ਸ਼੍ਰੋਮਣੀ ਕਮੇਟੀ ਧਰਮੀ ਫੌਜੀਆਂ ਦੀ ਸਹਾਇਤਾ ਲਈ ਵਚਨਬੱਧ : ਪ੍ਰੋ. ਬਡੂੰਗਰ

Tuesday, Nov 14, 2017 - 10:33 AM (IST)

ਸ਼੍ਰੋਮਣੀ ਕਮੇਟੀ ਧਰਮੀ ਫੌਜੀਆਂ ਦੀ ਸਹਾਇਤਾ ਲਈ ਵਚਨਬੱਧ : ਪ੍ਰੋ. ਬਡੂੰਗਰ

ਅੰਮ੍ਰਿਤਸਰ (ਦੀਪਕ/ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜੂਨ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਤੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਫੌਜੀ ਹਮਲੇ ਦੌਰਾਨ ਰੋਸ ਵਜੋਂ ਆਪਣੀਆਂ ਬੈਰਕਾਂ ਛੱਡਣ ਵਾਲੇ ਧਰਮੀ ਫੌਜੀਆਂ ਦੀ ਹਰ ਤਰ੍ਹਾਂ ਸਹਾਇਤਾ ਅਤੇ ਮਦਦ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਸਮੇਂ-ਸਮੇਂ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਨ੍ਹਾਂ ਧਰਮੀ ਫੌਜੀਆਂ ਨੂੰ ਨੌਕਰੀਆਂ ਅਤੇ ਸਹਾਇਤਾ ਦਿੱਤੀ ਗਈ ਹੈ। ਜਿਨ੍ਹਾਂ ਧਰਮੀ ਫੌਜੀਆਂ ਨੂੰ ਸਰਕਾਰੀ ਨੌਕਰੀਆਂ ਪ੍ਰਾਪਤ ਨਹੀਂ ਸਨ ਹੋ ਸਕੀਆਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਨੌਕਰੀਆਂ ਦਿੱਤੀਆਂ ਗਈਆਂ ਉਨ੍ਹਾਂ ਦੀ ਗਿਣਤੀ 100 ਤੋਂ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਧਰਮੀ ਫੌਜੀ ਲੰਮੀ ਸੇਵਾ ਤੋਂ ਬਾਅਦ ਸੇਵਾਮੁਕਤ ਵੀ ਹੋ ਚੁੱਕੇ ਹਨ ਪਰ ਕੁਝ ਲੋਕਾਂ ਵੱਲੋਂ ਮਿਲੀਆਂ ਸਹੂਲਤਾਂ ਤੇ ਸਹਾਇਤਾ ਨੂੰ ਦਰਕਿਨਾਰ ਕਰ ਕੇ ਕੀਤੀ ਬਿਆਨਬਾਜ਼ੀ ਸ਼ੋਭਾ ਨਹੀਂ ਦਿੰਦੀ। 
ਪ੍ਰੋ. ਬਡੂੰਗਰ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਯਤਨ ਕੀਤਾ ਹੈ ਕਿ ਕੌਮ ਦੀ ਖਾਤਰ ਸੰਘਰਸ਼ ਕਰਨ ਵਾਲੇ ਲੋਕਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ। ਇਸੇ ਤਹਿਤ ਹੀ ਧਰਮੀ ਫੌਜੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ 'ਤੇ ਵਿਚਾਰ ਕੇ ਉਨ੍ਹਾਂ ਦਾ ਸਰਲੀਕਰਨ ਕਰਨ ਦਾ ਯਤਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਧਰਮੀ ਫੌਜੀਆਂ ਵੱਲੋਂ ਰੱਖੀਆਂ ਗਈਆਂ ਮੰਗਾਂ ਅਤੇ ਦਿੱਤੀ ਗਈ ਸਹਿਮਤੀ ਅਨੁਸਾਰ ਧਰਮੀ ਫੌਜੀਆਂ ਦੇ ਬੱਚਿਆਂ ਨੂੰ ਅੱਗੇ ਤੋਂ ਸ਼੍ਰੋਮਣੀ ਕਮੇਟੀ ਵਿਚ ਨੌਕਰੀ ਲਈ ਆਰਜ਼ੀ ਤੌਰ 'ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਨੂੰ ਹੋਣ ਵਾਲੇ ਇਜਲਾਸ ਵਿਚ ਪ੍ਰਵਾਨਗੀ ਦੇ ਕੇ ਪੱਕੇ ਤੌਰ 'ਤੇ ਲਾਗੂ ਕਰ ਦਿੱਤਾ ਜਾਵੇਗਾ। 
ਇਥੇ ਹੀ ਬੱਸ ਨਹੀਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅੰਮ੍ਰਿਤਸਰ ਵਿਖੇ ਧਰਮੀ ਫੌਜੀਆਂ ਦੀ ਯਾਦਗਾਰ ਬਣਾਉਣ ਦਾ ਵੀ ਫੈਸਲਾ ਕੀਤਾ ਜਾ ਚੁੱਕਾ ਹੈ। ਇਸ ਕਾਰਜ ਲਈ ਧਰਮੀ ਫੌਜੀਆਂ ਨਾਲ ਸਲਾਹ-ਮਸ਼ਵਰਾ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਸਥਾਨ ਨਿਰਧਾਰਤ ਕਰ ਕੇ ਢੁਕਵੀਂ ਯਾਦਗਾਰ ਸਥਾਪਤ ਕਰਨ ਨੂੰ ਅਮਲ ਵਿਚ ਲਿਆਂਦਾ ਜਾਵੇਗਾ। 
ਪ੍ਰੋ. ਬਡੂੰਗਰ ਨੇ ਅੱਗੇ ਕਿਹਾ ਕਿ ਸਮੁੱਚੇ ਧਰਮੀ ਫੌਜੀਆਂ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕ ਵਿਸ਼ੇਸ਼ ਸਮਾਗਮ ਕਰ ਕੇ ਸਨਮਾਨਿਤ ਕਰਨ ਲਈ ਵੀ ਯਤਨ ਜਾਰੀ ਹਨ ਅਤੇ ਇਸ ਸਬੰਧ ਵਿਚ ਧਰਮੀ ਫੌਜੀਆਂ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਦਿੱਤੇ ਗਏ ਸੁਝਾਅ ਅਨੁਸਾਰ ਸਬੰਧਤਾਂ ਦੀ ਜਾਣਕਾਰੀ ਇਕੱਤਰ ਕਰਨ ਲਈ ਫਾਰਮ ਵੰਡੇ ਗਏ ਸਨ, ਜੋ ਅਜੇ ਤਕ ਦਫਤਰ ਵਿਖੇ ਵਾਪਸ ਪ੍ਰਾਪਤ ਨਹੀਂ ਹੋਏ।


Related News