ਸੀਵਰੇਜ ਨੇ ਦੁਕਾਨਦਾਰਾਂ ਤੇ ਰਾਹਗੀਰਾਂ ਦੇ ਨੱਕ ''ਚ ਕੀਤਾ ਦਮ

Thursday, Jan 04, 2018 - 12:47 PM (IST)


ਸ੍ਰੀ ਮੁਕਤਸਰ ਸਾਹਿਬ (ਪਵਨ) - ਬਦਲ ਰਹੇ ਮੌਸਮ ਨੂੰ ਧਿਆਨ 'ਚ ਰੱਖਦਿਆਂ ਭਾਵੇਂ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਜਿਹੀ ਭਿਆਨਕ ਬੀਮਾਰੀਆਂ ਤੋਂ ਬਚਾਉਣ ਲਈ ਆਪਣੇ ਆਲੇ-ਦੁਆਲੇ ਪੂਰੀ ਸਫ਼ਾਈ ਰੱਖਣ ਤੋਂ ਇਲਾਵਾ ਪਾਣੀ ਇਕੱਠਾ ਨਾ ਹੋਣ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਕੂਲਾਂ ਅਤੇ ਹੋਰ ਜਨਤਕ ਥਾਵਾਂ 'ਤੇ ਸੈਮੀਨਾਰ ਲਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਇੰਝ ਪ੍ਰਤੀਤ ਹੋ ਰਿਹਾ ਹੈ ਜਿਵੇਂ ਜਨ ਸਿਹਤ ਵਿਭਾਗ ਨੇ ਲੋਕਾਂ ਨੂੰ ਮੁਫ਼ਤ 'ਚ ਬੀਮਾਰੀਆਂ ਵੰਡਣ ਦਾ ਠੇਕਾ ਲੈ ਰੱਖਿਆ ਹੈ। 
ਜਿਸ ਦੀ ਮਿਸਾਲ ਬਾਵਾ ਸੰਤ ਸਿੰਘ ਰੋਡ, ਬਿਜਲੀ ਵਾਲਾ ਖੂਹ ਅਤੇ ਗੋਪਾਲ ਸਿੰਘ ਸਟਰੀਟ ਤੋਂ ਦੇਖਣ ਨੂੰ ਮਿਲਦੀ ਹੈ, ਜਿੱਥੇ ਪਿਛਲੇ ਲੰਮੇ ਸਮੇਂ ਤੋਂ ਖੜ੍ਹਦੇ ਸੀਵਰੇਜ ਦੇ ਗੰਦੇ ਪਾਣੀ ਨੇ ਦੁਕਾਨਦਾਰਾਂ ਅਤੇ ਰਾਹਗੀਰਾਂ ਦੇ ਨੱਕ 'ਚ ਦਮ ਕਰ ਕੇ ਰੱਖ ਦਿੱਤਾ ਹੈ, ਉੱਥੇ ਹੀ ਬਾਜ਼ਾਰ ਦੇ ਦੁਕਾਨਦਾਰਾਂ ਦਾ ਕਾਰੋਬਾਰ ਵੀ ਕਾਫ਼ੀ ਪ੍ਰਭਾਵਿਤ ਹੋ ਰਿਹਾ ਹੈ। ਸੜਕ 'ਤੇ ਸਵੇਰ ਸਮੇਂ ਤੋਂ ਹੀ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ 'ਤੇ ਬੈਠਣਾ ਵੀ ਮੁਸ਼ਕਲ ਹੋ ਰਿਹਾ ਹੈ। 

ਬੀਮਾਰੀਆਂ ਫੈਲਣ ਦਾ ਡਰ
ਦੁਕਾਨਦਾਰਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਦੁਕਾਨਾਂ ਅੱਗੇ ਸਵੇਰ ਤੋਂ ਹੀ ਸੀਵਰੇਜ ਦਾ ਪਾਣੀ ਖੜ੍ਹਾ ਰਹਿਣ ਕਾਰਨ ਬਦਬੂ ਆਉਣ ਕਾਰਨ ਜਿੱਥੇ ਉਨ੍ਹਾਂ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ, ਉੱਥੇ ਹੀ ਗੰਦੇ ਪਾਣੀ 'ਚ ਮੱਛਰਾਂ ਦੀ ਭਰਮਾਰ ਹੋਣ ਕਾਰਨ ਹਰ ਸਮੇਂ ਭਿਆਨਕ ਬੀਮਾਰੀਆਂ ਫੈਲਣ ਦਾ ਡਰ ਬਣਿਆ ਰਹਿੰਦਾ ਹੈ। 

ਫਾਕੇ ਕੱਟਣ ਲਈ ਮਜਬੂਰ ਦੁਕਾਨਦਾਰ
ਪ੍ਰਭਾਵਿਤ ਦੁਕਾਨਦਾਰਾਂ ਨੇ ਦੁਖੀ ਮਨ ਨਾਲ ਦੱਸਿਆ ਕਿ ਉਨ੍ਹਾਂ ਦੀਆਂ ਦੁਕਾਨਾਂ ਅੱਗੇ ਹਰ ਵੇਲੇ ਸੀਵਰੇਜ ਦਾ ਪਾਣੀ ਖੜ੍ਹਾ ਹੋਣ ਕਾਰਨ ਗਾਹਕ ਬਾਹਰੋਂ ਹੀ ਮੁੜ ਜਾਂਦਾ ਹੈ, ਜਿਸ ਕਾਰਨ ਦੁਕਾਨਦਾਰ ਫਾਕੇ ਕੱਟਣ ਲਈ ਮਜਬੂਰ ਹਨ। 

ਨਹੀਂ ਹੋ ਰਿਹਾ ਸਮੱਸਿਆ ਦਾ ਹੱਲ
ਦੁਕਾਨਦਾਰਾਂ ਨੇ ਦੱਸਿਆ ਕਿ ਉਹ ਆਪਣੀ ਇਸ ਗੰਭੀਰ ਸਮੱਸਿਆ ਨੂੰ ਲੈ ਕੇ ਅਨੇਕਾਂ ਵਾਰ ਸਬੰਧਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪਰ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ। ਜਦਕਿ ਕਦੇ-ਕਦੇ ਸਫ਼ਾਈ ਮੁਲਾਜ਼ਮ ਸੀਵਰੇਜ ਦੀ ਸਫ਼ਾਈ ਕਰ ਕੇ ਇਕ ਵਾਰ ਤਾਂ ਇਸ ਨੂੰ ਚਾਲੂ ਕਰ ਦਿੰਦੇ ਹਨ ਪਰ ਅਗਲੇ ਹੀ ਦਿਨ ਇਹ ਸਮੱਸਿਆ ਫਿਰ ਦੁਬਾਰਾ ਸ਼ੁਰੂ ਹੋ ਜਾਂਦੀ ਹੈ।


Related News