ਸੰਗਰੂਰ ਜ਼ਿਲ੍ਹੇ ''ਚ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ
Monday, May 11, 2020 - 06:04 PM (IST)
ਸੰਗਰੂਰ(ਵਿਵੇਕ ਸਿੰਧਵਾਨੀ) - ਕੋਵਿਡ-19 ਦੀ ਮਹਾਂਮਾਰੀ ਦੇ ਸਬੰਧ ਵਿਚ ਪੂਰੇ ਪੰਜਾਬ ਵਿਚ ਕਰਫ਼ਿਊ ਲਗਾਇਆ ਗਿਆ ਹੈ। ਪਰ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਕੁਝ ਛੋਟਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਹੀ ਲੜੀ ਤਹਿਤ ਹੁਣ ਸੇਵਾ ਕੇਂਦਰਾਂ ਨੂੰ ਸ਼ਰਤਾਂ ਤਹਿਤ ਖੋਲ੍ਹ ਦਿੱਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਜਿਸ ਵਿਚ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਬਿਨਾਂ ਅਗੇਤੀ ਪ੍ਰਵਾਨਗੀ ਅਤੇ ਬਾਅਦ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਕੋਵਾ ਐਪ ਜਾਂ dgrpg.punjab.gov.in 'ਤੇ ਪ੍ਰਵਾਨਗੀ ਲੈਣ ਉਪਰੰਤ ਹੀ ਵਿਅਕਤੀ ਸੇਵਾ ਕੇਂਦਰ ਵਿਚ ਜਾ ਸਕਣਗੇ । ਸੇਵਾ ਕੇਂਦਰਾਂ ਵਿਚ ਪੰਜਾਬ ਸਰਕਾਰ ਵੱਲੋਂ ਫੇਜ਼-1 ਵਿਚ ਨਿਰਧਾਰਤ ਕੀਤੀਆਂ 153 ਸੇਵਾਵਾਂ ਤੋਂ ਇਲਾਵਾ ਹੋਰ ਕੋਈ ਸੇਵਾ ਨਹੀਂ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਟਾਈਪ 1 ਸੇਵਾ ਕੇਂਦਰ ਵਿਚ ਕੁੱਲ 5 ਆਪਰੇਟਰ , ਟਾਈਪ 2 ਸੇਵਾ ਕੇਂਦਰਾਂ ਵਿਚ ਕੁੱਲ 3 ਅਪਰੇਟਰ ਅਤੇ ਟਾਈਪ 3 ਸੇਵਾ ਕੇਂਦਰਾਂ ਵਿਚ ਕੁੱਲ 2 ਅਾਪਰੇਟਰ ਹੀ ਤਾਇਨਾਤ ਰਹਿਣਗੇ । ਇਨ੍ਹਾਂ ਆਪਰੇਟਰਾਂ ਦੇ ਸ਼ਨਾਖਤੀ ਕਾਰਡ ਹੀ ਉਨ੍ਹਾਂ ਦੇ ਕਰਫਿਊ ਪਾਸ ਵਜੋਂ ਵਰਤੇ ਜਾ ਸਕਣਗੇ ।
ਉਨ੍ਹਾਂ ਕਿਹਾ ਕਿ ਇਸ ਦੌਰਾਨ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਫ਼ੈਲਾਓ ਨੂੰ ਰੋਕਣ ਲਈ ਸਾਵਧਾਨੀਆਂ ਵਰਤਣਾ ਜ਼ਰੂਰੀ ਹੋਵੇਗਾ। ਸ੍ਰੀ ਥੋਰੀ ਨੇ ਕਿਹਾ ਕਿ ਇਨ੍ਹਾਂ ਸੇਵਾ ਕੇਂਦਰਾਂ ਰਾਹੀਂ ਕੋਈ ਵੀ ਅਜਿਹਾ ਕੰਮ ਨਾ ਕੀਤਾ ਜਾਵੇ ਜਿਸ ਨਾਲ ਕਾਨੂੰਨ ਦੀ ਉਲੰਘਣਾ ਹੋਵੇ । ਸੇਵਾ ਕੇਂਦਰ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੇਂ-ਸਮੇਂ ‘ਤੇ ਜ਼ਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ ਅਤੇ ਇਸ ਦੀ ਉਲੰਘਣਾ ਕਰਨ 'ਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ।