ਰੇਲਵੇ ਟਰੈਕ ''ਤੇ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ
Thursday, Aug 06, 2026 - 05:26 PM (IST)
ਬਠਿੰਡਾ (ਵਿਜੇ ਵਰਮਾ) : ਬਠਿੰਡਾ-ਬੀਕਾਨੇਰ ਰੇਲਵੇ ਟਰੈਕ 'ਤੇ ਪਿੰਡ ਪਥਰਾਲਾ ਨੇੜੇ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਸੂਚਨਾ ਮਿਲਦਿਆਂ ਹੀ ਸਰਕਾਰੀ ਰੇਲਵੇ ਪੁਲਸ (ਜੀ. ਆਰ. ਪੀ.) ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਜੀ.ਆਰ.ਪੀ. ਅਧਿਕਾਰੀਆਂ ਅਨੁਸਾਰ ਰੇਲਵੇ ਟਰੈਕ 'ਤੇ ਇੱਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਤੁਰੰਤ ਘਟਨਾ ਸਥਾਨ 'ਤੇ ਪਹੁੰਚ ਗਈ। ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ, ਬਠਿੰਡਾ ਦੀ ਮੋਰਚਰੀ ਵਿੱਚ ਭੇਜ ਦਿੱਤਾ ਗਿਆ।
ਪੁਲਸ ਨੇ ਦੱਸਿਆ ਕਿ ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਉਸ ਦੀ ਸ਼ਨਾਖ਼ਤ ਲਈ ਆਸ-ਪਾਸ ਦੇ ਇਲਾਕਿਆਂ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਗੁੰਮਸ਼ੁਦਾ ਵਿਅਕਤੀਆਂ ਦੇ ਰਿਕਾਰਡ ਨਾਲ ਵੀ ਮਿਲਾਨ ਕੀਤਾ ਜਾ ਰਿਹਾ ਹੈ। ਮੁੱਢਲੀ ਜਾਂਚ ਵਿੱਚ ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਨੌਜਵਾਨ ਦੀ ਮੌਤ ਰੇਲਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਹੋਈ, ਇਹ ਖ਼ੁਦਕੁਸ਼ੀ ਦਾ ਮਾਮਲਾ ਹੈ ਜਾਂ ਇਸ ਦੇ ਪਿੱਛੇ ਕੋਈ ਹੋਰ ਕਾਰਨ ਹੈ। ਜੀ. ਆਰ. ਪੀ. ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖ਼ੁਲਾਸਾ ਹੋ ਸਕੇਗਾ।
