ਅਹਿਮ ਖ਼ਬਰ: ਜਲੰਧਰ ਤੇ ਹੁਸ਼ਿਆਰਪੁਰ ਜ਼ਿਲ੍ਹੇ ''ਚ ਲੱਗ ਗਈਆਂ ਕਈ ਪਾਬੰਦੀਆਂ
Friday, Jan 09, 2026 - 04:36 PM (IST)
ਜਲੰਧਰ (ਧਵਨ)–ਪੰਜਾਬ ਦੇ ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨ ਵੱਲੋਂ ਕਾਨੂੰਨ-ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਬਣਾਈ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ, ਜਿਸ ਤਹਿਤ ਜ਼ਿਲ੍ਹਿਆਂ ਦੇ ਵੱਖ-ਵੱਖ ਇਲਾਕਿਆਂ ਵਿੱਚ ਸਖ਼ਤੀ ਵਧਾ ਦਿੱਤੀ ਗਈ ਹੈ।
ਪੁਲਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਪੁਲਸ ਜਲੰਧਰ ਦੀ ਹੱਦ ਵਿਚ ਕਿਸੇ ਵੀ ਤਰ੍ਹਾਂ ਦੇ ਹਥਿਆਰ ਜਿਵੇਂ ਬੇਸਬਾਲ ਬੈਟ, ਤੇਜ਼ ਹਥਿਆਰ, ਨੋਕੀਲੇ ਹਥਿਆਰ ਜਾਂ ਕੋਈ ਵੀ ਜਾਨਲੇਵਾ ਹਥਿਆਰ ਵਾਹਨ ਵਿਚ ਰੱਖ ਕੇ ਚੱਲਣ ’ਤੇ ਪਾਬੰਦੀ ਲਾ ਦਿੱਤੀ ਹੈ। ਇਸੇ ਤਰ੍ਹਾਂ ਕਮਿਸ਼ਨਰੇਟ ਪੁਲਸ ਜਲੰਧਰ ਦੀ ਹੱਦ ਅੰਦਰ ਕਿਸੇ ਵੀ ਤਰ੍ਹਾਂ ਦਾ ਜਲੂਸ ਕੱਢਣ, ਕਿਸੇ ਪ੍ਰੋਗਰਾਮ/ਜਲੂਸ ਵਿਚ ਹਥਿਆਰ ਲੈ ਕੇ ਚੱਲਣ, 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਨਾਅਰੇਬਾਜ਼ੀ ਕਰਨ ’ਤੇ ਵੀ ਪਾਬੰਦੀ ਲਾਈ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਲੋਹੜੀ ਤੱਕ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
ਪੁਲਸ ਕਮਿਸ਼ਨਰ ਵੱਲੋਂ ਜਾਰੀ ਹੁਕਮ ਤਹਿਤ ਕਮਿਸ਼ਨਰੇਟ ਜਲੰਧਰ ਦੀ ਹੱਦ ਵਿਚ ਆਉਣ ਵਾਲੇ ਸਾਰੇ ਮੈਰਿਜ ਪੈਲੇਸਾਂ/ਹੋਟਲਾਂ ਦੇ ਦਾਅਵਤ ਹਾਲਾਂ, ਵਿਆਹ ਸਮਾਰੋਹਾਂ ਅਤੇ ਹੋਰ ਸਮਾਜਿਕ ਪ੍ਰੋਗਰਾਮਾਂ ਵਿਚ ਆਮ ਜਨਤਾ ਵੱਲੋਂ ਹਥਿਆਰ ਲਿਜਾਣ ’ਤੇ ਪਾਬੰਦੀ ਲਾਈ ਗਈ ਹੈ, ਨਾਲ ਹੀ ਮੈਰਿਜ ਪੈਲੇਸਾਂ ਅਤੇ ਦਾਅਵਤ ਹਾਲਾਂ ਦੇ ਮਾਲਕਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਕੰਪਲੈਕਸਾਂ ਵਿਚ ਸੀ. ਸੀ. ਟੀ. ਵੀ. ਕੈਮਰੇ ਲਾਉਣਾ ਯਕੀਨੀ ਬਣਾਉਣ, ਜਿਸ ਦੀ ਜ਼ਿੰਮੇਵਾਰੀ ਸੰਬੰਧਤ ਮਾਲਕਾਂ ਦੀ ਹੋਵੇਗੀ। ਇਕ ਹੋਰ ਹੁਕਮ ਅਨੁਸਾਰ ਮਕਾਨ ਮਾਲਕ, ਘਰਾਂ ’ਚ ਰਹਿਣ ਵਾਲੇ ਕਿਰਾਏਦਾਰਾਂ ਅਤੇ ਪੀ. ਜੀ. ਮਾਲਕ, ਪੀ. ਜੀ. ਵਿਚ ਰਹਿਣ ਵਾਲਿਆਂ, ਘਰਾਂ ਵਿਚ ਕੰਮ ਕਰਨ ਵਾਲੇ ਨੌਕਰਾਂ ਅਤੇ ਹੋਰ ਕਰਮਚਾਰੀਆਂ ਨੂੰ ਬਿਨਾਂ ਨਜ਼ਦੀਕੀ ਪੰਜਾਬ ਪੁਲਸ ਦੇ ਸਾਂਝ ਕੇਂਦਰ ਵਿਚ ਜਾਣਕਾਰੀ ਦਿੱਤੇ ਨਹੀਂ ਰੱਖਣਗੇ। ਇਕ ਹੋਰ ਨਿਰਦੇਸ਼ ਜ਼ਰੀਏ ਕਮਿਸ਼ਨਰੇਟ ਇਲਾਕੇ ਦੇ ਸਾਰੇ ਪਟਾਕਾ ਨਿਰਮਾਤਾਵਾਂ/ਡੀਲਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪਟਾਕਿਆਂ ਦੇ ਪੈਕੇਟਾਂ ’ਤੇ ਆਵਾਜ਼ ਪੱਧਰ (ਡੈਸੀਬਲ ਵਿਚ) ਹੋਣਾ ਜ਼ਰੂਰੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ: ਅਸਮਾਨੀ ਚੜ੍ਹੇ ਇੱਟਾਂ ਦੇ ਰੇਟ, ਮਹਿੰਗਾ ਕੋਲਾ ਤੇ GST ਨੇ ਭੱਠਾ ਮਾਲਕਾਂ ਦੇ ਉਡਾਏ ਹੋਸ਼
ਸੀ. ਪੀ. ਨੇ ਕਿਹਾ ਕਿ ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਜਾਂ ਸਰਾਂ ਦਾ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਪਛਾਣ ਕੀਤੇ ਬਿਨਾਂ ਠਹਿਰਨ ਦੀ ਇਜਾਜ਼ਤ ਨਹੀਂ ਦੇਵੇਗਾ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰਾਵਾਂ ਵਿਚ ਠਹਿਰਨ ਵਾਲੇ ਹਰੇਕ ਵਿਅਕਤੀ/ਯਾਤਰੀ ਦਾ ਸਮਰੱਥ ਅਧਿਕਾਰੀ ਵੱਲੋਂ ਜਾਰੀ ਕੀਤੇ ਗਏ ਜਾਇਜ਼ ਫੋਟੋ ਪਛਾਣ-ਪੱਤਰ ਦੀ ਸਵੈ-ਤਸਦੀਕਸ਼ੁਦਾ ਫੋਟੋ ਕਾਪੀ ਰਿਕਾਰਡ ਵਜੋਂ ਰੱਖੀ ਜਾਵੇਗੀ। ਇਸ ਦੇ ਨਾਲ ਹੀ ਵਿਅਕਤੀ/ਯਾਤਰੀ ਦਾ ਮੋਬਾਈਲ ਨੰਬਰ ਤਸਦੀਕ ਕੀਤਾ ਜਾਵੇਗਾ ਅਤੇ ਤੈਅ ਪ੍ਰੋਫਾਰਮਾ ਅਨੁਸਾਰ ਰਜਿਸਟਰ ਵਿਚ ਪੂਰਾ ਰਿਕਾਰਡ ਬਣਾ ਕੇ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਲੱਗੀਆਂ ਕਈ ਵੱਡੀਆਂ ਪਾਬੰਦੀਆਂ, 6 ਮਾਰਚ 2026 ਤੱਕ ਲਾਗੂ ਰਹਿਣਗੇ ਹੁਕਮ
ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰਾਵਾਂ ਵਿਚ ਠਹਿਰੇ ਵਿਅਕਤੀਆਂ/ਯਾਤਰੀਆਂ ਨਾਲ ਸੰਬੰਧਤ ਜਾਣਕਾਰੀ ਹਰ ਰੋਜ਼ ਸਵੇਰੇ 10 ਵਜੇ ਸਬੰਧਤ ਥਾਣਾ ਮੁਖੀ (ਐੱਸ. ਐੱਚ. ਓ.) ਨੂੰ ਭੇਜੀ ਜਾਵੇਗੀ। ਇਸ ਤੋਂ ਇਲਾਵਾ ਠਹਿਰੇ ਹੋਏ ਵਿਅਕਤੀਆਂ/ਯਾਤਰੀਆਂ ਦਾ ਰਜਿਸਟਰ ਹਰੇਕ ਸੋਮਵਾਰ ਨੂੰ ਸੰਬੰਧਤ ਥਾਣਾ ਮੁਖੀ ਤੋਂ ਤਸਦੀਕ ਕਰਵਾਇਆ ਜਾਵੇਗਾ ਅਤੇ ਲੋੜ ਪੈਣ ’ਤੇ ਇਹ ਰਿਕਾਰਡ ਪੁਲਸ ਨੂੰ ਉਪਲੱਬਧ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ, ਜਦੋਂ ਵੀ ਕੋਈ ਵਿਦੇਸ਼ੀ ਨਾਗਰਿਕ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਜਾਂ ਸਰਾਂ ਵਿਚ ਠਹਿਰਦਾ ਹੈ, ਤਾਂ ਇਸ ਦੀ ਸੂਚਨਾ ਫਾਰੇਨਰਜ਼ ਰਜਿਸਟ੍ਰੇਸ਼ਨ ਆਫਿਸ, ਦਫ਼ਤਰ ਪੁਲਸ ਕਮਿਸ਼ਨਰ ਜਲੰਧਰ ਨੂੰ ਦੇਣੀ ਲਾਜ਼ਮੀ ਹੋਵੇਗੀ, ਨਾਲ ਹੀ ਹਰੇਕ ਹੋਟਲ/ਰੈਸਟੋਰੈਂਟ/ਮੋਟਲ/ਗੈਸਟ ਹਾਊਸ ਅਤੇ ਸਰਾਂ ਦੇ ਕੋਰੀਡੋਰ, ਲਿਫਟ, ਰਿਸੈਪਸ਼ਨ ਕਾਊਂਟਰ ਅਤੇ ਮੁੱਖ ਐਂਟਰੀ ਗੇਟ ’ਤੇ ਸੀ. ਸੀ. ਟੀ. ਵੀ. ਕੈਮਰੇ ਲਾਏ ਜਾਣਗੇ।
ਇਹ ਵੀ ਪੜ੍ਹੋ-ਪੰਜਾਬ : ਹੱਥਾਂ 'ਚ ਆਟੋਮੈਟਿਕ ਹਥਿਆਰ ਤੇ ਸਾਹਮਣੇ ਪੁਲਸ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ!
ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਹੋਟਲ/ਰੈਸਟੋਰੈਂਟ/ਮੋਟਲ/ਗੈਸਟ ਹਾਊਸ ਜਾਂ ਸਰਾਂ ਵਿਚ ਠਹਿਰਦਾ/ਆਉਂਦਾ ਹੈ, ਜੋ ਕਿਸੇ ਪੁਲਸ ਕੇਸ ਵਿਚ ਲੋੜੀਂਦਾ ਹੋਵੇ ਜਾਂ ਉੱਥੇ ਠਹਿਰੇ/ਆਏ ਕਿਸੇ ਵਿਅਕਤੀ/ਯਾਤਰੀ ਨੂੰ ਕਿਸੇ ਦੂਜੇ ਸੂਬੇ/ਜ਼ਿਲੇ ਦੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਜਾਂਦਾ ਹੈ, ਤਾਂ ਸਬੰਧਤ ਹੋਟਲ/ਰੈਸਟੋਰੈਂਟ/ਮੋਟਲ/ਗੈਸਟ ਹਾਊਸ ਜਾਂ ਸਰਾਂ ਦਾ ਮਾਲਕ/ਪ੍ਰਬੰਧਕ ਤੁਰੰਤ ਇਸ ਦੀ ਸੂਚਨਾ ਸਬੰਧਤ ਥਾਣੇ ਜਾਂ ਪੁਲਸ ਕੰਟਰੋਲ ਰੂਮ ਨੂੰ ਦੇਣ ਦਾ ਜ਼ਿੰਮੇਵਾਰ ਹੋਵੇਗਾ। ਉਪਰੋਕਤ ਸਾਰੇ ਹੁਕਮ 9 ਜਨਵਰੀ ਤੋਂ 8 ਮਾਰਚ 2026 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ-3 ਬੱਚਿਆਂ ਦੀ ਮਾਂ ਨੂੰ ਲੈ ਕੇ ਫਰਾਰ ਹੋਇਆ ਨੌਜਵਾਨ, ਤੈਸ਼ 'ਚ ਆਏ ਰਿਸ਼ਤੇਦਾਰਾਂ ਨੇ ਫੁੱਕ'ਤਾ ਘਰ
ਹੁਸ਼ਿਆਰਪੁਰ 'ਚ ਲੱਗੀਆਂ ਪਾਬੰਦੀਆਂ
ਹੁਸ਼ਿਆਰਪੁਰ (ਘੁੰਮਣ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿਚ ਅਨੁਸਾਰ ਜ਼ਿਲੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ/ਸ਼ਾਦੀਆਂ, ਮੈਰਿਜ ਪੈਲੇਸਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ। ਹਥਿਆਰਾਂ ਦੀ ਜਨਤਕ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹੋਵੇਗੀ ਅਤੇ ਨਾਲ ਹੀ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਵਜਾਉਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਨ੍ਹਾਂ ਹੁਕਮਾਂ ਦੀ ਉਲੰਘਣਾ ਦੀ ਸੂਰਤ ਵਿਚ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਮੈਰਿਜ ਪੈਲੇਸਾਂ ਦੇ ਮਾਲਕ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸਾਂ ਵਿਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਹੀਂ ਕਰੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਨਸ਼ੇ ’ਚ 4 ਕੁੜੀਆਂ ਨੇ ਸੜਕ ’ਤੇ ਕੀਤਾ ਹੰਗਾਮਾ, ਧੀ ਨੂੰ ਵਾਲਾਂ ਤੋਂ ਫੜ ਕੇ ਲਿਜਾਣ ’ਤੇ ਪਿਤਾ ਨੂੰ...
ਇਸੇ ਤਰ੍ਹਾਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਰਾਤ ਸਮੇਂ ਪਿੰਡਾਂ ਵਿਚ ਠੀਕਰੀ ਪਹਿਰਾ ਲਾਇਆ ਜਾਵੇ ਤਾਂ ਜੋ ਭੈੜੇ ਅਨਸਰਾਂ ਵੱਲੋਂ ਕਿਸੇ ਘਟਨਾ ਨੂੰ ਅੰਜ਼ਾਮ ਨਾ ਦਿੱਤਾ ਜਾ ਸਕੇ। ਇਸ ਤੋਂ ਇਲਾਵਾ ਜ਼ਿਲੇ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਰਹੇਗੀ ਕਿਉਂਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ ਪੰਜਾਬ, ਮਿਲਕਫੈੱਡ ਅਤੇ ਕਾਲਜ ਆਫ ਵੈਟਰਨਰੀ ਸਾਇੰਸ, ਗਡਵਾਸੂ ਲੁਧਿਆਣਾ ਦੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ, ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗੀ।
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲੇ ਅੰਦਰ ਬਿਨਾਂ ਐੱਸ.ਡੀ.ਐੱਮਜ਼ ਦੀ ਪ੍ਰਵਾਨਗੀ ਤੋਂ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜ਼ੀ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ਧਾਰ ਚਾਕੂਆਂ ਆਦਿ ਨੂੰ ਲੈ ਕੇ ਚੱਲਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ, ਮੀਟਿੰਗਾਂ ਆਦਿ ’ਤੇ ਲਾਗੂ ਨਹੀਂ ਹੋਵੇਗਾ। ਕੋਈ ਵੀ ਸਿਆਸੀ ਪਾਰਟੀ ਵੱਲੋਂ ਰੈਲੀ-ਜਲਸਾ ਕਰਨ ਤੋਂ ਪਹਿਲਾਂ ਸਬੰਧਤ ਐੱਸ.ਡੀ.ਐੱਮ. ਤੋਂ ਲਿਖਤੀ ਮਨਜ਼ੂਰੀ ਲੈਣੀ ਜ਼ਰੂਰੀ ਹੋਵੇਗੀ। ਇਹ ਸਾਰੇ ਹੁਕਮ 7 ਮਾਰਚ 2026 ਤੱਕ ਲਾਗੂ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
