ਪੰਜਾਬ ਦੇ ਧਾਰਮਿਕ ਸਥਾਨਾਂ ਦੇ ਬਾਹਰ ਸੁਰੱਖਿਆ ਵਿਵਸਥਾ ਕੀਤੀ ਗਈ ਸਖ਼ਤ, ਜਾਣੋ ਕਿਉਂ

Wednesday, Apr 26, 2023 - 11:38 AM (IST)

ਪੰਜਾਬ ਦੇ ਧਾਰਮਿਕ ਸਥਾਨਾਂ ਦੇ ਬਾਹਰ ਸੁਰੱਖਿਆ ਵਿਵਸਥਾ ਕੀਤੀ ਗਈ ਸਖ਼ਤ, ਜਾਣੋ ਕਿਉਂ

ਜਲੰਧਰ (ਧਵਨ)- ਪੰਜਾਬ ਪੁਲਸ ਨੇ ਸੂਬੇ ਭਰ ਵਿਚ ਧਾਰਮਿਕ ਸਥਾਨਾਂ ਦੇ ਬਾਹਰ ਸੁਰੱਖਿਆ ਵਿਵਸਥਾ ਹੋਰ ਸਖ਼ਤ ਕਰ ਦਿੱਤੀ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਵੀ ਧਾਰਮਿਕ ਸਥਾਨ ਦੇ ਆਸ-ਪਾਸ ਗੜਬੜ ਨਾ ਕਰਵਾ ਸਕੇ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦੇ ਹੁਕਮਾਂ ’ਤੇ ਪੰਜਾਬ ਪੁਲਸ ਦੀਆਂ ਵੱਖ-ਵੱਖ ਟੀਮਾਂ ਨੇ ਧਾਰਮਿਕ ਸਥਾਨਾਂ ਦੇ ਬਾਹਰ ਤਲਾਸ਼ੀ ਮੁਹਿੰਮ ਚਲਾਈ ਅਤੇ ਸ਼ੱਕੀ ਲੋਕਾਂ ਕੋਲੋਂ ਪੁੱਛਗਿੱਛ ਵੀ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਨੂੰ ਅਪਰਾਧ-ਮੁਕਤ ਬਣਾਉਣ ਦੇ ਟੀਚੇ ਨੂੰ ਹਾਸਲ ਕਰਨ ਲਈ ਪੰਜਾਬ ਪੁਲਸ ਨੇ ਅਪਰਾਧਕ ਅਨਸਰਾਂ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ।

ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਧਾਰਮਿਕ ਸਥਾਨਾਂ ਦੇ ਬਾਹਰ ਸੁਰੱਖਿਆ ਵਿਵਸਥਾ ਸਖ਼ਤ ਕਰਨ ਦਾ ਮਕਸਦ ਇਹ ਹੈ ਕਿ ਲੋਕਾਂ ਅੰਦਰ ਸੁਰੱਖਿਆ ਦੀ ਭਾਵਨਾ ਬਣੀ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਸੂਬੇ ਦੇ ਸਾਰੇ ਸ਼ਹਿਰਾਂ ਤੇ ਕਸਬਿਆਂ ਵਿਚ ਧਾਰਮਿਕ ਸਥਾਨਾਂ ਦੇ ਬਾਹਰ ਹੋਰ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਹਨ। ਇਸ ਨਾਲ ਲੋਕਾਂ ਅੰਦਰ ਪੁਲਸ ਮਸ਼ੀਨਰੀ ਪ੍ਰਤੀ ਭਰੋਸਾ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਤਿੰਨੋਂ ਕਮਿਸ਼ਨਰੇਟ ਸ਼ਹਿਰਾਂ ਵਿਚ ਵੱਖ-ਵੱਖ ਟੀਮਾਂ ਨੇ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ ਅਤੇ ਸੀਨੀਅਰ ਪੁਲਸ ਅਧਿਕਾਰੀ ਆਪ ਮੌਕੇ ’ਤੇ ਮੌਜੂਦ ਰਹੇ।

ਇਹ ਵੀ ਪੜ੍ਹੋ : ਕਪੂਰਥਲਾ ਦੇ ਗੁਰਦੁਆਰਾ ਸਾਹਿਬ 'ਚ ਨਿਹੰਗਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਚੱਲੀਆਂ ਤਲਵਾਰਾਂ

ਪੰਜਾਬ ਪੁਲਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਿਸ ਤਰ੍ਹਾਂ ਦਬਦਬਾ ਬਣਾਇਆ ਹੈ, ਉਸ ਨੂੰ ਸੂਬਾ ਪੁਲਸ ਅਤੇ ਉਸ ਦੇ ਅਧਿਕਾਰੀ ਬਣਾ ਕੇ ਰੱਖਣਾ ਚਾਹੁੰਦੇ ਹਨ। ਦੂਜੇ ਪਾਸੇ ਹਾਲਾਂਕਿ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਵੀ ਚੱਲ ਰਹੀ ਹੈ। ਇਸ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਸੀਨੀਅਰ ਨੇਤਾ ਪੰਜਾਬ ਵਿਚ ਮੌਜੂਦ ਹਨ ਅਤੇ ਜਲੰਧਰ ਪਹੁੰਚ ਰਹੇ ਹਨ। ਇਸ ਨੂੰ ਵੇਖਦੇ ਹੋਏ ਵੀ ਸੁਰੱਖਿਆ ਵਿਵਸਥਾ ਨੂੰ ਹੋਰ ਸਖ਼ਤ ਕੀਤਾ ਗਿਆ ਹੈ ਅਤੇ ਖਾਸ ਤੌਰ ’ਤੇ ਜਲੰਧਰ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਸੁਰੱਖਿਆ ਵਿਵਸਥਾ ਮਜ਼ਬੂਤ ਕੀਤੀ ਗਈ ਹੈ।

ਇਹ ਵੀ ਪੜ੍ਹੋ : ਕਿਸਾਨਾਂ ਨੂੰ ਅਦਾਇਗੀ ਦੇ ਮਾਮਲੇ ’ਚ ਪੰਜਾਬ ਦਾ ਇਹ ਜ਼ਿਲ੍ਹਾ ਰਿਹਾ ਅੱਵਲ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News