ਗੁਰੂ ਘਰ ਜਾ ਰਹੇ ਸ਼ਰਧਾਲੂਆਂ ਨਾਲ ਵਾਪਰੇ ਹਾਦਸੇ ਦੇ ਜ਼ਖਮੀਆਂ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਸਹਾਇਤਾ : ਪ੍ਰੋ. ਬਡੂੰਗਰ

Monday, Jun 12, 2017 - 06:06 PM (IST)

ਗੁਰੂ ਘਰ ਜਾ ਰਹੇ ਸ਼ਰਧਾਲੂਆਂ ਨਾਲ ਵਾਪਰੇ ਹਾਦਸੇ ਦੇ ਜ਼ਖਮੀਆਂ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਸਹਾਇਤਾ : ਪ੍ਰੋ. ਬਡੂੰਗਰ

ਅੰਮ੍ਰਿਤਸਰ - ਬੀਤੇ ਕੱਲ ਇਤਿਹਾਸਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਠੱਠਾ (ਤਰਨਤਾਰਨ) ਜਾ ਰਹੇ ਸ਼ਰਧਾਲੂਆਂ ਦਾ ਟਰੱਕ ਹਾਦਸਾਗ੍ਰਸਤ ਹੋ ਜਾਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਅਫਸੋਸ ਪ੍ਰਗਟ ਕਰਦਿਆਂ ਹਾਦਸੇ ਦੇ ਗੰਭੀਰ ਜ਼ਖਮੀਆਂ ਨੂੰ 50 ਹਜ਼ਾਰ ਤੇ ਘੱਟ ਜ਼ਖਮੀਆਂ ਨੂੰ 25 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਗੁਰਦੁਆਰਾ ਸਾਹਿਬ ਜਾ ਰਹੇ ਪਿੰਡ ਜੀਓਬਾਲਾ ਦੇ ਇਨ੍ਹਾਂ ਸ਼ਰਧਾਲੂਆਂ ਦਾ ਟਰੱਕ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਨਾਲ ਲੱਗਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ, ਜਿਸ ਵਿਚ ਸਵਾਰ ਸ਼ਰਧਾਲੂ ਬੁਰੀ ਤਰ੍ਹਾਂ ਝੁਲਸ ਗਏ ਸਨ। ਦਫਤਰ ਤੋਂ ਜਾਰੀ ਬਿਆਨ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਾਦਸੇ ਦੇ ਪੀੜਤਾਂ ਨਾਲ ਉਨ੍ਹਾਂ ਨੂੰ ਹਮਦਰਦੀ ਹੈ ਅਤੇ ਜੇਕਰ ਉਹ ਚਾਹੁਣ ਤਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਤੋਂ ਇਲਾਜ ਕਰਵਾ ਸਕਦੇ ਹਨ, ਜੋ ਬਿਲਕੁਲ ਮੁਫਤ ਕੀਤਾ ਜਾਵੇਗਾ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਬਡੂੰਗਰ ਵੱਲੋਂ ਭੇਜੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂਵਾਲ, ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਗੁ. ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਜਸਪਾਲ ਸਿੰਘ ਤੇ ਗੁ. ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਮੈਨੇਜਰ ਪ੍ਰਤਾਪ ਸਿੰਘ ਨੇ ਅੱਜ ਤਰਨਤਾਰਨ ਸਥਿਤ ਗੁਰੂ ਨਾਨਕ ਦੇਵ ਸੁਪਰਸਪੈਸ਼ਲਿਟੀ ਹਸਪਤਾਲ ਵਿਖੇ ਪੁੱਜ ਕੇ ਗੰਭੀਰ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।


Related News