SGPC ਦੇ ਵੱਡੇ ਫ਼ੈਸਲੇ, ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਵਧਾਇਆ, ਬੰਦੀ ਸਿੰਘਾਂ ਦੀ ਰਿਹਾਈ ਲਈ SC ਨੂੰ ਅਪੀਲ

Wednesday, Apr 16, 2025 - 05:38 PM (IST)

SGPC ਦੇ ਵੱਡੇ ਫ਼ੈਸਲੇ, ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਵਧਾਇਆ, ਬੰਦੀ ਸਿੰਘਾਂ ਦੀ ਰਿਹਾਈ ਲਈ SC ਨੂੰ ਅਪੀਲ

ਜੈਤੋ (ਰਘੂਨੰਦਨ ਪਰਾਸ਼ਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਐਡਵੋਕਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਹੋਈ ਇਕੱਤਰਤਾ ਵਿਚ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਵਿਚ ਕੇਂਦਰ ਸਰਕਾਰ ਵੱਲੋਂ ਅਪਣਾਈ ਜਾ ਰਹੀ ਟਾਲ-ਮਟੋਲ ਦੀ ਨੀਤੀ ਦੀ ਕਰੜੀ ਆਲੋਚਨਾ ਕਰਦਿਆਂ ਇਸ ਵਰਤਾਰੇ ਨੂੰ ਘੱਟਗਿਣਤੀ ਸਿੱਖਾਂ ਨਾਲ ਅਨਿਆਂ ਕਰਾਰ ਦਿੱਤਾ ਗਿਆ। ਇਸ ਸਬੰਧੀ ਇਕ ਵਿਸ਼ੇਸ਼ ਮਤਾ ਪਾਸ ਕਰਕੇ ਮਾਨਯੋਗ ਸੁਪਰੀਮ ਕੋਰਟ ਪਾਸੋਂ ਮੰਗ ਕੀਤੀ ਗਈ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਸਬੰਧੀ ਤੁਰੰਤ ਫੈਸਲਾ ਲੈਣ ਲਈ ਕੇਂਦਰ ਸਰਕਾਰ ਨੂੰ ਆਦੇਸ਼ ਕਰੇ ਤਾਂ ਜੋ 2007 ਤੋਂ ਫਾਂਸੀ ਦੀ ਚੱਕੀ ਵਿਚ ਸਜ਼ਾ ਕੱਟ ਰਹੇ ਰਾਜੋਆਣਾ ਨੂੰ ਇਨਸਾਫ਼ ਮਿਲ ਸਕੇ।     

ਇਹ ਵੀ ਪੜ੍ਹੋ : ਇੰਤਕਾਲਾਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ, ਪੰਜਾਬ 'ਚ ਜਾਰੀ ਹੋਏ ਨਵੇਂ ਹੁਕਮ

ਇਕੱਤਰਤਾ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਉਨ੍ਹਾਂ ਤੱਕ ਇਹ ਸਨੇਹਾ ਪਹੁੰਚਾਇਆ ਹੈ ਕਿ ਸ਼੍ਰੋਮਣੀ ਕਮੇਟੀ ਉਨ੍ਹਾਂ ਸਬੰਧੀ ਪਾਈ ਗਈ ਆਪਣੀ ਪਟੀਸ਼ਨ ਵਾਪਸ ਲਵੇ ਅਤੇ ਕੇਂਦਰ ਸਰਕਾਰ ਨੂੰ ਤੁਰੰਤ ਫੈਸਲਾ ਲੈਣ ਲਈ ਕਿਹਾ ਜਾਵੇ ਕਿਉਂਕਿ ਹੁਣ ਉਹ ਜ਼ਿੰਦਗੀ ਅਤੇ ਮੌਤ ਵਿਚ ਕੋਈ ਫਰਕ ਨਹੀਂ ਸਮਝਦੇ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੇ ਵਿਚਾਰ ਦਾ ਸ਼੍ਰੋਮਣੀ ਕਮੇਟੀ ਸਤਿਕਾਰ ਕਰਦੀ ਹੈ ਅਤੇ ਉਨ੍ਹਾਂ ਵੱਲੋਂ ਲੰਮੇ ਅਰਸੇ ਤੋਂ ਫਾਂਸੀ ਦੀ ਚੱਕੀ ਵਿਚ ਦ੍ਰਿੜ੍ਹਤਾ ਤੇ ਚੜ੍ਹਦੀ ਕਲਾ ਦਾ ਪ੍ਰਗਟਾਵਾ ਕੌਮ ਲਈ ਇਕ ਪ੍ਰੇਰਣਾ ਵਾਂਗ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਨੂੰ ਆਪਣੇ ਫੈਸਲਿਆਂ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ ਅਤੇ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮੇਂ ਕੀਤੇ ਨੋਟੀਫਿਕੇਸ਼ਨ ਨੂੰ ਪੂਰਨ ਰੂਪ ਵਿਚ ਲਾਗੂ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਰਾਜੋਆਣਾ ਦੇ ਮਾਮਲੇ ਵਿਚ ਫੈਸਲਾ ਲੈਣ ਦੀ ਹਿਦਾਇਤ ਨੂੰ ਵੀ ਦਰਕਿਨਾਰ ਨਹੀਂ ਕਰਨਾ ਚਾਹੀਦਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖ਼ਲ ਦੇਣ ਅਤੇ ਵੱਡਾ ਦਿਲ ਦਿਖਾਉਂਦਿਆਂ ਸਿੱਖ ਭਾਵਨਾਵਾਂ ਅਨੁਸਾਰ ਬਲਵੰਤ ਸਿੰਘ ਰਾਜੋਆਣਾ ਸਬੰਧੀ ਫੈਸਲਾ ਕਰਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਬੰਦੀ ਸਿੰਘਾਂ ਦੇ ਮਾਮਲੇ ਵਿਚ ਸਰਕਾਰ ਪਾਸੋਂ ਇਨਸਾਫ਼ ਦੀ ਮੰਗ ਕਰ ਰਹੀ ਹੈ ਨਾ ਕਿ ਭੀਖ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ’ਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਵਾਸਤੇ ਵੀ ਸਮਾਂ ਮੰਗੇਗੀ ਜਿਸ ਲਈ ਸਕੱਤਰ ਪੱਧਰ ਦੇ ਅਧਿਕਾਰੀ ਨੂੰ ਗ੍ਰਹਿ ਮੰਤਰਾਲੇ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ : ਬਿਜਲੀ ਦੇ ਬਿੱਲਾਂ ਨੂੰ ਲੈ ਕੇ ਪੰਜਾਬ ਪਾਵਰਕਾਮ ਵਿਭਾਗ ਦਾ ਵੱਡਾ ਫ਼ੈਸਲਾ, ਜਾਰੀ ਕੀਤੇ ਨਵੇਂ ਹੁਕਮ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਿਯੁਕਤੀ ਤੇ ਸੇਵਾਮੁਕਤੀ ਸਬੰਧੀ ਤੈਅ ਕੀਤੇ ਜਾਣ ਵਾਲੇ ਸੇਵਾ ਨਿਯਮਾਂ ਲਈ ਮੰਗੇ ਗਏ ਸੁਝਾਵਾਂ ਬਾਰੇ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਹੁਣ ਤੱਕ ਵੱਡੀ ਗਿਣਤੀ ਵਿਚ ਸੁਝਾਅ ਪ੍ਰਾਪਤ ਹੋਏ ਹਨ ਅਤੇ ਲਗਾਤਾਰ ਆ ਰਹੇ ਹਨ। ਉਨ੍ਹਾਂ ਇਸ ਨੂੰ ਲੈ ਕੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਇਸ ਸਬੰਧੀ ਵੱਧ ਤੋਂ ਵੱਧ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਭੇਜੇ ਜਾਣ। ਖਾਸ ਕਰਕੇ ਪੰਥ ਦੀਆਂ ਸਿਰਮੌਰ ਜਥੇਬੰਦੀਆਂ ਇਸ ਨੂੰ ਪਹਿਲ ਦੇ ਅਧਾਰ ’ਤੇ ਲੈਣ ਤਾਂ ਜੋ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਸਾਂਝੀ ਰਾਏ ਤੇ ਭਾਵਨਾ ਅਨੁਸਾਰ ਇਕ ਸਰਬ-ਸਾਂਝੀ ਨਿਯਮਾਵਲੀ ਬਣਾਉਣ ਦੇ ਅਮਲ ਨੂੰ ਪੂਰਾ ਕਰ ਸਕੇ। ਉਨ੍ਹਾਂ ਕਿਹਾ ਕਿ ਸੁਝਾਅ ਭੇਜਣ ਦਾ ਸਮਾਂ ਫਿਲਹਾਲ 20 ਅਪ੍ਰੈਲ ਤੱਕ ਰੱਖਿਆ ਗਿਆ ਹੈ ਅਤੇ ਇਸ ਮਗਰੋਂ ਇਕ ਕਮੇਟੀ ਨਿਰਧਾਰਤ ਕਰਕੇ ਪੁੱਜੇ ਸੁਝਾਵਾਂ ਨੂੰ ਵਾਚਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬਹੁਤ ਅਹਿਮ ਕਾਰਜ ਹੈ ਜਿਸ ਲਈ ਦੀਰਘ ਵਿਚਾਰ ਕਰਨੇ ਲੋੜੀਂਦੇ ਹਨ। ਐਡਵੋਕੇਟ ਧਾਮੀ ਨੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸਾਹਿਬਾਨ ਅਤੇ ਵੱਖ-ਵੱਖ ਜ਼ੋਨਾਂ ਵਿਚ ਕਰਵਾਏ ਗਏ ਅੰਮ੍ਰਿਤ ਸੰਚਾਰ ਸਮਾਗਮਾਂ ਵਿਚ ਅੰਮ੍ਰਿਤਪਾਨ ਕਰਕੇ ਗੁਰੂ ਲੜ ਲੱਗਣ ਵਾਲੀਆਂ 13,258 ਸੰਗਤਾਂ ਨੂੰ ਵਧਾਈ ਦਿੰਦਿਆਂ ਇਸ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਦਾ ਵੀ ਐਲਾਨ ਕੀਤਾ। 

ਇਹ ਵੀ ਪੜ੍ਹੋ : ਕੈਨੇਡਾ ਵਿਚ ਵੱਡਾ ਨਾਂ ਬਣੇ ਉੱਘੇ ਕਾਰੋਬਾਰੀ ਜਸ ਬਰਾੜ ਦੀ ਮੌਤ

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਸਬੰਧੀ 18 ਅਪ੍ਰੈਲ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਅੰਮ੍ਰਿਤਸਰ ਤੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਇਸ ਨੂੰ ਸਮਰਪਿਤ ਵੱਖ-ਵੱਖ ਥਾਵਾਂ ਉੱਤੇ ਗੁਰਮਤਿ ਸਮਾਗਮ, ਅੰਮ੍ਰਿਤ ਸੰਚਾਰ, ਨਗਰ ਕੀਰਤਨ ਅਤੇ ਸੈਮੀਨਾਰ ਆਦਿ ਕਰਵਾਉਣ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਬਜਟ ਵਿਚ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ। ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ 4 ਫੀਸਦੀ ਦਾ ਵਾਧਾ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਰਣਧੀਰ ਸਿੰਘ ਚੀਮਾ ਅਤੇ ਨਿਹੰਗ ਜਥੇਬੰਦੀ ਗੁਰੂ ਨਾਨਕ ਦਲ ਮੜੀਆਂ ਵਾਲਾ ਦੇ ਮੁਖੀ ਬਾਬਾ ਮਾਨ ਸਿੰਘ ਦੇ ਅਕਾਲ ਚਲਾਣੇ ’ਤੇ ਸ਼ੋਕ ਮਤਾ ਕਰਕੇ ਸ਼ਰਧਾਜਲੀ ਦਿੱਤੀ ਗਈ। ਇਕੱਤਰਤਾ ’ਚ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਖ਼ਾਲਸਾ, ਸੁਰਜੀਤ ਸਿੰਘ ਗੜ੍ਹੀ, ਬਲਦੇਵ ਸਿੰਘ ਕਾਇਮਪੁਰ, ਸੁਖਹਰਪ੍ਰੀਤ ਸਿੰਘ ਰੋਡੇ, ਜਸਵੰਤ ਸਿੰਘ ਪੁੜੈਣ, ਪਰਮਜੀਤ ਸਿੰਘ ਰਾਏਪੁਰ, ਮੈਂਬਰ ਬਲਜੀਤ ਸਿੰਘ ਜਲਾਲਉਸਮਾਂ, ਗੁਰਨਾਮ ਸਿੰਘ ਜੱਸਲ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ, ਐਕਸੀਅਨ ਜਤਿੰਦਰ ਸਿੰਘ ਆਦਿ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ ਵਿਚ 18, 19, 20 ਤਾਰੀਖ਼ ਦੀ ਛੁੱਟੀ, ਲੱਗੀਆਂ ਮੌਜਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News