ਇਕ ਦਿਨ ਦਾ ਸੈਸ਼ਨ ਸੱਦ ਕੇ ਮੁੱਖ ਮੰਤਰੀ ਪੰਜਾਬੀਆਂ ਦੇ ਸਵਾਲਾਂ ਦਾ ਸਾਹਮਣਾ ਕਰਨ ਤੋਂ ਨਾ ਭੱਜਣ : ਅਕਾਲੀ ਦਲ
Tuesday, Aug 18, 2020 - 06:18 PM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਸੰਵਿਧਾਨਕ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਸਿਰਫ ਇਕ ਦਿਨ ਦਾ ਵਿਧਾਨ ਸਭਾ ਸੈਸ਼ਨ ਸੱਦ ਕੇ ਪੰਜਾਬੀਆਂ ਵੱਲੋਂ ਪੁੱਛੇ ਜਾ ਰਹੇ ਸਵਾਲਾਂ ਦਾ ਸਾਹਮਣਾ ਕਰਨ ਤੋਂ ਨਾ ਭੱਜਣ ਕਿਉਂਕਿ ਲੋਕ ਲੋਕਤੰਰਤ ਦਾ ਮਖੌਲ ਉਡਾਉਣ ਲਈ ਕਾਂਗਰਸ ਸਰਕਾਰ ਨੂੰ ਲੰਬੇ ਹੱਥੀਂ ਲੈਣਗੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਇਕ ਦਿਨ ਦਾ ਇਜਲਾਸ ਜੋ ਕਿ ਸ਼ਾਇਦ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਵੇਗਾ, ਉਨ੍ਹਾਂ ਲੋਕਾਂ ਲਈ ਭੱਦਾ ਮਜ਼ਾਕ ਹੈ ਜੋ ਸਰਕਾਰ ਤੋਂ ਸਰਕਾਰੀ ਖ਼ਜ਼ਾਨੇ ਦੀ ਲੁੱਟ ਅਤੇ ਹਾਲ ਹੀ ਵਿਚ ਜ਼ਹਿਰੀਲੀ ਸ਼ਰਾਬ ਨਾਲ 130 ਤੋਂ ਵੱਧ ਜਾਨਾਂ ਜਾਣ ਬਾਰੇ ਸਵਾਲਾਂ ਦੇ ਜਵਾਬ ਮੰਗਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸੋਚਦੀ ਹੈ ਕਿ ਅਜਿਹੇ ਕਦਮਾਂ ਨਾਲ ਉਹ ਲੋਕਾਂ ਦੀ ਆਵਾਜ਼ ਦਬਾਅ ਲਵੇਗੀ ਪਰ ਪੰਜਾਬੀ ਚੁੱਪ ਨਹੀਂ ਰਹਿਣਗੇ ਅਤੇ ਇਸ ਲੋਕ ਵਿਰੋਧੀ ਫੈਸਲੇ ਦਾ ਪੁਰਜ਼ੋਰ ਵਿਰੋਧ ਕਰਨਗੇ।
ਇਹ ਵੀ ਪੜ੍ਹੋ : ਜਲੰਧਰ ਦੇ ਫਲਾਈਓਵਰ 'ਤੇ ਵਾਪਰਿਆ ਵੱਡਾ ਹਾਦਸਾ, ਤਸਵੀਰਾਂ 'ਚ ਦੇਖੋ ਭਿਆਨਕ ਦ੍ਰਿਸ਼
ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰ ਨੂੰ ਆਪਣੀਆਂ ਅਸਫਲਤਾਵਾਂ ਦਾ ਜਵਾਬ ਦੇਣਾ ਪਵੇਗਾ ਅਤੇ ਆਪਣੇ ਕੰਮਕਾਜ ਦਾ ਤਰੀਕਾ ਸੁਧਾਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜੇ ਤੱਕ ਇਹ ਨਹੀਂ ਦੱਸਿਆ ਕਿ ਉਹ ਆਪਣੇ ਹੀ ਆਗੂਆਂ ਅਤੇ ਸ਼ਰਾਬ ਫੈਕਟਰੀਆਂ ਦੇ ਮਾਲਕਾਂ ਤੇ ਸ਼ਰਾਬ ਮਾਫੀਆ ਖ਼ਿਲਾਫ਼ ਕੋਈ ਕਦਮ ਕਿਉਂ ਨਹੀਂ ਚੁੱਕ ਰਹੀ ਜਦਕਿ ਇਨ੍ਹਾਂ ਨੇ ਸਰਕਾਰੀ ਖ਼ਜ਼ਾਨੇ ਦਾ 5600 ਕਰੋੜ ਰੁਪਏ ਦਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਕਾਂਗਰਸੀ ਵਿਧਾਇਕਾਂ ਨੂੰ ਨਜਾਇਜ਼ ਸ਼ਰਾਬ ਕਾਰੋਬਾਰ ਕਰਨ ਦੀ ਖੁੱਲ੍ਹ ਕਾਰਨ ਮਾਝਾ ਹਲਕੇ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਦਾ ਦੁਖਾਂਤ ਵਾਪਰਿਆ। ਉਨ੍ਹਾਂ ਕਿਹਾ ਕਿ ਲੋਕ ਜਾਣਨਾ ਚਾਹੁੰਦੇ ਹਨ ਕਿ ਸਰਕਾਰ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਨਿਰਪੱਖ ਜਾਂਚ ਤੋਂ ਕਿਉਂ ਭੱਜ ਰਹੀ ਹੈ?
ਇਹ ਵੀ ਪੜ੍ਹੋ : ਪੰਜਾਬ 'ਚ ਪਰਿਵਾਰਾਂ ਨੂੰ ਉਜਾੜਨ ਲੱਗਾ ਕੋਰੋਨਾ, 6 ਦਿਨਾਂ 'ਚ ਲੁਧਿਆਣਾ ਦੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ