DGP ਗੌਰਵ ਯਾਦਵ ਦੀ ਅਗਵਾਈ ''ਚ ਪੰਜਾਬ ਪੁਲਸ ਨੇ ਸੂਬੇ ਭਰ ‘ਚ ਕੀਤੇ ਕਾਰਡਨ ਅਤੇ ਸਰਚ ਆਪ੍ਰੇਸ਼ਨ
Saturday, Jul 09, 2022 - 07:59 PM (IST)
ਚੰਡੀਗੜ੍ਹ : ਸਮਾਜ ਵਿਰੋਧੀ ਅਨਸਰਾਂ 'ਚ ਡਰ ਪੈਦਾ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿੱਚ ਅੱਜ ਸਮੁੱਚੀ ਪੁਲਸ ਫੋਰਸ ਵੱਲੋਂ ਪੰਜਾਬ ਦੇ ਸਾਰੇ 28 ਪੁਲਸ ਜ਼ਿਲ੍ਹਿਆਂ 'ਚ ਕਾਰਡਨ ਅਤੇ ਸਰਚ ਆਪ੍ਰੇਸ਼ਨ (ਸੀ.ਏ.ਐੱਸ.ਓ.) ਚਲਾਏ ਗਏ। ਇਹ ਆਪ੍ਰੇਸ਼ਨ ਸੂਬੇ ਭਰ ਵਿੱਚ ਇਕੋ ਸਮੇਂ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਚਲਾਇਆ ਗਿਆ ਅਤੇ ਪੰਜਾਬ ਪੁਲਸ ਹੈੱਡਕੁਆਰਟਰ ਦੇ ਏ.ਡੀ.ਜੀ.ਪੀ./ਆਈ.ਜੀ.ਪੀ. ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਸ ਜ਼ਿਲ੍ਹੇ ਵਿੱਚ ਨਿੱਜੀ ਤੌਰ 'ਤੇ ਆਪ੍ਰੇਸ਼ਨ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਸੀ.ਪੀਜ਼/ਐੱਸ.ਐੱਸ.ਪੀਜ਼ ਨੇ ਪੁਲਸ ਫੋਰਸ ਦੀ ਭਾਰੀ ਤਾਇਨਾਤੀ ਦੌਰਾਨ ਇਸ ਆਪ੍ਰੇਸ਼ਨ ਨੂੰ ਅੰਜਾਮ ਦੇਣ ਲਈ ਬਦਨਾਮ ਮੁਹੱਲਿਆਂ/ਪਿੰਡਾਂ ਦੀ ਸ਼ਨਾਖਤ ਕੀਤੀ, ਜਿੱਥੇ ਨਸ਼ਿਆਂ ਦੀ ਭਰਮਾਰ ਹੈ ਜਾਂ ਕੁਝ ਖੇਤਰ ਜੋ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਪਨਾਹਗਾਹ/ਸੁਰੱਖਿਅਤ ਟਿਕਾਣਾ ਬਣ ਚੁੱਕੇ ਹਨ।
ਇਹ ਵੀ ਪੜ੍ਹੋ : ਹਵਾ, ਪਾਣੀ ਤੇ ਮਿੱਟੀ ਨਾਲ ਜੁੜੇ ਪੰਜਾਬ ਦੇ ਮੁੱਦਿਆਂ ਨੂੰ ਸੰਸਦ 'ਚ ਪ੍ਰਮੁੱਖਤਾ ਨਾਲ ਚੁੱਕਾਂਗਾ : ਸੰਤ ਸੀਚੇਵਾਲ
ਡੀ.ਜੀ.ਪੀ. ਗੌਰਵ ਯਾਦਵ, ਜੋ ਮੋਹਾਲੀ ਵਿੱਚ ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਈਸ਼ਵਰ ਸਿੰਘ ਨਾਲ ਵੱਖ-ਵੱਖ ਸੁਸਾਇਟੀਆਂ ਵਿੱਚ ਆਪ੍ਰੇਸ਼ਨ ਦੌਰਾਨ ਸ਼ਾਮਲ ਹੋਏ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਤੇ ਅਜਿਹੇ ਆਪ੍ਰੇਸ਼ਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਪੰਜਾਬ 'ਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਖਾਤਮਾ ਨਹੀਂ ਹੋ ਜਾਂਦਾ। ਇਸ ਮੌਕੇ ਡੀ.ਜੀ.ਪੀ. ਨਾਲ ਡੀ.ਆਈ.ਜੀ. ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸ.ਐੱਸ.ਪੀ. ਐੱਸ.ਏ.ਐੱਸ. ਨਗਰ ਵਿਵੇਕ ਸ਼ੀਲ ਸੋਨੀ ਵੀ ਮੌਜੂਦ ਸਨ। ਡੀ.ਜੀ.ਪੀ. ਨੇ ਕਿਹਾ ਕਿ ਅਸੀਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ ਤੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ ਦਿੰਦੇ ਹਾਂ ਕਿ ਉਹ ਸਵੈ-ਇੱਛਾ ਨਾਲ ਸੂਬੇ ਨੂੰ ਛੱਡ ਦੇਣ, ਨਹੀਂ ਤਾਂ ਪੰਜਾਬ ਪੁਲਸ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠੇਗੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ 95 ਮਹਿਲਾ ਅਧਿਕਾਰੀਆਂ ਸਣੇ 101 ਸਬ-ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਬਣਾਇਆ ਇੰਸਪੈਕਟਰ
ਆਪ੍ਰੇਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖ਼ਤਮ ਕਰਨਾ, ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਅਤੇ ਅਪਰਾਧ ਦਾ ਪਤਾ ਲਗਾਉਣਾ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਪੁਲਸਿੰਗ ਜਿਸ ਵਿੱਚ ਸੰਵੇਦਨਸ਼ੀਲ ਥਾਵਾਂ 'ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਤਿਆਰੀਆਂ ਕਰਨਾ ਸ਼ਾਮਲ ਹੈ, ਨੂੰ ਮੁੜ ਸੁਰਜੀਤ ਕਰਨ ਦੇ ਨਾਲ-ਨਾਲ ਥਾਣਿਆਂ ਨੂੰ ਅਪਗ੍ਰੇਡ ਵੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਫਗਵਾੜਾ ’ਚ ਮਾਹੌਲ ਤਣਾਅਪੂਰਨ, ਅੰਬੇਡਕਰ ਸੈਨਾ, ਮੁਸਲਿਮ ਤੇ ਸਿੱਖ ਭਾਈਚਾਰੇ ਨੇ ਘੇਰਿਆ SP ਦਫ਼ਤਰ
ਇਸ ਆਪ੍ਰੇਸ਼ਨ ਨਾਲ ਇਲਾਕਾ ਨਿਵਾਸੀਆਂ ਨੂੰ ਪ੍ਰੇਸ਼ਾਨੀ ਹੋਣ ਸਬੰਧੀ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਇਹ ਆਪ੍ਰੇਸ਼ਨ ਨਿਵਾਸੀਆਂ ਦੀ ਸੁਰੱਖਿਆ ਲਈ ਹੀ ਚਲਾਇਆ ਜਾ ਰਿਹਾ ਹੈ ਅਤੇ ਇਸ ਆਪ੍ਰੇਸ਼ਨ ਨੂੰ ਚਲਾਉਣ ਤੋਂ ਪਹਿਲਾਂ ਰੈਜ਼ੀਡੈਂਟਸ ਵੈੱਲਫੇਅਰ ਸੁਸਾਇਟੀਆਂ ਨੂੰ ਵੀ ਭਰੋਸੇ ਵਿੱਚ ਲਿਆ ਗਿਆ ਸੀ। ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਅਸੀਂ ਸਾਰੇ ਪੁਲਸ ਮੁਲਾਜ਼ਮਾਂ ਨੂੰ ਇਸ ਆਪ੍ਰੇਸ਼ਨ ਦੌਰਾਨ ਘਰ-ਘਰ ਜਾ ਕੇ ਚੈਕਿੰਗ ਕਰਨ ਸਮੇਂ ਹਰੇਕ ਨਿਵਾਸੀ ਨਾਲ ਦੋਸਤਾਨਾ ਅਤੇ ਨਿਮਰਤਾ ਨਾਲ ਪੇਸ਼ ਆਉਣ ਦੀ ਸਖ਼ਤ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਨੇ ਪੰਜਾਬ ਪੁਲਸ ਦੇ ਇਸ ਆਪ੍ਰੇਸ਼ਨ ਦੀ ਸ਼ਲਾਘਾ ਵੀ ਕੀਤੀ। ਅਜਿਹੇ ਆਪ੍ਰੇਸ਼ਨ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਦਿਆਂ ਪੁਲਸ ਫੋਰਸ ਨੂੰ ਸਰਗਰਮ ਅਤੇ ਲਾਮਬੰਦ ਕਰਨ ਵਿੱਚ ਵੀ ਸਹਾਈ ਹੋਣਗੇ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ