ਐੱਸਡੀਐੱਮ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੇ ਕੀਤੀ ਘੇਰਾਬੰਦੀ
Friday, Jan 09, 2026 - 03:49 PM (IST)
ਖਰੜ (ਅਮਰਦੀਪ ਸਿੰਘ ਸੈਣੀ) : ਅੱਜ ਦੁਪਹਿਰੇ ਖਰੜ ਸਥਿਤ ਐੱਸਡੀਐੱਮ ਦਫ਼ਤਰ ਵਿਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਐੱਸਡੀਐੱਮ ਦੀ ਸਰਕਾਰੀ ਈਮੇਲ ‘ਤੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਧਮਕੀ ਮਿਲਦੇ ਹੀ ਦਫ਼ਤਰ ਵਿਚ ਮੌਜੂਦ ਮੁਲਾਜ਼ਮਾਂ ਅਤੇ ਕੰਮਕਾਜ ਲਈ ਆਏ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਧਮਕੀ ਦੀ ਜਾਣਕਾਰੀ ਮਿਲਣ ਉਪਰੰਤ ਤੁਰੰਤ ਪੁਲਸ ਪ੍ਰਸ਼ਾਸਨ ਹਰਕਤ ਵਿਚ ਆ ਗਿਆ। ਮੌਕੇ ‘ਤੇ ਖਰੜ ਪੁਲਸ ਦੀਆਂ ਵੱਖ-ਵੱਖ ਟੀਮਾਂ ਪੁੱਜੀਆਂ ਅਤੇ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਐੱਸਡੀਐੱਮ ਦਫ਼ਤਰ ਨੂੰ ਖਾਲੀ ਕਰਵਾਇਆ ਗਿਆ। ਇਸ ਤੋਂ ਬਾਅਦ ਬੰਬ ਡਿਸਪੋਜ਼ਲ ਟੀਮ ਅਤੇ ਪੁਲਸ ਵੱਲੋਂ ਦਫ਼ਤਰ ਦੇ ਹਰ ਕੋਨੇ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ : ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ ਨੌਜਵਾਨ, ਨਹਿਰ ’ਚ ਡੁੱਬਣ ਕਾਰਣ ਟੁੱਟ ਗਏ ਸੁਫ਼ਨੇ
ਲੰਬੇ ਸਮੇਂ ਤੱਕ ਚੱਲੀ ਜਾਂਚ ਦੌਰਾਨ ਪੁਲਸ ਨੂੰ ਕੋਈ ਵੀ ਬੰਬ ਜਾਂ ਸ਼ੱਕੀ ਵਸਤੂ ਨਹੀਂ ਮਿਲੀ, ਜਿਸ ਨਾਲ ਕੁਝ ਹੱਦ ਤੱਕ ਲੋਕਾਂ ਨੇ ਰਾਹਤ ਮਹਿਸੂਸ ਕੀਤੀ। ਹਾਲਾਂਕਿ ਧਮਕੀ ਭਰੀ ਈਮੇਲ ਕਾਰਨ ਦਫ਼ਤਰ ਦੇ ਮੁਲਾਜ਼ਮਾਂ ਅਤੇ ਆਮ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਰਿਹਾ। ਇਸ ਮਾਮਲੇ ਸੰਬੰਧੀ ਡੀਐੱਸਪੀ ਖਰੜ ਵੱਲੋਂ ਕਿਹਾ ਗਿਆ ਹੈ ਕਿ ਪੁਲਸ ਪੂਰੀ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਧਮਕੀ ਭਰੀ ਈਮੇਲ ਕਿੱਥੋਂ ਅਤੇ ਕਿਸ ਨੇ ਭੇਜੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਫ਼ਵਾਹਾਂ ‘ਤੇ ਯਕੀਨ ਨਾ ਕਰਨ ਅਤੇ ਸ਼ਾਂਤੀ ਬਣਾਈ ਰੱਖਣ। ਡੀਐੱਸਪੀ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਕਿਤੇ ਵੀ ਕੋਈ ਲਵਾਰਿਸ ਜਾਂ ਸ਼ੱਕੀ ਵਸਤੂ ਨਜ਼ਰ ਆਉਂਦੀ ਹੈ ਤਾਂ ਉਸਨੂੰ ਛੂਹਣ ਦੀ ਕੋਸ਼ਿਸ਼ ਨਾ ਕਰਨ ਅਤੇ ਤੁਰੰਤ ਪੁਲਸ ਨੂੰ ਸੂਚਿਤ ਕਰਨ। ਪੁਲਸ ਵੱਲੋਂ ਇਲਾਕੇ ਵਿਚ ਸੁਰੱਖਿਆ ਦੇ ਇੰਤਜ਼ਾਮ ਹੋਰ ਮਜ਼ਬੂਤ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਸਰਦੀ ਦੀਆਂ ਛੁੱਟੀਆਂ ਵਿਚਾਲੇ ਵੱਡੀ ਅਪਡੇਟ! ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
