ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ''ਵਰਸਿਟੀ ਵਿਖੇ ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਜੀ ਦੇ ਜੀਵਨ ''ਤੇ ਸੈਮੀਨਾਰ ਆਯੋਜਿਤ

Wednesday, Oct 25, 2017 - 06:40 AM (IST)

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ''ਵਰਸਿਟੀ ਵਿਖੇ ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਜੀ ਦੇ ਜੀਵਨ ''ਤੇ ਸੈਮੀਨਾਰ ਆਯੋਜਿਤ

ਫ਼ਤਿਹਗੜ੍ਹ ਸਾਹਿਬ (ਜਗਦੇਵ) - ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਅਧੀਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਵਿਖੇ ਕੋਹਲੂ 'ਚ ਪਰਿਵਾਰ ਸਮੇਤ ਪੀਸ ਕੇ ਕੀਮਾ-ਕੀਮਾ ਕੀਤੇ ਗਏ ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੇ ਜੀਵਨ ਅਤੇ ਯੋਗਦਾਨ ਵਿਸ਼ੇ 'ਤੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਇਸ ਮੌਕੇ ਪ੍ਰੋ. ਬਡੂੰਗਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਮੋਤੀ ਰਾਮ ਮਹਿਰਾ ਅਤੇ ਦੀਵਾਨ ਟੋਡਰ ਮੱਲ ਵਰਗੀਆਂ ਮਹਾਨ ਸ਼ਹਾਦਤਾਂ ਤੇ ਕੁਰਬਾਨੀਆਂ ਦੇਣ ਵਾਲੀਆਂ ਅਦੁੱਤੀ ਸ਼ਖਸੀਅਤਾਂ ਨੂੰ ਨੌਜਵਾਨ ਪੀੜ੍ਹੀ ਤਕ ਪਹੁੰਚਾਉਣ ਦੀ ਜ਼ਰੂਰਤ ਹੈ।
ਇਸ ਮੌਕੇ 'ਵਰਸਿਟੀ ਦੇ ਵਾਈਸ ਚਾਂਸਲਰ ਡਾ. ਸੁਖਦਰਸ਼ਨ ਸਿੰਘ ਖਹਿਰਾ ਨੇ ਕਿਹਾ ਕਿ ਪ੍ਰੋ. ਬਡੂੰਗਰ ਵੱਲੋਂ ਇਸ ਸੈਮੀਨਾਰ ਲਈ ਯੂਨੀਵਰਸਿਟੀ ਦੀ ਚੋਣ ਕਰਨੀ ਬਹੁਤ ਸ਼ਲਾਘਾਯੋਗ ਹੈ। ਮੁੱਖ ਬੁਲਾਰੇ ਵਜੋਂ ਪੁੱਜੇ ਗਿਆਨੀ ਹਰਪਾਲ ਸਿੰਘ ਨੇ ਬਾਬਾ ਮੋਤੀ ਰਾਮ ਮਹਿਰਾ ਅਤੇ ਦੀਵਾਨ ਟੋਡਰ ਮੱਲ ਦੇ ਜੀਵਨ ਅਤੇ ਸ਼ਖ਼ਸੀਅਤ ਬਾਰੇ ਜਿਥੇ ਸੰਖੇਪ 'ਚ ਜਾਣਕਾਰੀ ਦਿੱਤੀ ਉਥੇ ਹੀ ਵਰਲਡ ਯੂਨੀਵਰਸਿਟੀ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਕੁਝ ਹੀ ਸਮੇਂ 'ਚ ਆਪਣੀ ਵਿਲੱਖਣ ਪਛਾਣ ਬਣਾਉਣ 'ਚ ਸਫ਼ਲ ਹੋਈ ਹੈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਦੇ ਵਿਦਿਆਰਥੀ ਗੁਰਪ੍ਰੀਤ ਕੌਰ ਅਤੇ ਯੁੱਧਵੀਰ ਸਿੰਘ ਨੇ ਸੈਮੀਨਾਰ 'ਚ ਉਪਰੋਕਤ ਵਿਸ਼ੇ 'ਤੇ ਪਰਚੇ ਪੇਸ਼ ਕੀਤੇ। ਅੰਤ 'ਚ ਯੂਨੀਵਰਸਿਟੀ ਟਰੱਸਟ ਦੇ ਮੈਂਬਰ ਸਕੱਤਰ ਦਰਬਾਰਾ ਸਿੰਘ ਗੁਰੂ ਨੇ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਟਰੱਸਟ ਯੂਨੀਵਰਸਿਟੀ ਨੂੰ ਹਰ ਕਿਸਮ ਦੀ ਵਿੱਤੀ ਅਤੇ ਅਕਾਦਮਿਕ ਪੱਧਰ ਦੀ ਸਹਾਇਤਾ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਨਿਜੀ ਸਕੱਤਰ ਭਗਵੰਤ ਸਿੰਘ ਧੰਗੇੜਾ, ਸਿੱਖਿਆ ਡਾਇਰੈਕਟਰ ਡਾ. ਜਤਿੰਦਰ ਸਿੰਘ ਸਿੱਧੂ, ਮਹੇਸ਼ਇੰਦਰ ਸਿੰਘ ਗਰੇਵਾਲ, ਬਲਦੇਵ ਸਿੰਘ ਕਾਇਮਪੁਰੀ, ਮੈਂਬਰ ਰਵਿੰਦਰ ਸਿੰਘ ਖਾਲਸਾ, ਅਮਰਜੀਤ ਸਿੰਘ ਸਿੱਧੂ, ਪ੍ਰਿੰਸੀਪਲ ਜੀ. ਐੱਸ. ਲਾਂਬਾ, ਰਜਿਸਟਰਾਰ ਡਾ. ਪ੍ਰਿਤਪਾਲ ਸਿੰਘ, ਡਾ. ਆਰ. ਕੇ. ਸ਼ਰਮਾ, ਡਾ. ਬੀਰ ਬਿਕਰਮ ਸਿੰਘ ਅਤੇ ਵਿਦਿਆਰਥੀ ਮੌਜੂਦ ਸਨ।


Related News