ਐੱਸ. ਜੀ. ਪੀ. ਸੀ. ਦੀ ਚੋਣ ਤੋਂ ਪਹਿਲਾਂ ਸਾਬਕਾ ਪ੍ਰਧਾਨ ਦਾ ਵੱਡਾ ਬਿਆਨ

11/25/2019 6:35:33 PM

ਲੁਧਿਆਣਾ (ਨਰਿੰਦਰ ਮਹਿੰਦਰੂ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਵੱਡਾ ਖੁਲਾਸਾ ਕੀਤਾ ਹੈ। ਐੱਸ. ਜੀ. ਪੀ. ਸੀ. ਦੇ ਸਾਬਕਾ ਪ੍ਰਧਾਨ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਲੋਂ ਜ਼ਮੀਨੀ ਪੱਧਰ 'ਤੇ ਵਰਕਰਾਂ ਨਾਲ ਬੈਠਕਾਂ ਕੀਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਸੁਝਾਅ ਲੈ ਕੇ ਐੱਸ. ਜੀ. ਪੀ. ਸੀ. ਦਾ ਪ੍ਰਧਾਨ ਤੈਅ ਹੁੰਦਾ ਹੈ। 

ਇਸ ਦੇ ਨਾਲ ਮੱਕੜ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਹਾਲਤ ਨੂੰ ਮਜ਼ਬੂਤ ਕਰਨ ਲਈ ਪ੍ਰਧਾਨ ਲਗਾਤਾਰ ਉਪਰਾਲੇ ਕਰ ਰਹੇ ਹਨ। ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਵਰਕਰਾਂ ਅਤੇ ਮੈਂਬਰਾਂ ਨਾਲ ਸਲਾਹ ਮਸ਼ਵਰਾ ਕਰਕੇ ਹੀ ਅਕਾਲੀ ਦਲ ਦੇ ਪ੍ਰਧਾਨ ਫੈਸਲਾ ਲੈਂਦੇ ਹਨ। ਉਨ੍ਹਾਂ ਕਿਹਾ ਇਸ ਨੂੰ ਲੈ ਕੇ ਕੋਰ ਕਮੇਟੀ ਦੀ ਬੈਠਕ ਹੁੰਦੀ ਹੈ। ਬੀਬੀ ਜਗੀਰ ਕੌਰ ਦੇ ਨਾਂ ਪ੍ਰਧਾਨਗੀ ਦੀ ਦੌੜ 'ਚ ਲੈ ਕੇ ਉਨ੍ਹਾਂ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਉਹ ਖੁਦ ਹੁਣ ਇਸ ਦੌੜ ਤੋਂ ਬਾਹਰ ਹਨ ਕਿਉਂਕਿ ਉਨ੍ਹਾਂ ਦੇ ਪਰਿਵਾਰਕ ਹਾਲਾਤ ਠੀਕ ਨਹੀਂ ਹਨ ਅਤੇ ਹੁਣ ਉਹ ਰਾਜਨੀਤੀ 'ਚ ਨਹੀਂ ਆਉਣਾ ਚਾਹੁੰਦੇ। 

ਅਵਤਾਰ ਸਿੰਘ ਮੱਕੜ ਨੇ ਇਸ ਮੌਕੇ ਆਪਣੇ ਤੋਂ ਬਾਅਦ ਬਣੇ ਪ੍ਰਧਾਨਾਂ ਬਾਰੇ ਵੀ ਕੋਈ ਵਿਸ਼ੇਸ਼ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਪਰ ਉਨ੍ਹਾਂ ਕਿਹਾ ਕਿ ਮੈਂਬਰਾਂ ਦੀ ਸਹਿਮਤੀ ਜ਼ਰੂਰੀ ਹੈ ਕਿਉਂਕਿ ਮੈਂਬਰਾਂ ਦੀ ਸਹਿਮਤੀ ਨਾਲ ਹੀ ਪ੍ਰਧਾਨ ਉੱਤਰਦੇ ਹਨ।

Gurminder Singh

This news is Content Editor Gurminder Singh