ਸੀਨੀਅਰ IAS ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ CM ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ
Monday, Jan 01, 2024 - 04:17 PM (IST)
ਚੰਡੀਗੜ੍ਹ : ਸੀਨੀਅਰ ਆਈ. ਏ. ਐੱਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ 'ਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰਾ, ਅਸਰਦਾਇਕ, ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣ 'ਤੇ ਜ਼ੋਰ ਦਿੱਤਾ ਜਾਵੇਗਾ। ਵਿਜੋਏ ਕੁਮਾਰ ਸਿੰਘ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਕੜਾਕੇ ਦੀ ਠੰਡ ਤੇ ਧੁੰਦ ਵਿਚਾਲੇ ਨਵੇਂ ਸਾਲ ਦੀ ਸ਼ੁਰੂਆਤ, ਜਾਰੀ ਕੀਤੀ ਗਈ ਹੈ ਚਿਤਾਵਨੀ
ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ। ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਤਹਿਤ ਸਿੱਖਿਆ, ਸਿਹਤ, ਰੁਜ਼ਗਾਰ, ਸਨਅਤੀ ਵਿਕਾਸ ਅਤੇ ਹੋਰ ਸਬੰਧਿਤ ਖੇਤਰਾਂ ਵੱਲ ਵਧੇਰੇ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਨੇ ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਨਿਰਧਾਰਿਤ ਸਮੇਂ ਦੇ ਅੰਦਰ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਆਖਿਆ। ਵਿਜੋਏ ਕੁਮਾਰ ਸਿੰਘ ਨੇ ਅੱਗੇ ਕਿਹਾ ਕਿ ਸਿਵਲ, ਪੁਲਸ ਅਤੇ ਹੋਰ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਜੋ ਸਰਹੱਦੀ ਸੂਬੇ ਦੇ ਵਡੇਰੇ ਹਿੱਤ ਵਿੱਚ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਤਾਰੀਖਾਂ ਨੂੰ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਅਹੁਦਾ ਸੰਭਾਲਣ ਲਈ ਵਧਾਈ ਦੇਣ ਪਹੁੰਚੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਹੋਰ ਵਧੇਰੇ ਮਿਹਨਤ ਤੇ ਸ਼ਿੱਦਤ ਨਾਲ ਕਰਨ ਲਈ ਕਿਹਾ ਤਾਂ ਕਿ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ। ਦੱਸਣਯੋਗ ਹੈ ਕਿ ਵਿਸ਼ੇਸ਼ ਮੁੱਖ ਸਕੱਤਰ ਜੋ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਹਨ, ਨੇ ਸੂਬਾ ਅਤੇ ਕੇਂਦਰ ਸਰਕਾਰਾਂ ਵਿੱਚ ਵੱਖ-ਵੱਖ ਅਹੁਦਿਆਂ ਉਤੇ ਜ਼ਿੰਮੇਵਾਰੀ ਨਿਭਾਈ ਹੈ। ਸਾਲ 1990 ਬੈਚ ਦੇ ਆਈ. ਏ. ਐੱਸ. ਅਧਿਕਾਰੀ ਭਾਰਤ ਸਰਕਾਰ ਵਿੱਚ ਪ੍ਰਸੋਨਲ ਤੇ ਟ੍ਰੇਨਿੰਗ ਵਿਭਾਗ ਵਿੱਚ ਸੰਯੁਕਤ ਸਕੱਤਰ, ਟੈਕਸਟਾਈਲ ਮੰਤਰਾਲੇ ਵਿੱਚ ਵਿਸ਼ੇਸ਼ ਸਕੱਤਰ, ਰੱਖਿਆ ਮੰਤਰਾਲੇ ਦੇ ਸਾਬਕਾ ਸੈਨਿਕਾਂ ਦੀ ਭਲਾਈ ਬਾਰੇ ਵਿਭਾਗ ਵਿੱਚ ਸਕੱਤਰ ਦੇ ਅਹੁਦੇ ਉਤੇ ਕੰਮ ਕੀਤਾ ਹੈ। ਉਨ੍ਹਾਂ ਨੂੰ ਜਨਤਕ ਸੇਵਾ ਪ੍ਰਤੀ ਸਰਗਰਮ ਅਤੇ ਜਵਾਬਦੇਹੀ ਵਾਲੀ ਪਹੁੰਚ ਰੱਖਣ ਵਾਲੇ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8