 01:22 PM (IST)

ਸੰਗਰੂਰ (ਬੇਦੀ): ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਉਲੰਘਣਾ ਕਰਨ ਵਾਲਿਆਂ ਨਾਲ ਨਜਿੱਠਣ ਲਈ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਘਨਸ਼ਿਆਮ ਥੋਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜਖੇਪਲ ਰੋਡ, ਸੁਨਾਮ ਅਤੇ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਨੇੜੇ ਰੇਲਵੇ ਰੋਡ, ਧੂਰੀ ਨੂੰ ਓਪਨ ਜੇਲ ਵਜੋਂ ਸਥਾਪਿਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਬੰਦ ਕਰਨ ਲਈ ਪੁਲਸ ਵੱਲੋਂ ਇਨ੍ਹਾਂ ਥਾਂਵਾਂ ਨੂੰ ਜੇਲ ਵਜੋਂ ਵਰਤਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸੰਗਰੂਰ ਤੇ ਮਲੇਰਕੋਟਲਾ ਵਿਖੇ ਸਥਿਤ ਜੇਲਾਂ ਨੂੰ ਵੀ ਪੁਲਸ ਵੱਲੋਂ ਇਸ ਕੰਮ ਲਈ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋੜੀਂਦੀਆਂ ਵਸਤਾਂ ਨੂੰ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਦੁਕਾਨਦਾਰਾਂ ਨੂੰ ਜ਼ਰੂਰਤ ਦਾ ਸਾਮਾਨ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਕਰਫਿਊ ਦੌਰਾਨ ਪੈਨਸ਼ਨਧਾਰਕਾਂ ਲਈ ਚੰਗੀ ਖਬਰ, ਕੈਪਟਨ ਨੇ ਕੀਤਾ ਵੱਡਾ ਐਲਾਨ
ਇਸ ਮੌਕੇ ਜ਼ਿਲ੍ਹਾ ਮੈਜਿਸਟਰੇਟ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਨੂੂੰ ਫੈਲਣ ਤੋਂ ਰੋਕਣ ਲਈ ਸਮਾਜਿਕ ਦੂਰੀ ਬਣਾ ਕੇ ਰੱਖਣਾ ਕਾਰਗਾਰ ਸਾਬਤ ਹੋ ਰਿਹਾ ਹੈ, ਇਸ ਲਈ ਲੋਕ ਘਰਾਂ ਵਿਚ ਹੀ ਰਹਿਣ ਕਿਉਂਕਿ ਕੋਰੋਨਾ ਵਾਇਰਸ ਸਿਰਫ਼ ਵਿਅਕਤੀ ਤੋਂ ਵਿਅਕਤੀ ਦੇ ਸੰਪਰਕ ਵਿਚ ਆਉਣ ’ਤੇ ਹੀ ਫੈਲਦਾ ਹੈ। ਉਨਾਂ ਕਿਹਾ ਕਿ ਕਰਫਿਊ ਲਾਗੂ ਕਰਨ ਦਾ ਮੰਤਵ ਸਮਾਜ ਦੀ ਭਲਾਈ ਹੀ ਹੈ ਤੇ ਮਨੁੱਖਤਾ ਦੇ ਭਲੇ ਲਈ ਹਰ ਜ਼ਿਲਾ ਵਾਸੀ ਨੂੰ ਸੱਚੇ ਦਿਲੋਂ ਸਹਿਯੋਗ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਕੋਰੋਨਾ ਮੁਸੀਬਤ ’ਚ ਲੋਕਾਂ ਦੀ ਮਦਦ ਲਈ ਅੱਗੇ ਆਏ ਚੀਮਾ ਤੇ ਬਲਬੀਰ, ਮੁੜ ਬਣੇ ਡਾਕਟਰ