ਵਿਜੀਲੈਂਸ ਵੱਲੋਂ ਮਾਈਨਿੰਗ ਵਿਭਾਗ ਦਾ SDO ਤੇ ਡਰਾਈਵਰ 40 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Wednesday, Apr 19, 2023 - 06:56 PM (IST)

ਚੰਡੀਗੜ੍ਹ/ਹੁਸ਼ਿਆਰਪੁਰ (ਰਾਕੇਸ਼)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਈਨਿੰਗ ਵਿਭਾਗ ਦੇ ਐੱਸ. ਡੀ. ਓ. ਸਰਬਜੀਤ ਅਤੇ ਉਸ ਦੇ ਡਰਾਈਵਰ ਮਨੀ ਰਾਮ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਰਜਿੰਦਰ ਸਿੰਘ ਵਾਸੀ ਪਿੰਡ ਪੁਰ ਹੀਰਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਪਲਾਟਾਂ/ਉਸਾਰੀ ਅਧੀਨ ਮਕਾਨਾਂ ਵਿੱਚ ਭਰਤ ਪਾਉਣ ਖਾਤਰ ਮਿੱਟੀ ਨਾਲ ਭਰੀਆਂ ਟਰਾਲੀਆਂ ਨੂੰ ਲਿਆਉਣ ਅਤੇ ਲਿਜਾਣ ਦਾ ਕੰਮ ਕਰਦਾ ਹੈ। ਸ਼ਿਕਾਇਤ ਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਐੱਸ. ਡੀ. ਓ. ਅਤੇ ਉਸ ਦੇ ਡਰਾਈਵਰ ਨੇ ਉਸ ਨੂੰ ਆਪਣਾ ਕੰਮਕਾਜ ਨਿਰਵਿਘਨ ਚਲਦਾ ਰੱਖਣ ਲਈ 40,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਭਿਆਨਕ ਹਾਦਸੇ ਨੇ ਪੁਆਏ ਘਰ 'ਚ ਵੈਣ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਯੂਨਿਟ ਨੇ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਰਿਸ਼ਵਤ ਦੀ ਰਕਮ ਵੀ ਮੌਕੇ 'ਤੇ ਹੀ ਬਰਾਮਦ ਕਰ ਲਈ। ਇਸ ਸਬੰਧੀ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਸਿਹਤਮੰਦ ਰਹਿਣ ਲਈ ਹਮੇਸ਼ਾ ਪੀਓ ਘੜੇ ਦਾ ਪਾਣੀ, ਫਰਿੱਜ਼ ਵਰਤਣ ਵਾਲੇ ਜ਼ਰੂਰ ਪੜ੍ਹਨ ਇਹ ਖ਼ਬਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News